ਵਡਹੰਸੁ ਮਹਲਾ ੧ ਦਖਣੀ ॥ ਸਚੁ ਸਿਰੰਦਾ ਸਚਾ ਜਾਣੀਐ ਸਚੜਾ ਪਰਵਦਗਾਰੋ ॥ ਜਿਨਿ ਆਪੀਨੈ ਆਪੁ ਸਾਜਿਆ ਸਚੜਾ ਅਲਖ ਅਪਾਰੋ ॥ ਦੁਇ ਪੁੜ ਜੋੜਿ ਵਿਛੋੜਿਅਨੁ ਗੁਰ ਬਿਨੁ ਘੋਰੁ ਅੰਧਾਰੋ ॥ ਸੂਰਜੁ ਚੰਦੁ ਸਿਰਜਿਅਨੁ ਅਹਿਨਿਸਿ ਚਲਤੁ ਵੀਚਾਰੋ ॥੧॥ ਸਚੜਾ ਸਾਹਿਬੁ ਸਚੁ ਤੂ ਸਚੜਾ ਦੇਹਿ ਪਿਆਰੋ ॥ ਰਹਾਉ ॥ ਤੁਧੁ ਸਿਰਜੀ ਮੇਦਨੀ ਦੁਖੁ ਸੁਖੁ ਦੇਵਣਹਾਰੋ ॥ ਨਾਰੀ ਪੁਰਖ ਸਿਰਜਿਐ ਬਿਖੁ ਮਾਇਆ ਮੋਹੁ ਪਿਆਰੋ ॥ ਖਾਣੀ ਬਾਣੀ ਤੇਰੀਆ ਦੇਹਿ ਜੀਆ ਆਧਾਰੋ ॥ ਕੁਦਰਤਿ ਤਖਤੁ ਰਚਾਇਆ ਸਚਿ ਨਿਬੇੜਣਹਾਰੋ ॥੨॥ ਆਵਾ ਗਵਣੁ ਸਿਰਜਿਆ ਤੂ ਥਿਰੁ ਕਰਣੈਹਾਰੋ ॥ ਜੰਮਣੁ ਮਰਣਾ ਆਇ ਗਇਆ ਬਧਿਕੁ ਜੀਉ ਬਿਕਾਰੋ ॥ ਭੂਡੜੈ ਨਾਮੁ ਵਿਸਾਰਿਆ ਬੂਡੜੈ ਕਿਆ ਤਿਸੁ ਚਾਰੋ ॥ ਗੁਣ ਛੋਡਿ ਬਿਖੁ ਲਦਿਆ ਅਵਗੁਣ ਕਾ ਵਣਜਾਰੋ ॥੩॥ ਸਦੜੇ ਆਏ ਤਿਨਾ ਜਾਨੀਆ ਹੁਕਮਿ ਸਚੇ ਕਰਤਾਰੋ ॥ ਨਾਰੀ ਪੁਰਖ ਵਿਛੁੰਨਿਆ ਵਿਛੁੜਿਆ ਮੇਲਣਹਾਰੋ ॥ ਰੂਪੁ ਨ ਜਾਣੈ ਸੋਹਣੀਐ ਹੁਕਮਿ ਬਧੀ ਸਿਰਿ ਕਾਰੋ ॥ ਬਾਲਕ ਬਿਰਧਿ ਨ ਜਾਣਨੀ ਤੋੜਨਿ ਹੇਤੁ ਪਿਆਰੋ ॥੪॥ ਨਉ ਦਰ ਠਾਕੇ ਹੁਕਮਿ ਸਚੈ ਹੰਸੁ ਗਇਆ ਗੈਣਾਰੇ ॥ ਸਾ ਧਨ ਛੁਟੀ ਮੁਠੀ ਝੂਠਿ ਵਿਧਣੀਆ ਮਿਰਤਕੜਾ ਅੰਙਨੜੇ ਬਾਰੇ ॥ ਸੁਰਤਿ ਮੁਈ ਮਰੁ ਮਾਈਏ ਮਹਲ ਰੁੰਨੀ ਦਰ ਬਾਰੇ ॥ ਰੋਵਹੁ ਕੰਤ ਮਹੇਲੀਹੋ ਸਚੇ ਕੇ ਗੁਣ ਸਾਰੇ ॥੫॥ ਜਲਿ ਮਲਿ ਜਾਨੀ ਨਾਵਾਲਿਆ ਕਪੜਿ ਪਟਿ ਅੰਬਾਰੇ ॥ ਵਾਜੇ ਵਜੇ ਸਚੀ ਬਾਣੀਆ ਪੰਚ ਮੁਏ ਮਨੁ ਮਾਰੇ ॥ ਜਾਨੀ ਵਿਛੁੰਨੜੇ ਮੇਰਾ ਮਰਣੁ ਭਇਆ ਧ੍ਰਿਗੁ ਜੀਵਣੁ ਸੰਸਾਰੇ ॥ ਜੀਵਤੁ ਮਰੈ ਸੁ ਜਾਣੀਐ ਪਿਰ ਸਚੜੈ ਹੇਤਿ ਪਿਆਰੇ ॥੬॥ ਤੁਸੀ ਰੋਵਹੁ ਰੋਵਣ ਆਈਹੋ ਝੂਠਿ ਮੁਠੀ ਸੰਸਾਰੇ ॥ ਹਉ ਮੁਠੜੀ ਧੰਧੈ ਧਾਵਣੀਆ ਪਿਰਿ ਛੋਡਿਅੜੀ ਵਿਧਣਕਾਰੇ ॥ ਘਰਿ ਘਰਿ ਕੰਤੁ ਮਹੇਲੀਆ ਰੂੜੈ ਹੇਤਿ ਪਿਆਰੇ ॥ ਮੈ ਪਿਰੁ ਸਚੁ ਸਾਲਾਹਣਾ ਹਉ ਰਹਸਿਅੜੀ ਨਾਮਿ ਭਤਾਰੇ ॥੭॥ ਗੁਰਿ ਮਿਲਿਐ ਵੇਸੁ ਪਲਟਿਆ ਸਾ ਧਨ ਸਚੁ ਸੀਗਾਰੋ ॥ ਆਵਹੁ ਮਿਲਹੁ ਸਹੇਲੀਹੋ ਸਿਮਰਹੁ ਸਿਰਜਣਹਾਰੋ ॥ ਬਈਅਰਿ ਨਾਮਿ ਸਹਾਗਣੀ ਸਚੁ ਸਵਾਰਣਹਾਰੋ ॥ ਗਾਵਹੁ ਗੀਤੁ ਨ ਬਿਰਹੜਾ ਨਾਨਕ ਬ੍ਰਹਮ ਬੀਚਾਰੋ ॥੮॥੩॥
Scroll