ਧਨਾਸਰੀ ਮਹਲਾ ੧ ਛੰਤ ੴ ਸਤਿਗੁਰ ਪ੍ਰਸਾਦਿ ॥ ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥ ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥ ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥ ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ ॥ ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥੧॥ ਸਾਚਿ ਨ ਲਾਗੈ ਮੈਲੁ ਕਿਆ ਮਲੁ ਧੋਈਐ ॥ ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ ॥ ਵੀਚਾਰਿ ਮਾਰੈ ਤਰੈ ਤਾਰੈ ਉਲਟਿ ਜੋਨਿ ਨ ਆਵਏ ॥ ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ ॥ ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ ॥ ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥੨॥ ਸੰਗਤਿ ਮੀਤ ਮਿਲਾਪੁ ਪੂਰਾ ਨਾਵਣੋ ॥ ਗਾਵੈ ਗਾਵਣਹਾਰੁ ਸਬਦਿ ਸੁਹਾਵਣੋ ॥ ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ ਦਾਨ ਦਇਆ ਮਤੇ ॥ ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ ਤ ਸੰਗਮੁ ਸਤ ਸਤੇ ॥ ਆਰਾਧਿ ਏਕੰਕਾਰੁ ਸਾਚਾ ਨਿਤ ਦੇਇ ਚੜੈ ਸਵਾਇਆ ॥ ਗਤਿ ਸੰਗਿ ਮੀਤਾ ਸੰਤਸੰਗਤਿ ਕਰਿ ਨਦਰਿ ਮੇਲਿ ਮਿਲਾਇਆ ॥੩॥ ਕਹਣੁ ਕਹੈ ਸਭੁ ਕੋਇ ਕੇਵਡੁ ਆਖੀਐ ॥ ਹਉ ਮੂਰਖੁ ਨੀਚੁ ਅਜਾਣੁ ਸਮਝਾ ਸਾਖੀਐ ॥ ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ ਤਿਤੁ ਮਨੁ ਮਾਨਿਆ ਮੇਰਾ ॥ ਕੂਚੁ ਕਰਹਿ ਆਵਹਿ ਬਿਖੁ ਲਾਦੇ ਸਬਦਿ ਸਚੈ ਗੁਰੁ ਮੇਰਾ ॥ ਆਖਣਿ ਤੋਟਿ ਨ ਭਗਤਿ ਭੰਡਾਰੀ ਭਰਿਪੁਰਿ ਰਹਿਆ ਸੋਈ ॥ ਨਾਨਕ ਸਾਚੁ ਕਹੈ ਬੇਨੰਤੀ ਮਨੁ ਮਾਂਜੈ ਸਚੁ ਸੋਈ ॥੪॥੧॥
Scroll