ਗਉੜੀ ਮਹਲਾ ੩ ॥ ਗੁਰ ਕੀ ਸੇਵਾ ਕਰਿ ਪਿਰਾ ਜੀਉ ਹਰਿ ਨਾਮੁ ਧਿਆਏ ॥ ਮੰਞਹੁ ਦੂਰਿ ਨ ਜਾਹਿ ਪਿਰਾ ਜੀਉ ਘਰਿ ਬੈਠਿਆ ਹਰਿ ਪਾਏ ॥ ਘਰਿ ਬੈਠਿਆ ਹਰਿ ਪਾਏ ਸਦਾ ਚਿਤੁ ਲਾਏ ਸਹਜੇ ਸਤਿ ਸੁਭਾਏ ॥ ਗੁਰ ਕੀ ਸੇਵਾ ਖਰੀ ਸੁਖਾਲੀ ਜਿਸ ਨੋ ਆਪਿ ਕਰਾਏ ॥ ਨਾਮੋ ਬੀਜੇ ਨਾਮੋ ਜੰਮੈ ਨਾਮੋ ਮੰਨਿ ਵਸਾਏ ॥ ਨਾਨਕ ਸਚਿ ਨਾਮਿ ਵਡਿਆਈ ਪੂਰਬਿ ਲਿਖਿਆ ਪਾਏ ॥੧॥ ਹਰਿ ਕਾ ਨਾਮੁ ਮੀਠਾ ਪਿਰਾ ਜੀਉ ਜਾ ਚਾਖਹਿ ਚਿਤੁ ਲਾਏ ॥ ਰਸਨਾ ਹਰਿ ਰਸੁ ਚਾਖੁ ਮੁਯੇ ਜੀਉ ਅਨ ਰਸ ਸਾਦ ਗਵਾਏ ॥ ਸਦਾ ਹਰਿ ਰਸੁ ਪਾਏ ਜਾ ਹਰਿ ਭਾਏ ਰਸਨਾ ਸਬਦਿ ਸੁਹਾਏ ॥ ਨਾਮੁ ਧਿਆਏ ਸਦਾ ਸੁਖੁ ਪਾਏ ਨਾਮਿ ਰਹੈ ਲਿਵ ਲਾਏ ॥ ਨਾਮੇ ਉਪਜੈ ਨਾਮੇ ਬਿਨਸੈ ਨਾਮੇ ਸਚਿ ਸਮਾਏ ॥ ਨਾਨਕ ਨਾਮੁ ਗੁਰਮਤੀ ਪਾਈਐ ਆਪੇ ਲਏ ਲਵਾਏ ॥੨॥ ਏਹ ਵਿਡਾਣੀ ਚਾਕਰੀ ਪਿਰਾ ਜੀਉ ਧਨ ਛੋਡਿ ਪਰਦੇਸਿ ਸਿਧਾਏ ॥ ਦੂਜੈ ਕਿਨੈ ਸੁਖੁ ਨ ਪਾਇਓ ਪਿਰਾ ਜੀਉ ਬਿਖਿਆ ਲੋਭਿ ਲੁਭਾਏ ॥ ਬਿਖਿਆ ਲੋਭਿ ਲੁਭਾਏ ਭਰਮਿ ਭੁਲਾਏ ਓਹੁ ਕਿਉ ਕਰਿ ਸੁਖੁ ਪਾਏ ॥ ਚਾਕਰੀ ਵਿਡਾਣੀ ਖਰੀ ਦੁਖਾਲੀ ਆਪੁ ਵੇਚਿ ਧਰਮੁ ਗਵਾਏ ॥ ਮਾਇਆ ਬੰਧਨ ਟਿਕੈ ਨਾਹੀ ਖਿਨੁ ਖਿਨੁ ਦੁਖੁ ਸੰਤਾਏ ॥ ਨਾਨਕ ਮਾਇਆ ਕਾ ਦੁਖੁ ਤਦੇ ਚੂਕੈ ਜਾ ਗੁਰ ਸਬਦੀ ਚਿਤੁ ਲਾਏ ॥੩॥ ਮਨਮੁਖ ਮੁਗਧ ਗਾਵਾਰੁ ਪਿਰਾ ਜੀਉ ਸਬਦੁ ਮਨਿ ਨ ਵਸਾਏ ॥ ਮਾਇਆ ਕਾ ਭ੍ਰਮੁ ਅੰਧੁ ਪਿਰਾ ਜੀਉ ਹਰਿ ਮਾਰਗੁ ਕਿਉ ਪਾਏ ॥ ਕਿਉ ਮਾਰਗੁ ਪਾਏ ਬਿਨੁ ਸਤਿਗੁਰ ਭਾਏ ਮਨਮੁਖਿ ਆਪੁ ਗਣਾਏ ॥ ਹਰਿ ਕੇ ਚਾਕਰ ਸਦਾ ਸੁਹੇਲੇ ਗੁਰ ਚਰਣੀ ਚਿਤੁ ਲਾਏ ॥ ਜਿਸ ਨੋ ਹਰਿ ਜੀਉ ਕਰੇ ਕਿਰਪਾ ਸਦਾ ਹਰਿ ਕੇ ਗੁਣ ਗਾਏ ॥ ਨਾਨਕ ਨਾਮੁ ਰਤਨੁ ਜਗਿ ਲਾਹਾ ਗੁਰਮੁਖਿ ਆਪਿ ਬੁਝਾਏ ॥੪॥੫॥੭॥

Leave a Reply

Powered By Indic IME