ਮਾਝ ਮਹਲਾ ੩ ॥ ਸਤਿਗੁਰੁ ਸੇਵਿਐ ਵਡੀ ਵਡਿਆਈ ॥ ਹਰਿ ਜੀ ਅਚਿੰਤੁ ਵਸੈ ਮਨਿ ਆਈ ॥ ਹਰਿ ਜੀਉ ਸਫਲਿਓ ਬਿਰਖੁ ਹੈ ਅੰਮ੍ਰਿਤੁ ਜਿਨਿ ਪੀਤਾ ਤਿਸੁ ਤਿਖਾ ਲਹਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਸਚੁ ਸੰਗਤਿ ਮੇਲਿ ਮਿਲਾਵਣਿਆ ॥ ਹਰਿ ਸਤਸੰਗਤਿ ਆਪੇ ਮੇਲੈ ਗੁਰ ਸਬਦੀ ਹਰਿ ਗੁਣ ਗਾਵਣਿਆ ॥੧॥ ਰਹਾਉ ॥ ਸਤਿਗੁਰੁ ਸੇਵੀ ਸਬਦਿ ਸੁਹਾਇਆ ॥ ਜਿਨਿ ਹਰਿ ਕਾ ਨਾਮੁ ਮੰਨਿ ਵਸਾਇਆ ॥ ਹਰਿ ਨਿਰਮਲੁ ਹਉਮੈ ਮੈਲੁ ਗਵਾਏ ਦਰਿ ਸਚੈ ਸੋਭਾ ਪਾਵਣਿਆ ॥੨॥ ਬਿਨੁ ਗੁਰ ਨਾਮੁ ਨ ਪਾਇਆ ਜਾਇ ॥ ਸਿਧ ਸਾਧਿਕ ਰਹੇ ਬਿਲਲਾਇ ॥ ਬਿਨੁ ਗੁਰ ਸੇਵੇ ਸੁਖੁ ਨ ਹੋਵੀ ਪੂਰੈ ਭਾਗਿ ਗੁਰੁ ਪਾਵਣਿਆ ॥੩॥ ਇਹੁ ਮਨੁ ਆਰਸੀ ਕੋਈ ਗੁਰਮੁਖਿ ਵੇਖੈ ॥ ਮੋਰਚਾ ਨ ਲਾਗੈ ਜਾ ਹਉਮੈ ਸੋਖੈ ॥ ਅਨਹਤ ਬਾਣੀ ਨਿਰਮਲ ਸਬਦੁ ਵਜਾਏ ਗੁਰ ਸਬਦੀ ਸਚਿ ਸਮਾਵਣਿਆ ॥੪॥ ਬਿਨੁ ਸਤਿਗੁਰ ਕਿਹੁ ਨ ਦੇਖਿਆ ਜਾਇ ॥ ਗੁਰਿ ਕਿਰਪਾ ਕਰਿ ਆਪੁ ਦਿਤਾ ਦਿਖਾਇ ॥ ਆਪੇ ਆਪਿ ਆਪਿ ਮਿਲਿ ਰਹਿਆ ਸਹਜੇ ਸਹਜਿ ਸਮਾਵਣਿਆ ॥੫॥ ਗੁਰਮੁਖਿ ਹੋਵੈ ਸੁ ਇਕਸੁ ਸਿਉ ਲਿਵ ਲਾਏ ॥ ਦੂਜਾ ਭਰਮੁ ਗੁਰ ਸਬਦਿ ਜਲਾਏ ॥ ਕਾਇਆ ਅੰਦਰਿ ਵਣਜੁ ਕਰੇ ਵਾਪਾਰਾ ਨਾਮੁ ਨਿਧਾਨੁ ਸਚੁ ਪਾਵਣਿਆ ॥੬॥ ਗੁਰਮੁਖਿ ਕਰਣੀ ਹਰਿ ਕੀਰਤਿ ਸਾਰੁ ॥ ਗੁਰਮੁਖਿ ਪਾਏ ਮੋਖ ਦੁਆਰੁ ॥ ਅਨਦਿਨੁ ਰੰਗਿ ਰਤਾ ਗੁਣ ਗਾਵੈ ਅੰਦਰਿ ਮਹਲਿ ਬੁਲਾਵਣਿਆ ॥੭॥ ਸਤਿਗੁਰੁ ਦਾਤਾ ਮਿਲੈ ਮਿਲਾਇਆ ॥ ਪੂਰੈ ਭਾਗਿ ਮਨਿ ਸਬਦੁ ਵਸਾਇਆ ॥ ਨਾਨਕ ਨਾਮੁ ਮਿਲੈ ਵਡਿਆਈ ਹਰਿ ਸਚੇ ਕੇ ਗੁਣ ਗਾਵਣਿਆ ॥੮॥੯॥੧੦॥
Scroll