ਮਾਰੂ ਮਹਲਾ ੩ ॥ ਆਪੇ ਸ੍ਰਿਸਟਿ ਹੁਕਮਿ ਸਭ ਸਾਜੀ ॥ ਆਪੇ ਥਾਪਿ ਉਥਾਪਿ ਨਿਵਾਜੀ ॥ ਆਪੇ ਨਿਆਉ ਕਰੇ ਸਭੁ ਸਾਚਾ ਸਾਚੇ ਸਾਚਿ ਮਿਲਾਇਦਾ ॥੧॥ ਕਾਇਆ ਕੋਟੁ ਹੈ ਆਕਾਰਾ ॥ ਮਾਇਆ ਮੋਹੁ ਪਸਰਿਆ ਪਾਸਾਰਾ ॥ ਬਿਨੁ ਸਬਦੈ ਭਸਮੈ ਕੀ ਢੇਰੀ ਖੇਹੂ ਖੇਹ ਰਲਾਇਦਾ ॥੨॥ ਕਾਇਆ ਕੰਚਨ ਕੋਟੁ ਅਪਾਰਾ ॥ ਜਿਸੁ ਵਿਚਿ ਰਵਿਆ ਸਬਦੁ ਅਪਾਰਾ ॥ ਗੁਰਮੁਖਿ ਗਾਵੈ ਸਦਾ ਗੁਣ ਸਾਚੇ ਮਿਲਿ ਪ੍ਰੀਤਮ ਸੁਖੁ ਪਾਇਦਾ ॥੩॥ ਕਾਇਆ ਹਰਿ ਮੰਦਰੁ ਹਰਿ ਆਪਿ ਸਵਾਰੇ ॥ ਤਿਸੁ ਵਿਚਿ ਹਰਿ ਜੀਉ ਵਸੈ ਮੁਰਾਰੇ ॥ ਗੁਰ ਕੈ ਸਬਦਿ ਵਣਜਨਿ ਵਾਪਾਰੀ ਨਦਰੀ ਆਪਿ ਮਿਲਾਇਦਾ॥੪॥ਸੋ ਸੂਚਾ ਜਿ ਕਰੋਧੁ ਨਿਵਾਰੇ ॥ ਸਬਦੇ ਬੂਝੈ ਆਪੁ ਸਵਾਰੇ ॥ ਆਪੇ ਕਰੇ ਕਰਾਏ ਕਰਤਾ ਆਪੇ ਮੰਨਿ ਵਸਾਇਦਾ ॥੫॥ ਨਿਰਮਲ ਭਗਤਿ ਹੈ ਨਿਰਾਲੀ ॥ ਮਨੁ ਤਨੁ ਧੋਵਹਿ ਸਬਦਿ ਵੀਚਾਰੀ ॥ ਅਨਦਿਨੁ ਸਦਾ ਰਹੈ ਰੰਗਿ ਰਾਤਾ ਕਰਿ ਕਿਰਪਾ ਭਗਤਿ ਕਰਾਇਦਾ ॥੬॥ ਇਸੁ ਮਨ ਮੰਦਰ ਮਹਿ ਮਨੂਆ ਧਾਵੈ ॥ ਸੁਖੁ ਪਲਰਿ ਤਿਆਗਿ ਮਹਾ ਦੁਖੁ ਪਾਵੈ ॥ ਬਿਨੁ ਸਤਿਗੁਰ ਭੇਟੇ ਠਉਰ ਨ ਪਾਵੈ ਆਪੇ ਖੇਲੁ ਕਰਾਇਦਾ ॥੭॥ ਆਪਿ ਅਪਰੰਪਰੁ ਆਪਿ ਵੀਚਾਰੀ ॥ ਆਪੇ ਮੇਲੇ ਕਰਣੀ ਸਾਰੀ ॥ ਕਿਆ ਕੋ ਕਾਰ ਕਰੇ ਵੇਚਾਰਾ ਆਪੇ ਬਖਸਿ ਮਿਲਾਇਦਾ ॥੮॥