ਆਸਾ ਮਹਲਾ ੧ ॥ ਕਹਾ ਸੁ ਖੇਲ ਤਬੇਲਾ ਘੋੜੇ ਕਹਾ ਭੇਰੀ ਸਹਨਾਈ ॥ ਕਹਾ ਸੁ ਤੇਗਬੰਦ ਗਾਡੇਰੜਿ ਕਹਾ ਸੁ ਲਾਲ ਕਵਾਈ ॥ ਕਹਾ ਸੁ ਆਰਸੀਆ ਮੁਹ ਬੰਕੇ ਐਥੈ ਦਿਸਹਿ ਨਾਹੀ ॥੧॥ ਇਹੁ ਜਗੁ ਤੇਰਾ ਤੂ ਗੋਸਾਈ ॥ ਏਕ ਘੜੀ ਮਹਿ ਥਾਪਿ ਉਥਾਪੇ ਜਰੁ ਵੰਡਿ ਦੇਵੈ ਭਾਂਈ ॥੧॥ ਰਹਾਉ ॥ ਕਹਾਂ ਸੁ ਘਰ ਦਰ ਮੰਡਪ ਮਹਲਾ ਕਹਾ ਸੁ ਬੰਕ ਸਰਾਈ ॥ ਕਹਾਂ ਸੁ ਸੇਜ ਸੁਖਾਲੀ ਕਾਮਣਿ ਜਿਸੁ ਵੇਖਿ ਨੀਦ ਨ ਪਾਈ ॥ ਕਹਾ ਸੁ ਪਾਨ ਤੰਬੋਲੀ ਹਰਮਾ ਹੋਈਆ ਛਾਈ ਮਾਈ ॥੨॥ ਇਸੁ ਜਰ ਕਾਰਣਿ ਘਣੀ ਵਿਗੁਤੀ ਇਨਿ ਜਰ ਘਣੀ ਖੁਆਈ ॥ ਪਾਪਾ ਬਾਝਹੁ ਹੋਵੈ ਨਾਹੀ ਮੁਇਆ ਸਾਥਿ ਨ ਜਾਈ ॥ ਜਿਸ ਨੋ ਆਪਿ ਖੁਆਏ ਕਰਤਾ ਖੁਸਿ ਲਏ ਚੰਗਿਆਈ ॥੩॥ ਕੋਟੀ ਹੂ ਪੀਰ ਵਰਜਿ ਰਹਾਏ ਜਾ ਮੀਰੁ ਸੁਣਿਆ ਧਾਇਆ ॥ ਥਾਨ ਮੁਕਾਮ ਜਲੇ ਬਿਜ ਮੰਦਰ ਮੁਛਿ ਮੁਛਿ ਕੁਇਰ ਰੁਲਾਇਆ ॥ ਕੋਈ ਮੁਗਲੁ ਨ ਹੋਆ ਅੰਧਾ ਕਿਨੈ ਨ ਪਰਚਾ ਲਾਇਆ ॥੪॥ ਮੁਗਲ ਪਠਾਣਾ ਭਈ ਲੜਾਈ ਰਣ ਮਹਿ ਤੇਗ ਵਗਾਈ ॥ ਓਨ੍ਹ੍ਹੀ ਤੁਪਕ ਤਾਣਿ ਚਲਾਈ ਓਨ੍ਹ੍ਹੀ ਹਸਤਿ ਚਿੜਾਈ ॥ ਜਿਨ੍ਹ੍ਹ ਕੀ ਚੀਰੀ ਦਰਗਹ ਪਾਟੀ ਤਿਨ੍ਹ੍ਹਾ ਮਰਣਾ ਭਾਈ ॥੫॥ ਇਕ ਹਿੰਦਵਾਣੀ ਅਵਰ ਤੁਰਕਾਣੀ ਭਟਿਆਣੀ ਠਕੁਰਾਣੀ ॥ ਇਕਨ੍ਹ੍ਹਾ ਪੇਰਣ ਸਿਰ ਖੁਰ ਪਾਟੇ ਇਕਨ੍ਹ੍ਹਾ ਵਾਸੁ ਮਸਾਣੀ ॥ ਜਿਨ੍ਹ੍ਹ ਕੇ ਬੰਕੇ ਘਰੀ ਨ ਆਇਆ ਤਿਨ੍ਹ੍ਹ ਕਿਉ ਰੈਣਿ ਵਿਹਾਣੀ ॥੬॥ ਆਪੇ ਕਰੇ ਕਰਾਏ ਕਰਤਾ ਕਿਸ ਨੋ ਆਖਿ ਸੁਣਾਈਐ ॥ ਦੁਖੁ ਸੁਖੁ ਤੇਰੈ ਭਾਣੈ ਹੋਵੈ ਕਿਸ ਥੈ ਜਾਇ ਰੂਆਈਐ ॥ ਹੁਕਮੀ ਹੁਕਮਿ ਚਲਾਏ ਵਿਗਸੈ ਨਾਨਕ ਲਿਖਿਆ ਪਾਈਐ ॥੭॥੧੨॥
Scroll