ਮਾਰੂ ਸੋਲਹੇ ਮਹਲਾ ੩ ੴ ਸਤਿਗੁਰ ਪ੍ਰਸਾਦਿ ॥ ਹੁਕਮੀ ਸਹਜੇ ਸ੍ਰਿਸਟਿ ਉਪਾਈ ॥ ਕਰਿ ਕਰਿ ਵੇਖੈ ਅਪਣੀ ਵਡਿਆਈ ॥ ਆਪੇ ਕਰੇ ਕਰਾਏ ਆਪੇ ਹੁਕਮੇ ਰਹਿਆ ਸਮਾਈ ਹੇ ॥੧॥ ਮਾਇਆ ਮੋਹੁ ਜਗਤੁ ਗੁਬਾਰਾ ॥ ਗੁਰਮੁਖਿ ਬੂਝੈ ਕੋ ਵੀਚਾਰਾ ॥ ਆਪੇ ਨਦਰਿ ਕਰੇ ਸੋ ਪਾਏ ਆਪੇ ਮੇਲਿ ਮਿਲਾਈ ਹੇ ॥੨॥ ਆਪੇ ਮੇਲੇ ਦੇ ਵਡਿਆਈ ॥ ਗੁਰ ਪਰਸਾਦੀ ਕੀਮਤਿ ਪਾਈ ॥ ਮਨਮੁਖਿ ਬਹੁਤੁ ਫਿਰੈ ਬਿਲਲਾਦੀ ਦੂਜੈ ਭਾਇ ਖੁਆਈ ਹੇ ॥੩॥ ਹਉਮੈ ਮਾਇਆ ਵਿਚੇ ਪਾਈ ॥ ਮਨਮੁਖ ਭੂਲੇ ਪਤਿ ਗਵਾਈ ॥ ਗੁਰਮੁਖਿ ਹੋਵੈ ਸੋ ਨਾਇ ਰਾਚੈ ਸਾਚੈ ਰਹਿਆ ਸਮਾਈ ਹੇ ॥੪॥ਗੁਰ ਤੇ ਗਿਆਨੁ ਨਾਮ ਰਤਨੁ ਪਾਇਆ ॥ ਮਨਸਾ ਮਾਰਿ ਮਨ ਮਾਹਿ ਸਮਾਇਆ ॥ ਆਪੇ ਖੇਲ ਕਰੇ ਸਭਿ ਕਰਤਾ ਆਪੇ ਦੇਇ ਬੁਝਾਈ ਹੇ ॥੫॥ ਸਤਿਗੁਰੁ ਸੇਵੇ ਆਪੁ ਗਵਾਏ ॥ ਮਿਲਿ ਪ੍ਰੀਤਮ ਸਬਦਿ ਸੁਖੁ ਪਾਏ ॥ ਅੰਤਰਿ ਪਿਆਰੁ ਭਗਤੀ ਰਾਤਾ ਸਹਜਿ ਮਤੇ ਬਣਿ ਆਈ ਹੇ ॥੬॥ ਦੂਖ ਨਿਵਾਰਣੁ ਗੁਰ ਤੇ ਜਾਤਾ ॥ ਆਪਿ ਮਿਲਿਆ ਜਗਜੀਵਨੁ ਦਾਤਾ ॥ ਜਿਸ ਨੋ ਲਾਏ ਸੋਈ ਬੂਝੈ ਭਉ ਭਰਮੁ ਸਰੀਰਹੁ ਜਾਈ ਹੇ ॥੭॥ ਆਪੇ ਗੁਰਮੁਖਿ ਆਪੇ ਦੇਵੈ ॥ ਸਚੈ ਸਬਦਿ ਸਤਿਗੁਰੁ ਸੇਵੈ ॥ ਜਰਾ ਜਮੁ ਤਿਸੁ ਜੋਹਿ ਨ ਸਾਕੈ ਸਾਚੇ ਸਿਉ ਬਣਿ ਆਈ ਹੇ ॥੮॥