ਵਡਹੰਸੁ ਮਹਲਾ ੫ ॥ ਪ੍ਰਭ ਕਰਣ ਕਾਰਣ ਸਮਰਥਾ ਰਾਮ ॥ ਰਖੁ ਜਗਤੁ ਸਗਲ ਦੇ ਹਥਾ ਰਾਮ ॥ ਸਮਰਥ ਸਰਣਾ ਜੋਗੁ ਸੁਆਮੀ ਕ੍ਰਿਪਾ ਨਿਧਿ ਸੁਖਦਾਤਾ ॥ ਹੰਉ ਕੁਰਬਾਣੀ ਦਾਸ ਤੇਰੇ ਜਿਨੀ ਏਕੁ ਪਛਾਤਾ ॥ ਵਰਨੁ ਚਿਹਨੁ ਨ ਜਾਇ ਲਖਿਆ ਕਥਨ ਤੇ ਅਕਥਾ ॥ ਬਿਨਵੰਤਿ ਨਾਨਕ ਸੁਣਹੁ ਬਿਨਤੀ ਪ੍ਰਭ ਕਰਣ ਕਾਰਣ ਸਮਰਥਾ ॥੧॥ਏਹਿ ਜੀਅ ਤੇਰੇ ਤੂ ਕਰਤਾ ਰਾਮ ॥ ਪ੍ਰਭ ਦੂਖ ਦਰਦ ਭ੍ਰਮ ਹਰਤਾ ਰਾਮ ॥ ਭ੍ਰਮ ਦੂਖ ਦਰਦ ਨਿਵਾਰਿ ਖਿਨ ਮਹਿ ਰਖਿ ਲੇਹੁ ਦੀਨ ਦੈਆਲਾ ॥ ਮਾਤ ਪਿਤਾ ਸੁਆਮਿ ਸਜਣੁ ਸਭੁ ਜਗਤੁ ਬਾਲ ਗੋਪਾਲਾ ॥ ਜੋ ਸਰਣਿ ਆਵੈ ਗੁਣ ਨਿਧਾਨ ਪਾਵੈ ਸੋ ਬਹੁੜਿ ਜਨਮਿ ਨ ਮਰਤਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਸਭਿ ਜੀਅ ਤੇਰੇ ਤੂ ਕਰਤਾ ॥੨॥ਆਠ ਪਹਰ ਹਰਿ ਧਿਆਈਐ ਰਾਮ ॥ ਮਨ ਇਛਿਅੜਾ ਫਲੁ ਪਾਈਐ ਰਾਮ ॥ ਮਨ ਇਛ ਪਾਈਐ ਪ੍ਰਭੁ ਧਿਆਈਐ ਮਿਟਹਿ ਜਮ ਕੇ ਤ੍ਰਾਸਾ ॥ ਗੋਬਿਦੁ ਗਾਇਆ ਸਾਧ ਸੰਗਾਇਆ ਭਈ ਪੂਰਨ ਆਸਾ ॥ ਤਜਿ ਮਾਨੁ ਮੋਹੁ ਵਿਕਾਰ ਸਗਲੇ ਪ੍ਰਭੂ ਕੈ ਮਨਿ ਭਾਈਐ ॥ ਬਿਨਵੰਤਿ ਨਾਨਕ ਦਿਨਸੁ ਰੈਣੀ ਸਦਾ ਹਰਿ ਹਰਿ ਧਿਆਈਐ ॥੩॥ਦਰਿ ਵਾਜਹਿ ਅਨਹਤ ਵਾਜੇ ਰਾਮ ॥ ਘਟਿ ਘਟਿ ਹਰਿ ਗੋਬਿੰਦੁ ਗਾਜੇ ਰਾਮ ॥ ਗੋਵਿਦ ਗਾਜੇ ਸਦਾ ਬਿਰਾਜੇ ਅਗਮ ਅਗੋਚਰੁ ਊਚਾ ॥ ਗੁਣ ਬੇਅੰਤ ਕਿਛੁ ਕਹਣੁ ਨ ਜਾਈ ਕੋਇ ਨ ਸਕੈ ਪਹੂਚਾ ॥ ਆਪਿ ਉਪਾਏ ਆਪਿ ਪ੍ਰਤਿਪਾਲੇ ਜੀਅ ਜੰਤ ਸਭਿ ਸਾਜੇ ॥ ਬਿਨਵੰਤਿ ਨਾਨਕ ਸੁਖੁ ਨਾਮਿ ਭਗਤੀ ਦਰਿ ਵਜਹਿ ਅਨਹਦ ਵਾਜੇ ॥੪॥੩॥
Scroll