ਅਸਟਪਦੀ ॥ ਰਮਈਆ ਕੇ ਗੁਨ ਚੇਤਿ ਪਰਾਨੀ ॥ ਕਵਨ ਮੂਲ ਤੇ ਕਵਨ ਦ੍ਰਿਸਟਾਨੀ ॥ ਜਿਨਿ ਤੂੰ ਸਾਜਿ ਸਵਾਰਿ ਸੀਗਾਰਿਆ ॥ ਗਰਭ ਅਗਨਿ ਮਹਿ ਜਿਨਹਿ ਉਬਾਰਿਆ ॥ ਬਾਰ ਬਿਵਸਥਾ ਤੁਝਹਿ ਪਿਆਰੈ ਦੂਧ ॥ ਭਰਿ ਜੋਬਨ ਭੋਜਨ ਸੁਖ ਸੂਧ ॥ ਬਿਰਧਿ ਭਇਆ ਊਪਰਿ ਸਾਕ ਸੈਨ ॥ ਮੁਖਿ ਅਪਿਆਉ ਬੈਠ ਕਉ ਦੈਨ ॥ ਇਹੁ ਨਿਰਗੁਨੁ ਗੁਨੁ ਕਛੂ ਨ ਬੂਝੈ ॥ ਬਖਸਿ ਲੇਹੁ ਤਉ ਨਾਨਕ ਸੀਝੈ ॥੧॥ਜਿਹ ਪ੍ਰਸਾਦਿ ਧਰ ਊਪਰਿ ਸੁਖਿ ਬਸਹਿ ॥ ਸੁਤ ਭ੍ਰਾਤ ਮੀਤ ਬਨਿਤਾ ਸੰਗਿ ਹਸਹਿ ॥ ਜਿਹ ਪ੍ਰਸਾਦਿ ਪੀਵਹਿ ਸੀਤਲ ਜਲਾ ॥ ਸੁਖਦਾਈ ਪਵਨੁ ਪਾਵਕੁ ਅਮੁਲਾ ॥ ਜਿਹ ਪ੍ਰਸਾਦਿ ਭੋਗਹਿ ਸਭਿ ਰਸਾ ॥ ਸਗਲ ਸਮਗ੍ਰੀ ਸੰਗਿ ਸਾਥਿ ਬਸਾ ॥ ਦੀਨੇ ਹਸਤ ਪਾਵ ਕਰਨ ਨੇਤ੍ਰ ਰਸਨਾ ॥ ਤਿਸਹਿ ਤਿਆਗਿ ਅਵਰ ਸੰਗਿ ਰਚਨਾ ॥ ਐਸੇ ਦੋਖ ਮੂੜ ਅੰਧ ਬਿਆਪੇ ॥ ਨਾਨਕ ਕਾਢਿ ਲੇਹੁ ਪ੍ਰਭ ਆਪੇ ॥੨॥ਆਦਿ ਅੰਤਿ ਜੋ ਰਾਖਨਹਾਰੁ ॥ ਤਿਸ ਸਿਉ ਪ੍ਰੀਤਿ ਨ ਕਰੈ ਗਵਾਰੁ ॥ ਜਾ ਕੀ ਸੇਵਾ ਨਵ ਨਿਧਿ ਪਾਵੈ ॥ ਤਾ ਸਿਉ ਮੂੜਾ ਮਨੁ ਨਹੀ ਲਾਵੈ ॥ ਜੋ ਠਾਕੁਰੁ ਸਦ ਸਦਾ ਹਜੂਰੇ ॥ ਤਾ ਕਉ ਅੰਧਾ ਜਾਨਤ ਦੂਰੇ ॥ ਜਾ ਕੀ ਟਹਲ ਪਾਵੈ ਦਰਗਹ ਮਾਨੁ ॥ ਤਿਸਹਿ ਬਿਸਾਰੈ ਮੁਗਧੁ ਅਜਾਨੁ ॥ ਸਦਾ ਸਦਾ ਇਹੁ ਭੂਲਨਹਾਰੁ ॥ ਨਾਨਕ ਰਾਖਨਹਾਰੁ ਅਪਾਰੁ ॥੩॥ਰਤਨੁ ਤਿਆਗਿ ਕਉਡੀ ਸੰਗਿ ਰਚੈ ॥ ਸਾਚੁ ਛੋਡਿ ਝੂਠ ਸੰਗਿ ਮਚੈ ॥ ਜੋ ਛਡਨਾ ਸੁ ਅਸਥਿਰੁ ਕਰਿ ਮਾਨੈ ॥ ਜੋ ਹੋਵਨੁ ਸੋ ਦੂਰਿ ਪਰਾਨੈ ॥ ਛੋਡਿ ਜਾਇ ਤਿਸ ਕਾ ਸ੍ਰਮੁ ਕਰੈ ॥ ਸੰਗਿ ਸਹਾਈ ਤਿਸੁ ਪਰਹਰੈ ॥ ਚੰਦਨ ਲੇਪੁ ਉਤਾਰੈ ਧੋਇ ॥ ਗਰਧਬ ਪ੍ਰੀਤਿ ਭਸਮ ਸੰਗਿ ਹੋਇ ॥ ਅੰਧ ਕੂਪ ਮਹਿ ਪਤਿਤ ਬਿਕਰਾਲ ॥ ਨਾਨਕ ਕਾਢਿ ਲੇਹੁ ਪ੍ਰਭ ਦਇਆਲ ॥੪॥