ਨਟ ਮਹਲਾ ੪ ॥ ਰਾਮ ਹਮ ਪਾਥਰ ਨਿਰਗੁਨੀਆਰੇ ॥ ਕ੍ਰਿਪਾ ਕ੍ਰਿਪਾ ਕਰਿ ਗੁਰੂ ਮਿਲਾਏ ਹਮ ਪਾਹਨ ਸਬਦਿ ਗੁਰ ਤਾਰੇ ॥੧॥ ਰਹਾਉ ॥ ਸਤਿਗੁਰ ਨਾਮੁ ਦ੍ਰਿੜਾਏ ਅਤਿ ਮੀਠਾ ਮੈਲਾਗਰੁ ਮਲਗਾਰੇ ॥ ਨਾਮੈ ਸੁਰਤਿ ਵਜੀ ਹੈ ਦਹ ਦਿਸਿ ਹਰਿ ਮੁਸਕੀ ਮੁਸਕ ਗੰਧਾਰੇ ॥੧॥ ਤੇਰੀ ਨਿਰਗੁਣ ਕਥਾ ਕਥਾ ਹੈ ਮੀਠੀ ਗੁਰਿ ਨੀਕੇ ਬਚਨ ਸਮਾਰੇ ॥ ਗਾਵਤ ਗਾਵਤ ਹਰਿ ਗੁਨ ਗਾਏ ਗੁਨ ਗਾਵਤ ਗੁਰਿ ਨਿਸਤਾਰੇ ॥੨॥ ਬਿਬੇਕੁ ਗੁਰੂ ਗੁਰੂ ਸਮਦਰਸੀ ਤਿਸੁ ਮਿਲੀਐ ਸੰਕ ਉਤਾਰੇ ॥ ਸਤਿਗੁਰ ਮਿਲਿਐ ਪਰਮ ਪਦੁ ਪਾਇਆ ਹਉ ਸਤਿਗੁਰ ਕੈ ਬਲਿਹਾਰੇ ॥੩॥ਪਾਖੰਡ ਪਾਖੰਡ ਕਰਿ ਕਰਿ ਭਰਮੇ ਲੋਭੁ ਪਾਖੰਡੁ ਜਗਿ ਬੁਰਿਆਰੇ ॥ ਹਲਤਿ ਪਲਤਿ ਦੁਖਦਾਈ ਹੋਵਹਿ ਜਮਕਾਲੁ ਖੜਾ ਸਿਰਿ ਮਾਰੇ ॥੪॥ ਉਗਵੈ ਦਿਨਸੁ ਆਲੁ ਜਾਲੁ ਸਮ੍ਹ੍ਹਾਲੈ ਬਿਖੁ ਮਾਇਆ ਕੇ ਬਿਸਥਾਰੇ ॥ ਆਈ ਰੈਨਿ ਭਇਆ ਸੁਪਨੰਤਰੁ ਬਿਖੁ ਸੁਪਨੈ ਭੀ ਦੁਖ ਸਾਰੇ ॥੫॥ ਕਲਰੁ ਖੇਤੁ ਲੈ ਕੂੜੁ ਜਮਾਇਆ ਸਭ ਕੂੜੈ ਕੇ ਖਲਵਾਰੇ ॥ ਸਾਕਤ ਨਰ ਸਭਿ ਭੂਖ ਭੁਖਾਨੇ ਦਰਿ ਠਾਢੇ ਜਮ ਜੰਦਾਰੇ ॥੬॥ ਮਨਮੁਖ ਕਰਜੁ ਚੜਿਆ ਬਿਖੁ ਭਾਰੀ ਉਤਰੈ ਸਬਦੁ ਵੀਚਾਰੇ ॥ ਜਿਤਨੇ ਕਰਜ ਕਰਜ ਕੇ ਮੰਗੀਏ ਕਰਿ ਸੇਵਕ ਪਗਿ ਲਗਿ ਵਾਰੇ ॥੭॥ ਜਗੰਨਾਥ ਸਭਿ ਜੰਤ੍ਰ ਉਪਾਏ ਨਕਿ ਖੀਨੀ ਸਭ ਨਥਹਾਰੇ ॥ ਨਾਨਕ ਪ੍ਰਭੁ ਖਿੰਚੈ ਤਿਵ ਚਲੀਐ ਜਿਉ ਭਾਵੈ ਰਾਮ ਪਿਆਰੇ ॥੮॥੨॥
Scroll