ਸਿਰੀਰਾਗੁ ਮਹਲਾ ੧ ॥ ਡੂੰਗਰੁ ਦੇਖਿ ਡਰਾਵਣੋ ਪੇਈਅੜੈ ਡਰੀਆਸੁ ॥ ਊਚਉ ਪਰਬਤੁ ਗਾਖੜੋ ਨਾ ਪਉੜੀ ਤਿਤੁ ਤਾਸੁ ॥ ਗੁਰਮੁਖਿ ਅੰਤਰਿ ਜਾਣਿਆ ਗੁਰਿ ਮੇਲੀ ਤਰੀਆਸੁ ॥੧॥ ਭਾਈ ਰੇ ਭਵਜਲੁ ਬਿਖਮੁ ਡਰਾਂਉ ॥ ਪੂਰਾ ਸਤਿਗੁਰੁ ਰਸਿ ਮਿਲੈ ਗੁਰੁ ਤਾਰੇ ਹਰਿ ਨਾਉ ॥੧॥ ਰਹਾਉ ॥ ਚਲਾ ਚਲਾ ਜੇ ਕਰੀ ਜਾਣਾ ਚਲਣਹਾਰੁ ॥ ਜੋ ਆਇਆ ਸੋ ਚਲਸੀ ਅਮਰੁ ਸੁ ਗੁਰੁ ਕਰਤਾਰੁ ॥ ਭੀ ਸਚਾ ਸਾਲਾਹਣਾ ਸਚੈ ਥਾਨਿ ਪਿਆਰੁ ॥੨॥ ਦਰ ਘਰ ਮਹਲਾ ਸੋਹਣੇ ਪਕੇ ਕੋਟ ਹਜਾਰ ॥ ਹਸਤੀ ਘੋੜੇ ਪਾਖਰੇ ਲਸਕਰ ਲਖ ਅਪਾਰ ॥ ਕਿਸ ਹੀ ਨਾਲਿ ਨ ਚਲਿਆ ਖਪਿ ਖਪਿ ਮੁਏ ਅਸਾਰ ॥੩॥ ਸੁਇਨਾ ਰੁਪਾ ਸੰਚੀਐ ਮਾਲੁ ਜਾਲੁ ਜੰਜਾਲੁ ॥ ਸਭ ਜਗ ਮਹਿ ਦੋਹੀ ਫੇਰੀਐ ਬਿਨੁ ਨਾਵੈ ਸਿਰਿ ਕਾਲੁ ॥ ਪਿੰਡੁ ਪੜੈ ਜੀਉ ਖੇਲਸੀ ਬਦਫੈਲੀ ਕਿਆ ਹਾਲੁ ॥੪॥ ਪੁਤਾ ਦੇਖਿ ਵਿਗਸੀਐ ਨਾਰੀ ਸੇਜ ਭਤਾਰ ॥ ਚੋਆ ਚੰਦਨੁ ਲਾਈਐ ਕਾਪੜੁ ਰੂਪੁ ਸੀਗਾਰੁ ॥ ਖੇਹੂ ਖੇਹ ਰਲਾਈਐ ਛੋਡਿ ਚਲੈ ਘਰ ਬਾਰੁ ॥੫॥ ਮਹਰ ਮਲੂਕ ਕਹਾਈਐ ਰਾਜਾ ਰਾਉ ਕਿ ਖਾਨੁ ॥ ਚਉਧਰੀ ਰਾਉ ਸਦਾਈਐ ਜਲਿ ਬਲੀਐ ਅਭਿਮਾਨ ॥ ਮਨਮੁਖਿ ਨਾਮੁ ਵਿਸਾਰਿਆ ਜਿਉ ਡਵਿ ਦਧਾ ਕਾਨੁ ॥੬॥ ਹਉਮੈ ਕਰਿ ਕਰਿ ਜਾਇਸੀ ਜੋ ਆਇਆ ਜਗ ਮਾਹਿ ॥ ਸਭੁ ਜਗੁ ਕਾਜਲ ਕੋਠੜੀ ਤਨੁ ਮਨੁ ਦੇਹ ਸੁਆਹਿ ॥ ਗੁਰਿ ਰਾਖੇ ਸੇ ਨਿਰਮਲੇ ਸਬਦਿ ਨਿਵਾਰੀ ਭਾਹਿ ॥੭॥ ਨਾਨਕ ਤਰੀਐ ਸਚਿ ਨਾਮਿ ਸਿਰਿ ਸਾਹਾ ਪਾਤਿਸਾਹੁ ॥ ਮੈ ਹਰਿ ਨਾਮੁ ਨ ਵੀਸਰੈ ਹਰਿ ਨਾਮੁ ਰਤਨੁ ਵੇਸਾਹੁ ॥ ਮਨਮੁਖ ਭਉਜਲਿ ਪਚਿ ਮੁਏ ਗੁਰਮੁਖਿ ਤਰੇ ਅਥਾਹੁ ॥੮॥੧੬॥
Scroll