ਗਉੜੀ ਮਹਲਾ ੩ ॥ ਮਾਇਆ ਸਰੁ ਸਬਲੁ ਵਰਤੈ ਜੀਉ ਕਿਉ ਕਰਿ ਦੁਤਰੁ ਤਰਿਆ ਜਾਇ ॥ ਰਾਮ ਨਾਮੁ ਕਰਿ ਬੋਹਿਥਾ ਜੀਉ ਸਬਦੁ ਖੇਵਟੁ ਵਿਚਿ ਪਾਇ ॥ ਸਬਦੁ ਖੇਵਟੁ ਵਿਚਿ ਪਾਏ ਹਰਿ ਆਪਿ ਲਘਾਏ ਇਨ ਬਿਧਿ ਦੁਤਰੁ ਤਰੀਐ ॥ ਗੁਰਮੁਖਿ ਭਗਤਿ ਪਰਾਪਤਿ ਹੋਵੈ ਜੀਵਤਿਆ ਇਉ ਮਰੀਐ ॥ ਖਿਨ ਮਹਿ ਰਾਮ ਨਾਮਿ ਕਿਲਵਿਖ ਕਾਟੇ ਭਏ ਪਵਿਤੁ ਸਰੀਰਾ ॥ ਨਾਨਕ ਰਾਮ ਨਾਮਿ ਨਿਸਤਾਰਾ ਕੰਚਨ ਭਏ ਮਨੂਰਾ ॥੧॥ ਇਸਤਰੀ ਪੁਰਖ ਕਾਮਿ ਵਿਆਪੇ ਜੀਉ ਰਾਮ ਨਾਮ ਕੀ ਬਿਧਿ ਨਹੀ ਜਾਣੀ ॥ ਮਾਤ ਪਿਤਾ ਸੁਤ ਭਾਈ ਖਰੇ ਪਿਆਰੇ ਜੀਉ ਡੂਬਿ ਮੁਏ ਬਿਨੁ ਪਾਣੀ ॥ ਡੂਬਿ ਮੁਏ ਬਿਨੁ ਪਾਣੀ ਗਤਿ ਨਹੀ ਜਾਣੀ ਹਉਮੈ ਧਾਤੁ ਸੰਸਾਰੇ ॥ ਜੋ ਆਇਆ ਸੋ ਸਭੁ ਕੋ ਜਾਸੀ ਉਬਰੇ ਗੁਰ ਵੀਚਾਰੇ ॥ ਗੁਰਮੁਖਿ ਹੋਵੈ ਰਾਮ ਨਾਮੁ ਵਖਾਣੈ ਆਪਿ ਤਰੈ ਕੁਲ ਤਾਰੇ ॥ ਨਾਨਕ ਨਾਮੁ ਵਸੈ ਘਟ ਅੰਤਰਿ ਗੁਰਮਤਿ ਮਿਲੇ ਪਿਆਰੇ ॥੨॥ ਰਾਮ ਨਾਮ ਬਿਨੁ ਕੋ ਥਿਰੁ ਨਾਹੀ ਜੀਉ ਬਾਜੀ ਹੈ ਸੰਸਾਰਾ ॥ ਦ੍ਰਿੜੁ ਭਗਤਿ ਸਚੀ ਜੀਉ ਰਾਮ ਨਾਮੁ ਵਾਪਾਰਾ ॥ ਰਾਮ ਨਾਮੁ ਵਾਪਾਰਾ ਅਗਮ ਅਪਾਰਾ ਗੁਰਮਤੀ ਧਨੁ ਪਾਈਐ ॥ ਸੇਵਾ ਸੁਰਤਿ ਭਗਤਿ ਇਹ ਸਾਚੀ ਵਿਚਹੁ ਆਪੁ ਗਵਾਈਐ ॥ ਹਮ ਮਤਿ ਹੀਣ ਮੂਰਖ ਮੁਗਧ ਅੰਧੇ ਸਤਿਗੁਰਿ ਮਾਰਗਿ ਪਾਏ ॥ ਨਾਨਕ ਗੁਰਮੁਖਿ ਸਬਦਿ ਸੁਹਾਵੇ ਅਨਦਿਨੁ ਹਰਿ ਗੁਣ ਗਾਏ ॥੩॥ ਆਪਿ ਕਰਾਏ ਕਰੇ ਆਪਿ ਜੀਉ ਆਪੇ ਸਬਦਿ ਸਵਾਰੇ ॥ ਆਪੇ ਸਤਿਗੁਰੁ ਆਪਿ ਸਬਦੁ ਜੀਉ ਜੁਗੁ ਜੁਗੁ ਭਗਤ ਪਿਆਰੇ ॥ ਜੁਗੁ ਜੁਗੁ ਭਗਤ ਪਿਆਰੇ ਹਰਿ ਆਪਿ ਸਵਾਰੇ ਆਪੇ ਭਗਤੀ ਲਾਏ ॥ ਆਪੇ ਦਾਨਾ ਆਪੇ ਬੀਨਾ ਆਪੇ ਸੇਵ ਕਰਾਏ ॥ ਆਪੇ ਗੁਣਦਾਤਾ ਅਵਗੁਣ ਕਾਟੇ ਹਿਰਦੈ ਨਾਮੁ ਵਸਾਏ ॥ ਨਾਨਕ ਸਦ ਬਲਿਹਾਰੀ ਸਚੇ ਵਿਟਹੁ ਆਪੇ ਕਰੇ ਕਰਾਏ ॥੪॥੪॥
Scroll