ਕਰਤੂਤਿ ਪਸੂ ਕੀ ਮਾਨਸ ਜਾਤਿ ॥ ਲੋਕ ਪਚਾਰਾ ਕਰੈ ਦਿਨੁ ਰਾਤਿ ॥ ਬਾਹਰਿ ਭੇਖ ਅੰਤਰਿ ਮਲੁ ਮਾਇਆ ॥ ਛਪਸਿ ਨਾਹਿ ਕਛੁ ਕਰੈ ਛਪਾਇਆ ॥ ਬਾਹਰਿ ਗਿਆਨ ਧਿਆਨ ਇਸਨਾਨ ॥ ਅੰਤਰਿ ਬਿਆਪੈ ਲੋਭੁ ਸੁਆਨੁ ॥ ਅੰਤਰਿ ਅਗਨਿ ਬਾਹਰਿ ਤਨੁ ਸੁਆਹ ॥ ਗਲਿ ਪਾਥਰ ਕੈਸੇ ਤਰੈ ਅਥਾਹ ॥ ਜਾ ਕੈ ਅੰਤਰਿ ਬਸੈ ਪ੍ਰਭੁ ਆਪਿ ॥ ਨਾਨਕ ਤੇ ਜਨ ਸਹਜਿ ਸਮਾਤਿ ॥੫॥ਸੁਨਿ ਅੰਧਾ ਕੈਸੇ ਮਾਰਗੁ ਪਾਵੈ ॥ ਕਰੁ ਗਹਿ ਲੇਹੁ ਓੜਿ ਨਿਬਹਾਵੈ ॥ ਕਹਾ ਬੁਝਾਰਤਿ ਬੂਝੈ ਡੋਰਾ ॥ ਨਿਸਿ ਕਹੀਐ ਤਉ ਸਮਝੈ ਭੋਰਾ ॥ ਕਹਾ ਬਿਸਨਪਦ ਗਾਵੈ ਗੁੰਗ ॥ ਜਤਨ ਕਰੈ ਤਉ ਭੀ ਸੁਰ ਭੰਗ ॥ ਕਹ ਪਿੰਗੁਲ ਪਰਬਤ ਪਰ ਭਵਨ ॥ ਨਹੀ ਹੋਤ ਊਹਾ ਉਸੁ ਗਵਨ ॥ ਕਰਤਾਰ ਕਰੁਣਾ ਮੈ ਦੀਨੁ ਬੇਨਤੀ ਕਰੈ ॥ ਨਾਨਕ ਤੁਮਰੀ ਕਿਰਪਾ ਤਰੈ ॥੬॥ਸੰਗਿ ਸਹਾਈ ਸੁ ਆਵੈ ਨ ਚੀਤਿ ॥ ਜੋ ਬੈਰਾਈ ਤਾ ਸਿਉ ਪ੍ਰੀਤਿ ॥ ਬਲੂਆ ਕੇ ਗ੍ਰਿਹ ਭੀਤਰਿ ਬਸੈ ॥ ਅਨਦ ਕੇਲ ਮਾਇਆ ਰੰਗਿ ਰਸੈ ॥ ਦ੍ਰਿੜੁ ਕਰਿ ਮਾਨੈ ਮਨਹਿ ਪ੍ਰਤੀਤਿ ॥ ਕਾਲੁ ਨ ਆਵੈ ਮੂੜੇ ਚੀਤਿ ॥ ਬੈਰ ਬਿਰੋਧ ਕਾਮ ਕ੍ਰੋਧ ਮੋਹ ॥ ਝੂਠ ਬਿਕਾਰ ਮਹਾ ਲੋਭ ਧ੍ਰੋਹ ॥ ਇਆਹੂ ਜੁਗਤਿ ਬਿਹਾਨੇ ਕਈ ਜਨਮ ॥ ਨਾਨਕ ਰਾਖਿ ਲੇਹੁ ਆਪਨ ਕਰਿ ਕਰਮ ॥੭॥ ਤੂ ਠਾਕੁਰੁ ਤੁਮ ਪਹਿ ਅਰਦਾਸਿ ॥ ਜੀਉ ਪਿੰਡੁ ਸਭੁ ਤੇਰੀ ਰਾਸਿ ॥ ਤੁਮ ਮਾਤ ਪਿਤਾ ਹਮ ਬਾਰਿਕ ਤੇਰੇ ॥ ਤੁਮਰੀ ਕ੍ਰਿਪਾ ਮਹਿ ਸੂਖ ਘਨੇਰੇ ॥ ਕੋਇ ਨ ਜਾਨੈ ਤੁਮਰਾ ਅੰਤੁ ॥ ਊਚੇ ਤੇ ਊਚਾ ਭਗਵੰਤ ॥ ਸਗਲ ਸਮਗ੍ਰੀ ਤੁਮਰੈ ਸੂਤ੍ਰਿ ਧਾਰੀ ॥ ਤੁਮ ਤੇ ਹੋਇ ਸੁ ਆਗਿਆਕਾਰੀ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨੀ ॥ ਨਾਨਕ ਦਾਸ ਸਦਾ ਕੁਰਬਾਨੀ ॥੮॥੪॥
Scroll