page 551
-
ਸਲੋਕ ਮਃ ੩ ॥ ਕਰਮ ਧਰਮ ਸਭਿ ਬੰਧਨਾ ਪਾਪ ਪੁੰਨ ਸਨਬੰਧੁ ॥ ਮਮਤਾ ਮੋਹੁ ਸੁ ਬੰਧਨਾ ਪੁਤ੍ਰ ਕਲਤ੍ਰ ਸੁ ਧੰਧੁ ॥ ਜਹ ਦੇਖਾ ਤਹ ਜੇਵਰੀ ਮਾਇਆ ਕਾ ਸਨਬੰਧੁ ॥ ਨਾਨਕ ਸਚੇ ਨਾਮ ਬਿਨੁ ਵਰਤਣਿ ਵਰਤੈ ਅੰਧੁ ॥੧॥
-
ਮਃ ੪ ॥ ਅੰਧੇ ਚਾਨਣੁ ਤਾ ਥੀਐ ਜਾ ਸਤਿਗੁਰੁ ਮਿਲੈ ਰਜਾਇ ॥ ਬੰਧਨ ਤੋੜੈ ਸਚਿ ਵਸੈ ਅਗਿਆਨੁ ਅਧੇਰਾ ਜਾਇ ॥ ਸਭੁ ਕਿਛੁ ਦੇਖੈ ਤਿਸੈ ਕਾ ਜਿਨਿ ਕੀਆ ਤਨੁ ਸਾਜਿ ॥ ਨਾਨਕ ਸਰਣਿ ਕਰਤਾਰ ਕੀ ਕਰਤਾ ਰਾਖੈ ਲਾਜ ॥੨॥
-
ਪਉੜੀ ॥ ਜਦਹੁ ਆਪੇ ਥਾਟੁ ਕੀਆ ਬਹਿ ਕਰਤੈ ਤਦਹੁ ਪੁਛਿ ਨ ਸੇਵਕੁ ਬੀਆ ॥ ਤਦਹੁ ਕਿਆ ਕੋ ਲੇਵੈ ਕਿਆ ਕੋ ਦੇਵੈ ਜਾਂ ਅਵਰੁ ਨ ਦੂਜਾ ਕੀਆ ॥ ਫਿਰਿ ਆਪੇ ਜਗਤੁ ਉਪਾਇਆ ਕਰਤੈ ਦਾਨੁ ਸਭਨਾ ਕਉ ਦੀਆ ॥ ਆਪੇ ਸੇਵ ਬਣਾਈਅਨੁ ਗੁਰਮੁਖਿ ਆਪੇ ਅੰਮ੍ਰਿਤੁ ਪੀਆ ॥ ਆਪਿ ਨਿਰੰਕਾਰ ਆਕਾਰੁ ਹੈ ਆਪੇ ਆਪੇ ਕਰੈ ਸੁ ਥੀਆ ॥੭॥
-
ਸਲੋਕ ਮਃ ੩ ॥ ਗੁਰਮੁਖਿ ਪ੍ਰਭੁ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥ ਸਦਾ ਅਨੰਦਿ ਗਾਵਹਿ ਗੁਣ ਸਾਚੇ ਅਰਧਿ ਉਰਧਿ ਉਰਿ ਧਾਰਿ ॥ ਅੰਤਰਿ ਪ੍ਰੀਤਮੁ ਵਸਿਆ ਧੁਰਿ ਕਰਮੁ ਲਿਖਿਆ ਕਰਤਾਰਿ ॥ ਨਾਨਕ ਆਪਿ ਮਿਲਾਇਅਨੁ ਆਪੇ ਕਿਰਪਾ ਧਾਰਿ ॥੧॥
-
ਮਃ ੩ ॥ ਕਹਿਐ ਕਥਿਐ ਨ ਪਾਈਐ ਅਨਦਿਨੁ ਰਹੈ ਸਦਾ ਗੁਣ ਗਾਇ ॥ ਵਿਣੁ ਕਰਮੈ ਕਿਨੈ ਨ ਪਾਇਓ ਭਉਕਿ ਮੁਏ ਬਿਲਲਾਇ ॥ ਗੁਰ ਕੈ ਸਬਦਿ ਮਨੁ ਤਨੁ ਭਿਜੈ ਆਪਿ ਵਸੈ ਮਨਿ ਆਇ ॥ ਨਾਨਕ ਨਦਰੀ ਪਾਈਐ ਆਪੇ ਲਏ ਮਿਲਾਇ ॥੨॥
-
ਪਉੜੀ ॥ ਆਪੇ ਵੇਦ ਪੁਰਾਣ ਸਭਿ ਸਾਸਤ ਆਪਿ ਕਥੈ ਆਪਿ ਭੀਜੈ ॥ ਆਪੇ ਹੀ ਬਹਿ ਪੂਜੇ ਕਰਤਾ ਆਪਿ ਪਰਪੰਚੁ ਕਰੀਜੈ ॥ ਆਪਿ ਪਰਵਿਰਤਿ ਆਪਿ ਨਿਰਵਿਰਤੀ ਆਪੇ ਅਕਥੁ ਕਥੀਜੈ ॥ ਆਪੇ ਪੁੰਨੁ ਸਭੁ ਆਪਿ ਕਰਾਏ ਆਪਿ ਅਲਿਪਤੁ ਵਰਤੀਜੈ ॥ ਆਪੇ ਸੁਖੁ ਦੁਖੁ ਦੇਵੈ ਕਰਤਾ ਆਪੇ ਬਖਸ ਕਰੀਜੈ ॥੮॥
-
ਸਲੋਕ ਮਃ ੩ ॥ ਸੇਖਾ ਅੰਦਰਹੁ ਜੋਰੁ ਛਡਿ ਤੂ ਭਉ ਕਰਿ ਝਲੁ ਗਵਾਇ ॥ ਗੁਰ ਕੈ ਭੈ ਕੇਤੇ ਨਿਸਤਰੇ ਭੈ ਵਿਚਿ ਨਿਰਭਉ ਪਾਇ ॥ ਮਨੁ ਕਠੋਰੁ ਸਬਦਿ ਭੇਦਿ ਤੂੰ ਸਾਂਤਿ ਵਸੈ ਮਨਿ ਆਇ ॥ ਸਾਂਤੀ ਵਿਚਿ ਕਾਰ ਕਮਾਵਣੀ ਸਾ ਖਸਮੁ ਪਾਏ ਥਾਇ ॥ ਨਾਨਕ ਕਾਮਿ ਕ੍ਰੋਧਿ ਕਿਨੈ ਨ ਪਾਇਓ ਪੁਛਹੁ ਗਿਆਨੀ ਜਾਇ ॥੧॥