ਆਪੇ ਸਤਿਗੁਰੁ ਮੇਲੇ ਪੂਰਾ ॥ ਸਚੈ ਸਬਦਿ ਮਹਾਬਲ ਸੂਰਾ ॥ ਆਪੇ ਮੇਲੇ ਦੇ ਵਡਿਆਈ ਸਚੇ ਸਿਉ ਚਿਤੁ ਲਾਇਦਾ ॥੯॥ ਘਰ ਹੀ ਅੰਦਰਿ ਸਾਚਾ ਸੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥ ਨਾਮੁ ਨਿਧਾਨੁ ਵਸਿਆ ਘਟ ਅੰਤਰਿ ਰਸਨਾ ਨਾਮੁ ਧਿਆਇਦਾ ॥੧੦॥ ਦਿਸੰਤਰੁ ਭਵੈ ਅੰਤਰੁ ਨਹੀ ਭਾਲੇ ॥ ਮਾਇਆ ਮੋਹਿ ਬਧਾ ਜਮਕਾਲੇ ॥ ਜਮ ਕੀ ਫਾਸੀ ਕਬਹੂ ਨ ਤੂਟੈ ਦੂਜੈ ਭਾਇ ਭਰਮਾਇਦਾ ॥੧੧॥ ਜਪੁ ਤਪੁ ਸੰਜਮੁ ਹੋਰੁ ਕੋਈ ਨਾਹੀ ॥ ਜਬ ਲਗੁ ਗੁਰ ਕਾ ਸਬਦੁ ਨ ਕਮਾਹੀ ॥ ਗੁਰ ਕੈ ਸਬਦਿ ਮਿਲਿਆ ਸਚੁ ਪਾਇਆ ਸਚੇ ਸਚਿ ਸਮਾਇਦਾ॥੧੨॥ਕਾਮ ਕਰੋਧੁ ਸਬਲ ਸੰਸਾਰਾ ॥ ਬਹੁ ਕਰਮ ਕਮਾਵਹਿ ਸਭੁ ਦੁਖ ਕਾ ਪਸਾਰਾ ॥ ਸਤਿਗੁਰ ਸੇਵਹਿ ਸੇ ਸੁਖੁ ਪਾਵਹਿ ਸਚੈ ਸਬਦਿ ਮਿਲਾਇਦਾ ॥੧੩॥ ਪਉਣੁ ਪਾਣੀ ਹੈ ਬੈਸੰਤਰੁ ॥ ਮਾਇਆ ਮੋਹੁ ਵਰਤੈ ਸਭ ਅੰਤਰਿ ॥ ਜਿਨਿ ਕੀਤੇ ਜਾ ਤਿਸੈ ਪਛਾਣਹਿ ਮਾਇਆ ਮੋਹੁ ਚੁਕਾਇਦਾ ॥੧੪॥ ਇਕਿ ਮਾਇਆ ਮੋਹਿ ਗਰਬਿ ਵਿਆਪੇ ॥ ਹਉਮੈ ਹੋਇ ਰਹੇ ਹੈ ਆਪੇ ॥ ਜਮਕਾਲੈ ਕੀ ਖਬਰਿ ਨ ਪਾਈ ਅੰਤਿ ਗਇਆ ਪਛੁਤਾਇਦਾ ॥੧੫॥ ਜਿਨਿ ਉਪਾਏ ਸੋ ਬਿਧਿ ਜਾਣੈ ॥ ਗੁਰਮੁਖਿ ਦੇਵੈ ਸਬਦੁ ਪਛਾਣੈ ॥ ਨਾਨਕ ਦਾਸੁ ਕਹੈ ਬੇਨੰਤੀ ਸਚਿ ਨਾਮਿ ਚਿਤੁ ਲਾਇਦਾ ॥੧੬॥੨॥੧੬॥
Scroll