ਤ੍ਰਿਸਨਾ ਅਗਨਿ ਜਲੈ ਸੰਸਾਰਾ ॥ ਜਲਿ ਜਲਿ ਖਪੈ ਬਹੁਤੁ ਵਿਕਾਰਾ ॥ ਮਨਮੁਖੁ ਠਉਰ ਨ ਪਾਏ ਕਬਹੂ ਸਤਿਗੁਰ ਬੂਝ ਬੁਝਾਈ ਹੇ ॥੯॥ ਸਤਿਗੁਰੁ ਸੇਵਨਿ ਸੇ ਵਡਭਾਗੀ ॥ ਸਾਚੈ ਨਾਮਿ ਸਦਾ ਲਿਵ ਲਾਗੀ ॥ ਅੰਤਰਿ ਨਾਮੁ ਰਵਿਆ ਨਿਹਕੇਵਲੁ ਤ੍ਰਿਸਨਾ ਸਬਦਿ ਬੁਝਾਈ ਹੇ ॥੧੦॥ ਸਚਾ ਸਬਦੁ ਸਚੀ ਹੈ ਬਾਣੀ ॥ ਗੁਰਮੁਖਿ ਵਿਰਲੈ ਕਿਨੈ ਪਛਾਣੀ ॥ ਸਚੈ ਸਬਦਿ ਰਤੇ ਬੈਰਾਗੀ ਆਵਣੁ ਜਾਣੁ ਰਹਾਈ ਹੇ ॥੧੧॥ ਸਬਦੁ ਬੁਝੈ ਸੋ ਮੈਲੁ ਚੁਕਾਏ ॥ ਨਿਰਮਲ ਨਾਮੁ ਵਸੈ ਮਨਿ ਆਏ ॥ ਸਤਿਗੁਰੁ ਅਪਣਾ ਸਦ ਹੀ ਸੇਵਹਿ ਹਉਮੈ ਵਿਚਹੁ ਜਾਈ ਹੇ ॥੧੨॥ ਗੁਰ ਤੇ ਬੂਝੈ ਤਾ ਦਰੁ ਸੂਝੈ ॥ ਨਾਮ ਵਿਹੂਣਾ ਕਥਿ ਕਥਿ ਲੂਝੈ ॥ ਸਤਿਗੁਰ ਸੇਵੇ ਕੀ ਵਡਿਆਈ ਤ੍ਰਿਸਨਾ ਭੂਖ ਗਵਾਈ ਹੇ ॥੧੩॥ ਆਪੇ ਆਪਿ ਮਿਲੈ ਤਾ ਬੂਝੈ ॥ ਗਿਆਨ ਵਿਹੂਣਾ ਕਿਛੂ ਨ ਸੂਝੈ ॥ ਗੁਰ ਕੀ ਦਾਤਿ ਸਦਾ ਮਨ ਅੰਤਰਿ ਬਾਣੀ ਸਬਦਿ ਵਜਾਈ ਹੇ ॥੧੪॥ ਜੋ ਧੁਰਿ ਲਿਖਿਆ ਸੁ ਕਰਮ ਕਮਾਇਆ ॥ ਕੋਇ ਨ ਮੇਟੈ ਧੁਰਿ ਫੁਰਮਾਇਆ ॥ ਸਤਸੰਗਤਿ ਮਹਿ ਤਿਨ ਹੀ ਵਾਸਾ ਜਿਨ ਕਉ ਧੁਰਿ ਲਿਖਿ ਪਾਈ ਹੇ ॥੧੫॥ ਅਪਣੀ ਨਦਰਿ ਕਰੇ ਸੋ ਪਾਏ ॥ ਸਚੈ ਸਬਦਿ ਤਾੜੀ ਚਿਤੁ ਲਾਏ ॥ ਨਾਨਕ ਦਾਸੁ ਕਹੈ ਬੇਨੰਤੀ ਭੀਖਿਆ ਨਾਮੁ ਦਰਿ ਪਾਈ ਹੇ ॥੧੬॥੧॥
Scroll