ਸਿਰੀਰਾਗੁ ਮਹਲਾ ੧ ॥ ਰਾਮ ਨਾਮਿ ਮਨੁ ਬੇਧਿਆ ਅਵਰੁ ਕਿ ਕਰੀ ਵੀਚਾਰੁ ॥ ਸਬਦ ਸੁਰਤਿ ਸੁਖੁ ਊਪਜੈ ਪ੍ਰਭ ਰਾਤਉ ਸੁਖ ਸਾਰੁ ॥ ਜਿਉ ਭਾਵੈ ਤਿਉ ਰਾਖੁ ਤੂੰ ਮੈ ਹਰਿ ਨਾਮੁ ਅਧਾਰੁ ॥੧॥ ਮਨ ਰੇ ਸਾਚੀ ਖਸਮ ਰਜਾਇ ॥ ਜਿਨਿ ਤਨੁ ਮਨੁ ਸਾਜਿ ਸੀਗਾਰਿਆ ਤਿਸੁ ਸੇਤੀ ਲਿਵ ਲਾਇ ॥੧॥ ਰਹਾਉ ॥ ਤਨੁ ਬੈਸੰਤਰਿ ਹੋਮੀਐ ਇਕ ਰਤੀ ਤੋਲਿ ਕਟਾਇ ॥ ਤਨੁ ਮਨੁ ਸਮਧਾ ਜੇ ਕਰੀ ਅਨਦਿਨੁ ਅਗਨਿ ਜਲਾਇ ॥ ਹਰਿ ਨਾਮੈ ਤੁਲਿ ਨ ਪੁਜਈ ਜੇ ਲਖ ਕੋਟੀ ਕਰਮ ਕਮਾਇ ॥੨॥ ਅਰਧ ਸਰੀਰੁ ਕਟਾਈਐ ਸਿਰਿ ਕਰਵਤੁ ਧਰਾਇ ॥ ਤਨੁ ਹੈਮੰਚਲਿ ਗਾਲੀਐ ਭੀ ਮਨ ਤੇ ਰੋਗੁ ਨ ਜਾਇ ॥ ਹਰਿ ਨਾਮੈ ਤੁਲਿ ਨ ਪੁਜਈ ਸਭ ਡਿਠੀ ਠੋਕਿ ਵਜਾਇ ॥੩॥ ਕੰਚਨ ਕੇ ਕੋਟ ਦਤੁ ਕਰੀ ਬਹੁ ਹੈਵਰ ਗੈਵਰ ਦਾਨੁ ॥ ਭੂਮਿ ਦਾਨੁ ਗਊਆ ਘਣੀ ਭੀ ਅੰਤਰਿ ਗਰਬੁ ਗੁਮਾਨੁ ॥ ਰਾਮ ਨਾਮਿ ਮਨੁ ਬੇਧਿਆ ਗੁਰਿ ਦੀਆ ਸਚੁ ਦਾਨੁ ॥੪॥ ਮਨਹਠ ਬੁਧੀ ਕੇਤੀਆ ਕੇਤੇ ਬੇਦ ਬੀਚਾਰ ॥ ਕੇਤੇ ਬੰਧਨ ਜੀਅ ਕੇ ਗੁਰਮੁਖਿ ਮੋਖ ਦੁਆਰ ॥ ਸਚਹੁ ਓਰੈ ਸਭੁ ਕੋ ਉਪਰਿ ਸਚੁ ਆਚਾਰੁ ॥੫॥ ਸਭੁ ਕੋ ਊਚਾ ਆਖੀਐ ਨੀਚੁ ਨ ਦੀਸੈ ਕੋਇ ॥ ਇਕਨੈ ਭਾਂਡੇ ਸਾਜਿਐ ਇਕੁ ਚਾਨਣੁ ਤਿਹੁ ਲੋਇ ॥ ਕਰਮਿ ਮਿਲੈ ਸਚੁ ਪਾਈਐ ਧੁਰਿ ਬਖਸ ਨ ਮੇਟੈ ਕੋਇ ॥੬॥ ਸਾਧੁ ਮਿਲੈ ਸਾਧੂ ਜਨੈ ਸੰਤੋਖੁ ਵਸੈ ਗੁਰ ਭਾਇ ॥ ਅਕਥ ਕਥਾ ਵੀਚਾਰੀਐ ਜੇ ਸਤਿਗੁਰ ਮਾਹਿ ਸਮਾਇ ॥ ਪੀ ਅੰਮ੍ਰਿਤੁ ਸੰਤੋਖਿਆ ਦਰਗਹਿ ਪੈਧਾ ਜਾਇ ॥੭॥ ਘਟਿ ਘਟਿ ਵਾਜੈ ਕਿੰਗੁਰੀ ਅਨਦਿਨੁ ਸਬਦਿ ਸੁਭਾਇ ॥ ਵਿਰਲੇ ਕਉ ਸੋਝੀ ਪਈ ਗੁਰਮੁਖਿ ਮਨੁ ਸਮਝਾਇ ॥ ਨਾਨਕ ਨਾਮੁ ਨ ਵੀਸਰੈ ਛੂਟੈ ਸਬਦੁ ਕਮਾਇ ॥੮॥੧੪॥
Scroll