ਵਡਹੰਸੁ ਮਹਲਾ ੧ ॥ ਕਰਹੁ ਦਇਆ ਤੇਰਾ ਨਾਮੁ ਵਖਾਣਾ ॥ ਸਭ ਉਪਾਈਐ ਆਪਿ ਆਪੇ ਸਰਬ ਸਮਾਣਾ ॥ ਸਰਬੇ ਸਮਾਣਾ ਆਪਿ ਤੂਹੈ ਉਪਾਇ ਧੰਧੈ ਲਾਈਆ ॥ ਇਕਿ ਤੁਝ ਹੀ ਕੀਏ ਰਾਜੇ ਇਕਨਾ ਭਿਖ ਭਵਾਈਆ ॥ ਲੋਭੁ ਮੋਹੁ ਤੁਝੁ ਕੀਆ ਮੀਠਾ ਏਤੁ ਭਰਮਿ ਭੁਲਾਣਾ ॥ ਸਦਾ ਦਇਆ ਕਰਹੁ ਅਪਣੀ ਤਾਮਿ ਨਾਮੁ ਵਖਾਣਾ ॥੧॥ ਨਾਮੁ ਤੇਰਾ ਹੈ ਸਾਚਾ ਸਦਾ ਮੈ ਮਨਿ ਭਾਣਾ ॥ ਦੂਖੁ ਗਇਆ ਸੁਖੁ ਆਇ ਸਮਾਣਾ ॥ ਗਾਵਨਿ ਸੁਰਿ ਨਰ ਸੁਘੜ ਸੁਜਾਣਾ ॥ ਸੁਰਿ ਨਰ ਸੁਘੜ ਸੁਜਾਣ ਗਾਵਹਿ ਜੋ ਤੇਰੈ ਮਨਿ ਭਾਵਹੇ ॥ ਮਾਇਆ ਮੋਹੇ ਚੇਤਹਿ ਨਾਹੀ ਅਹਿਲਾ ਜਨਮੁ ਗਵਾਵਹੇ ॥ ਇਕਿ ਮੂੜ ਮੁਗਧ ਨ ਚੇਤਹਿ ਮੂਲੇ ਜੋ ਆਇਆ ਤਿਸੁ ਜਾਣਾ ॥ ਨਾਮੁ ਤੇਰਾ ਸਦਾ ਸਾਚਾ ਸੋਇ ਮੈ ਮਨਿ ਭਾਣਾ ॥੨॥ ਤੇਰਾ ਵਖਤੁ ਸੁਹਾਵਾ ਅੰਮ੍ਰਿਤੁ ਤੇਰੀ ਬਾਣੀ ॥ ਸੇਵਕ ਸੇਵਹਿ ਭਾਉ ਕਰਿ ਲਾਗਾ ਸਾਉ ਪਰਾਣੀ ॥ ਸਾਉ ਪ੍ਰਾਣੀ ਤਿਨਾ ਲਾਗਾ ਜਿਨੀ ਅੰਮ੍ਰਿਤੁ ਪਾਇਆ ॥ ਨਾਮਿ ਤੇਰੈ ਜੋਇ ਰਾਤੇ ਨਿਤ ਚੜਹਿ ਸਵਾਇਆ ॥ ਇਕੁ ਕਰਮੁ ਧਰਮੁ ਨ ਹੋਇ ਸੰਜਮੁ ਜਾਮਿ ਨ ਏਕੁ ਪਛਾਣੀ ॥ ਵਖਤੁ ਸੁਹਾਵਾ ਸਦਾ ਤੇਰਾ ਅੰਮ੍ਰਿਤ ਤੇਰੀ ਬਾਣੀ ॥੩॥ ਹਉ ਬਲਿਹਾਰੀ ਸਾਚੇ ਨਾਵੈ ॥ ਰਾਜੁ ਤੇਰਾ ਕਬਹੁ ਨ ਜਾਵੈ ॥ ਰਾਜੋ ਤ ਤੇਰਾ ਸਦਾ ਨਿਹਚਲੁ ਏਹੁ ਕਬਹੁ ਨ ਜਾਵਏ ॥ ਚਾਕਰੁ ਤ ਤੇਰਾ ਸੋਇ ਹੋਵੈ ਜੋਇ ਸਹਜਿ ਸਮਾਵਏ ॥ ਦੁਸਮਨੁ ਤ ਦੂਖੁ ਨ ਲਗੈ ਮੂਲੇ ਪਾਪੁ ਨੇੜਿ ਨ ਆਵਏ ॥ ਹਉ ਬਲਿਹਾਰੀ ਸਦਾ ਹੋਵਾ ਏਕ ਤੇਰੇ ਨਾਵਏ ॥੪॥ ਜੁਗਹ ਜੁਗੰਤਰਿ ਭਗਤ ਤੁਮਾਰੇ ॥ ਕੀਰਤਿ ਕਰਹਿ ਸੁਆਮੀ ਤੇਰੈ ਦੁਆਰੇ ॥ ਜਪਹਿ ਤ ਸਾਚਾ ਏਕੁ ਮੁਰਾਰੇ ॥ ਸਾਚਾ ਮੁਰਾਰੇ ਤਾਮਿ ਜਾਪਹਿ ਜਾਮਿ ਮੰਨਿ ਵਸਾਵਹੇ ॥ ਭਰਮੋ ਭੁਲਾਵਾ ਤੁਝਹਿ ਕੀਆ ਜਾਮਿ ਏਹੁ ਚੁਕਾਵਹੇ ॥ ਗੁਰ ਪਰਸਾਦੀ ਕਰਹੁ ਕਿਰਪਾ ਲੇਹੁ ਜਮਹੁ ਉਬਾਰੇ ॥ ਜੁਗਹ ਜੁਗੰਤਰਿ ਭਗਤ ਤੁਮਾਰੇ ॥੫॥ ਵਡੇ ਮੇਰੇ ਸਾਹਿਬਾ ਅਲਖ ਅਪਾਰਾ ॥ ਕਿਉ ਕਰਿ ਕਰਉ ਬੇਨੰਤੀ ਹਉ ਆਖਿ ਨ ਜਾਣਾ ॥ ਨਦਰਿ ਕਰਹਿ ਤਾ ਸਾਚੁ ਪਛਾਣਾ ॥ ਸਾਚੋ ਪਛਾਣਾ ਤਾਮਿ ਤੇਰਾ ਜਾਮਿ ਆਪਿ ਬੁਝਾਵਹੇ ॥ ਦੂਖ ਭੂਖ ਸੰਸਾਰਿ ਕੀਏ ਸਹਸਾ ਏਹੁ ਚੁਕਾਵਹੇ ॥ ਬਿਨਵੰਤਿ ਨਾਨਕੁ ਜਾਇ ਸਹਸਾ ਬੁਝੈ ਗੁਰ ਬੀਚਾਰਾ ॥ ਵਡਾ ਸਾਹਿਬੁ ਹੈ ਆਪਿ ਅਲਖ ਅਪਾਰਾ ॥੬॥ ਤੇਰੇ ਬੰਕੇ ਲੋਇਣ ਦੰਤ ਰੀਸਾਲਾ ॥ ਸੋਹਣੇ ਨਕ ਜਿਨ ਲੰਮੜੇ ਵਾਲਾ ॥ ਕੰਚਨ ਕਾਇਆ ਸੁਇਨੇ ਕੀ ਢਾਲਾ ॥ ਸੋਵੰਨ ਢਾਲਾ ਕ੍ਰਿਸਨ ਮਾਲਾ ਜਪਹੁ ਤੁਸੀ ਸਹੇਲੀਹੋ ॥ ਜਮ ਦੁਆਰਿ ਨ ਹੋਹੁ ਖੜੀਆ ਸਿਖ ਸੁਣਹੁ ਮਹੇਲੀਹੋ ॥ ਹੰਸ ਹੰਸਾ ਬਗ ਬਗਾ ਲਹੈ ਮਨ ਕੀ ਜਾਲਾ ॥ ਬੰਕੇ ਲੋਇਣ ਦੰਤ ਰੀਸਾਲਾ ॥੭॥ ਤੇਰੀ ਚਾਲ ਸੁਹਾਵੀ ਮਧੁਰਾੜੀ ਬਾਣੀ ॥ ਕੁਹਕਨਿ ਕੋਕਿਲਾ ਤਰਲ ਜੁਆਣੀ ॥ ਤਰਲਾ ਜੁਆਣੀ ਆਪਿ ਭਾਣੀ ਇਛ ਮਨ ਕੀ ਪੂਰੀਏ ॥ ਸਾਰੰਗ ਜਿਉ ਪਗੁ ਧਰੈ ਠਿਮਿ ਠਿਮਿ ਆਪਿ ਆਪੁ ਸੰਧੂਰਏ ॥ ਸ੍ਰੀਰੰਗ ਰਾਤੀ ਫਿਰੈ ਮਾਤੀ ਉਦਕੁ ਗੰਗਾ ਵਾਣੀ ॥ ਬਿਨਵੰਤਿ ਨਾਨਕੁ ਦਾਸੁ ਹਰਿ ਕਾ ਤੇਰੀ ਚਾਲ ਸੁਹਾਵੀ ਮਧੁਰਾੜੀ ਬਾਣੀ ॥੮॥੨॥
Scroll