ਆਸਾ ਮਹਲਾ ੧ ॥ ਮਨੁ ਰਾਤਉ ਹਰਿ ਨਾਇ ਸਚੁ ਵਖਾਣਿਆ ॥ ਲੋਕਾ ਦਾ ਕਿਆ ਜਾਇ ਜਾ ਤੁਧੁ ਭਾਣਿਆ ॥੧॥ ਜਉ ਲਗੁ ਜੀਉ ਪਰਾਣ ਸਚੁ ਧਿਆਈਐ ॥ ਲਾਹਾ ਹਰਿ ਗੁਣ ਗਾਇ ਮਿਲੈ ਸੁਖੁ ਪਾਈਐ ॥੧॥ ਰਹਾਉ ॥ ਸਚੀ ਤੇਰੀ ਕਾਰ ਦੇਹਿ ਦਇਆਲ ਤੂੰ ॥ ਹਉ ਜੀਵਾ ਤੁਧੁ ਸਾਲਾਹਿ ਮੈ ਟੇਕ ਅਧਾਰੁ ਤੂੰ ॥੨॥ ਦਰਿ ਸੇਵਕੁ ਦਰਵਾਨੁ ਦਰਦੁ ਤੂੰ ਜਾਣਹੀ ॥ ਭਗਤਿ ਤੇਰੀ ਹੈਰਾਨੁ ਦਰਦੁ ਗਵਾਵਹੀ ॥੩॥ ਦਰਗਹ ਨਾਮੁ ਹਦੂਰਿ ਗੁਰਮੁਖਿ ਜਾਣਸੀ ॥ ਵੇਲਾ ਸਚੁ ਪਰਵਾਣੁ ਸਬਦੁ ਪਛਾਣਸੀ ॥੪॥ ਸਤੁ ਸੰਤੋਖੁ ਕਰਿ ਭਾਉ ਤੋਸਾ ਹਰਿ ਨਾਮੁ ਸੇਇ ॥ ਮਨਹੁ ਛੋਡਿ ਵਿਕਾਰ ਸਚਾ ਸਚੁ ਦੇਇ ॥੫॥ ਸਚੇ ਸਚਾ ਨੇਹੁ ਸਚੈ ਲਾਇਆ ॥ ਆਪੇ ਕਰੇ ਨਿਆਉ ਜੋ ਤਿਸੁ ਭਾਇਆ ॥੬॥ ਸਚੇ ਸਚੀ ਦਾਤਿ ਦੇਹਿ ਦਇਆਲੁ ਹੈ ॥ ਤਿਸੁ ਸੇਵੀ ਦਿਨੁ ਰਾਤਿ ਨਾਮੁ ਅਮੋਲੁ ਹੈ ॥੭॥ ਤੂੰ ਉਤਮੁ ਹਉ ਨੀਚੁ ਸੇਵਕੁ ਕਾਂਢੀਆ ॥ ਨਾਨਕ ਨਦਰਿ ਕਰੇਹੁ ਮਿਲੈ ਸਚੁ ਵਾਂਢੀਆ ॥੮॥੨੧॥
Scroll