ਸੋਰਠਿ ਮਹਲਾ ੧ ਤਿਤੁਕੀ ॥ ਆਸਾ ਮਨਸਾ ਬੰਧਨੀ ਭਾਈ ਕਰਮ ਧਰਮ ਬੰਧਕਾਰੀ ॥ ਪਾਪਿ ਪੁੰਨਿ ਜਗੁ ਜਾਇਆ ਭਾਈ ਬਿਨਸੈ ਨਾਮੁ ਵਿਸਾਰੀ ॥ ਇਹ ਮਾਇਆ ਜਗਿ ਮੋਹਣੀ ਭਾਈ ਕਰਮ ਸਭੇ ਵੇਕਾਰੀ ॥੧॥ ਸੁਣਿ ਪੰਡਿਤ ਕਰਮਾ ਕਾਰੀ ॥ ਜਿਤੁ ਕਰਮਿ ਸੁਖੁ ਊਪਜੈ ਭਾਈ ਸੁ ਆਤਮ ਤਤੁ ਬੀਚਾਰੀ ॥ ਰਹਾਉ ॥ ਸਾਸਤੁ ਬੇਦੁ ਬਕੈ ਖੜੋ ਭਾਈ ਕਰਮ ਕਰਹੁ ਸੰਸਾਰੀ ॥ ਪਾਖੰਡਿ ਮੈਲੁ ਨ ਚੂਕਈ ਭਾਈ ਅੰਤਰਿ ਮੈਲੁ ਵਿਕਾਰੀ ॥ ਇਨ ਬਿਧਿ ਡੂਬੀ ਮਾਕੁਰੀ ਭਾਈ ਊਂਡੀ ਸਿਰ ਕੈ ਭਾਰੀ ॥੨॥ ਦੁਰਮਤਿ ਘਣੀ ਵਿਗੂਤੀ ਭਾਈ ਦੂਜੈ ਭਾਇ ਖੁਆਈ ॥ ਬਿਨੁ ਸਤਿਗੁਰ ਨਾਮੁ ਨ ਪਾਈਐ ਭਾਈ ਬਿਨੁ ਨਾਮੈ ਭਰਮੁ ਨ ਜਾਈ ॥ ਸਤਿਗੁਰੁ ਸੇਵੇ ਤਾ ਸੁਖੁ ਪਾਏ ਭਾਈ ਆਵਣੁ ਜਾਣੁ ਰਹਾਈ ॥੩॥ ਸਾਚੁ ਸਹਜੁ ਗੁਰ ਤੇ ਊਪਜੈ ਭਾਈ ਮਨੁ ਨਿਰਮਲੁ ਸਾਚਿ ਸਮਾਈ ॥ ਗੁਰੁ ਸੇਵੇ ਸੋ ਬੂਝੈ ਭਾਈ ਗੁਰ ਬਿਨੁ ਮਗੁ ਨ ਪਾਈ ॥ ਜਿਸੁ ਅੰਤਰਿ ਲੋਭੁ ਕਿ ਕਰਮ ਕਮਾਵੈ ਭਾਈ ਕੂੜੁ ਬੋਲਿ ਬਿਖੁ ਖਾਈ ॥੪॥ ਪੰਡਿਤ ਦਹੀ ਵਿਲੋਈਐ ਭਾਈ ਵਿਚਹੁ ਨਿਕਲੈ ਤਥੁ ॥ ਜਲੁ ਮਥੀਐ ਜਲੁ ਦੇਖੀਐ ਭਾਈ ਇਹੁ ਜਗੁ ਏਹਾ ਵਥੁ ॥ ਗੁਰ ਬਿਨੁ ਭਰਮਿ ਵਿਗੂਚੀਐ ਭਾਈ ਘਟਿ ਘਟਿ ਦੇਉ ਅਲਖੁ ॥੫॥ ਇਹੁ ਜਗੁ ਤਾਗੋ ਸੂਤ ਕੋ ਭਾਈ ਦਹ ਦਿਸ ਬਾਧੋ ਮਾਇ ॥ ਬਿਨੁ ਗੁਰ ਗਾਠਿ ਨ ਛੂਟਈ ਭਾਈ ਥਾਕੇ ਕਰਮ ਕਮਾਇ ॥ ਇਹੁ ਜਗੁ ਭਰਮਿ ਭੁਲਾਇਆ ਭਾਈ ਕਹਣਾ ਕਿਛੂ ਨ ਜਾਇ ॥੬॥ ਗੁਰ ਮਿਲਿਐ ਭਉ ਮਨਿ ਵਸੈ ਭਾਈ ਭੈ ਮਰਣਾ ਸਚੁ ਲੇਖੁ ॥ ਮਜਨੁ ਦਾਨੁ ਚੰਗਿਆਈਆ ਭਾਈ ਦਰਗਹ ਨਾਮੁ ਵਿਸੇਖੁ ॥ ਗੁਰੁ ਅੰਕਸੁ ਜਿਨਿ ਨਾਮੁ ਦ੍ਰਿੜਾਇਆ ਭਾਈ ਮਨਿ ਵਸਿਆ ਚੂਕਾ ਭੇਖੁ ॥੭॥ ਇਹੁ ਤਨੁ ਹਾਟੁ ਸਰਾਫ ਕੋ ਭਾਈ ਵਖਰੁ ਨਾਮੁ ਅਪਾਰੁ ॥ ਇਹੁ ਵਖਰੁ ਵਾਪਾਰੀ ਸੋ ਦ੍ਰਿੜੈ ਭਾਈ ਗੁਰ ਸਬਦਿ ਕਰੇ ਵੀਚਾਰੁ ॥ ਧਨੁ ਵਾਪਾਰੀ ਨਾਨਕਾ ਭਾਈ ਮੇਲਿ ਕਰੇ ਵਾਪਾਰੁ ॥੮॥੨॥

Leave a Reply

Powered By Indic IME