ਭੈਰਉ ਮਹਲਾ ੫ ਅਸਟਪਦੀਆ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਜਿਸੁ ਨਾਮੁ ਰਿਦੈ ਸੋਈ ਵਡ ਰਾਜਾ ॥ ਜਿਸੁ ਨਾਮੁ ਰਿਦੈ ਤਿਸੁ ਪੂਰੇ ਕਾਜਾ ॥ ਜਿਸੁ ਨਾਮੁ ਰਿਦੈ ਤਿਨਿ ਕੋਟਿ ਧਨ ਪਾਏ ॥ ਨਾਮ ਬਿਨਾ ਜਨਮੁ ਬਿਰਥਾ ਜਾਏ ॥੧॥ ਤਿਸੁ ਸਾਲਾਹੀ ਜਿਸੁ ਹਰਿ ਧਨੁ ਰਾਸਿ ॥ ਸੋ ਵਡਭਾਗੀ ਜਿਸੁ ਗੁਰ ਮਸਤਕਿ ਹਾਥੁ ॥੧॥ ਰਹਾਉ ॥ ਜਿਸੁ ਨਾਮੁ ਰਿਦੈ ਤਿਸੁ ਕੋਟ ਕਈ ਸੈਨਾ ॥ ਜਿਸੁ ਨਾਮੁ ਰਿਦੈ ਤਿਸੁ ਸਹਜ ਸੁਖੈਨਾ ॥ ਜਿਸੁ ਨਾਮੁ ਰਿਦੈ ਸੋ ਸੀਤਲੁ ਹੂਆ ॥ ਨਾਮ ਬਿਨਾ ਧ੍ਰਿਗੁ ਜੀਵਣੁ ਮੂਆ ॥੨॥ ਜਿਸੁ ਨਾਮੁ ਰਿਦੈ ਸੋ ਜੀਵਨ ਮੁਕਤਾ ॥ ਜਿਸੁ ਨਾਮੁ ਰਿਦੈ ਤਿਸੁ ਸਭ ਹੀ ਜੁਗਤਾ ॥ ਜਿਸੁ ਨਾਮੁ ਰਿਦੈ ਤਿਨਿ ਨਉ ਨਿਧਿ ਪਾਈ ॥ ਨਾਮ ਬਿਨਾ ਭ੍ਰਮਿ ਆਵੈ ਜਾਈ ॥੩॥ ਜਿਸੁ ਨਾਮੁ ਰਿਦੈ ਸੋ ਵੇਪਰਵਾਹਾ ॥ ਜਿਸੁ ਨਾਮੁ ਰਿਦੈ ਤਿਸੁ ਸਦ ਹੀ ਲਾਹਾ ॥ ਜਿਸੁ ਨਾਮੁ ਰਿਦੈ ਤਿਸੁ ਵਡ ਪਰਵਾਰਾ ॥ ਨਾਮ ਬਿਨਾ ਮਨਮੁਖ ਗਾਵਾਰਾ ॥੪॥ਜਿਸੁ ਨਾਮੁ ਰਿਦੈ ਤਿਸੁ ਨਿਹਚਲ ਆਸਨੁ ॥ ਜਿਸੁ ਨਾਮੁ ਰਿਦੈ ਤਿਸੁ ਤਖਤਿ ਨਿਵਾਸਨੁ ॥ ਜਿਸੁ ਨਾਮੁ ਰਿਦੈ ਸੋ ਸਾਚਾ ਸਾਹੁ ॥ ਨਾਮਹੀਣ ਨਾਹੀ ਪਤਿ ਵੇਸਾਹੁ ॥੫॥ ਜਿਸੁ ਨਾਮੁ ਰਿਦੈ ਸੋ ਸਭ ਮਹਿ ਜਾਤਾ ॥ ਜਿਸੁ ਨਾਮੁ ਰਿਦੈ ਸੋ ਪੁਰਖੁ ਬਿਧਾਤਾ ॥ ਜਿਸੁ ਨਾਮੁ ਰਿਦੈ ਸੋ ਸਭ ਤੇ ਊਚਾ ॥ ਨਾਮ ਬਿਨਾ ਭ੍ਰਮਿ ਜੋਨੀ ਮੂਚਾ ॥੬॥ ਜਿਸੁ ਨਾਮੁ ਰਿਦੈ ਤਿਸੁ ਪ੍ਰਗਟਿ ਪਹਾਰਾ ॥ ਜਿਸੁ ਨਾਮੁ ਰਿਦੈ ਤਿਸੁ ਮਿਟਿਆ ਅੰਧਾਰਾ ॥ ਜਿਸੁ ਨਾਮੁ ਰਿਦੈ ਸੋ ਪੁਰਖੁ ਪਰਵਾਣੁ ॥ ਨਾਮ ਬਿਨਾ ਫਿਰਿ ਆਵਣ ਜਾਣੁ ॥੭॥ ਤਿਨਿ ਨਾਮੁ ਪਾਇਆ ਜਿਸੁ ਭਇਓ ਕ੍ਰਿਪਾਲ ॥ ਸਾਧਸੰਗਤਿ ਮਹਿ ਲਖੇ ਗਪਾਲ ॥ ਆਵਣ ਜਾਣ ਰਹੇ ਸੁਖੁ ਪਾਇਆ ॥ ਕਹੁ ਨਾਨਕ ਤਤੈ ਤਤੁ ਮਿਲਾਇਆ ॥੮॥੧॥੪॥
Scroll