HOME
RAAG INDEX
Scroll
page 1035
ਮਾਰੂ ਮਹਲਾ ੧ ॥ ਅਰਬਦ ਨਰਬਦ ਧੁੰਧੂਕਾਰਾ ॥ ਧਰਣਿ ਨ ਗਗਨਾ ਹੁਕਮੁ ਅਪਾਰਾ ॥ ਨਾ ਦਿਨੁ ਰੈਨਿ ਨ ਚੰਦੁ ਨ ਸੂਰਜੁ ਸੁੰਨ ਸਮਾਧਿ ਲਗਾਇਦਾ ॥੧॥ ਖਾਣੀ ਨ ਬਾਣੀ ਪਉਣ ਨ ਪਾਣੀ ॥ ਓਪਤਿ ਖਪਤਿ ਨ ਆਵਣ ਜਾਣੀ ॥ ਖੰਡ ਪਤਾਲ ਸਪਤ ਨਹੀ ਸਾਗਰ ਨਦੀ ਨ ਨੀਰੁ ਵਹਾਇਦਾ ॥੨॥ ਨਾ ਤਦਿ ਸੁਰਗੁ ਮਛੁ ਪਇਆਲਾ ॥ ਦੋਜਕੁ ਭਿਸਤੁ ਨਹੀ ਖੈ ਕਾਲਾ ॥ ਨਰਕੁ ਸੁਰਗੁ ਨਹੀ ਜੰਮਣੁ ਮਰਣਾ ਨਾ ਕੋ ਆਇ ਨ ਜਾਇਦਾ ॥੩॥ ਬ੍ਰਹਮਾ ਬਿਸਨੁ ਮਹੇਸੁ ਨ ਕੋਈ ॥ ਅਵਰੁ ਨ ਦੀਸੈ ਏਕੋ ਸੋਈ ॥ ਨਾਰਿ ਪੁਰਖੁ ਨਹੀ ਜਾਤਿ ਨ ਜਨਮਾ ਨਾ ਕੋ ਦੁਖੁ ਸੁਖੁ ਪਾਇਦਾ ॥੪॥ ਨਾ ਤਦਿ ਜਤੀ ਸਤੀ ਬਨਵਾਸੀ ॥ ਨਾ ਤਦਿ ਸਿਧ ਸਾਧਿਕ ਸੁਖਵਾਸੀ ॥ ਜੋਗੀ ਜੰਗਮ ਭੇਖੁ ਨ ਕੋਈ ਨਾ ਕੋ ਨਾਥੁ ਕਹਾਇਦਾ ॥੫॥ ਜਪ ਤਪ ਸੰਜਮ ਨਾ ਬ੍ਰਤ ਪੂਜਾ ॥ ਨਾ ਕੋ ਆਖਿ ਵਖਾਣੈ ਦੂਜਾ ॥ ਆਪੇ ਆਪਿ ਉਪਾਇ ਵਿਗਸੈ ਆਪੇ ਕੀਮਤਿ ਪਾਇਦਾ ॥੬॥ ਨਾ ਸੁਚਿ ਸੰਜਮੁ ਤੁਲਸੀ ਮਾਲਾ ॥ ਗੋਪੀ ਕਾਨੁ ਨ ਗਊ ਗਆਲਾ ॥ ਤੰਤੁ ਮੰਤੁ ਪਾਖੰਡੁ ਨ ਕੋਈ ਨਾ ਕੋ ਵੰਸੁ ਵਜਾਇਦਾ ॥੭॥ ਕਰਮ ਧਰਮ ਨਹੀ ਮਾਇਆ ਮਾਖੀ ॥ ਜਾਤਿ ਜਨਮੁ ਨਹੀ ਦੀਸੈ ਆਖੀ ॥ ਮਮਤਾ ਜਾਲੁ ਕਾਲੁ ਨਹੀ ਮਾਥੈ ਨਾ ਕੋ ਕਿਸੈ ਧਿਆਇਦਾ ॥੮॥ ਨਿੰਦੁ ਬਿੰਦੁ ਨਹੀ ਜੀਉ ਨ ਜਿੰਦੋ ॥ ਨਾ ਤਦਿ ਗੋਰਖੁ ਨਾ ਮਾਛਿੰਦੋ ॥ ਨਾ ਤਦਿ ਗਿਆਨੁ ਧਿਆਨੁ ਕੁਲ ਓਪਤਿ ਨਾ ਕੋ ਗਣਤ ਗਣਾਇਦਾ ॥੯॥ ਵਰਨ ਭੇਖ ਨਹੀ ਬ੍ਰਹਮਣ ਖਤ੍ਰੀ ॥ ਦੇਉ ਨ ਦੇਹੁਰਾ ਗਊ ਗਾਇਤ੍ਰੀ ॥ ਹੋਮ ਜਗ ਨਹੀ ਤੀਰਥਿ ਨਾਵਣੁ ਨਾ ਕੋ ਪੂਜਾ ਲਾਇਦਾ ॥੧੦॥ ਨਾ ਕੋ ਮੁਲਾ ਨਾ ਕੋ ਕਾਜੀ ॥ ਨਾ ਕੋ ਸੇਖੁ ਮਸਾਇਕੁ ਹਾਜੀ ॥ ਰਈਅਤਿ ਰਾਉ ਨ ਹਉਮੈ ਦੁਨੀਆ ਨਾ ਕੋ ਕਹਣੁ ਕਹਾਇਦਾ ॥੧੧॥ ਭਾਉ ਨ ਭਗਤੀ ਨਾ ਸਿਵ ਸਕਤੀ ॥ ਸਾਜਨੁ ਮੀਤੁ ਬਿੰਦੁ ਨਹੀ ਰਕਤੀ ॥ ਆਪੇ ਸਾਹੁ ਆਪੇ ਵਣਜਾਰਾ ਸਾਚੇ ਏਹੋ ਭਾਇਦਾ ॥੧੨॥ ਬੇਦ ਕਤੇਬ ਨ ਸਿੰਮ੍ਰਿਤਿ ਸਾਸਤ ॥ ਪਾਠ ਪੁਰਾਣ ਉਦੈ ਨਹੀ ਆਸਤ ॥ ਕਹਤਾ ਬਕਤਾ ਆਪਿ ਅਗੋਚਰੁ ਆਪੇ ਅਲਖੁ ਲਖਾਇਦਾ ॥੧੩॥ ਜਾ ਤਿਸੁ ਭਾਣਾ ਤਾ ਜਗਤੁ ਉਪਾਇਆ ॥ ਬਾਝੁ ਕਲਾ ਆਡਾਣੁ ਰਹਾਇਆ ॥ ਬ੍ਰਹਮਾ ਬਿਸਨੁ ਮਹੇਸੁ ਉਪਾਏ ਮਾਇਆ ਮੋਹੁ ਵਧਾਇਦਾ ॥੧੪॥ ਵਿਰਲੇ ਕਉ ਗੁਰਿ ਸਬਦੁ ਸੁਣਾਇਆ ॥ ਕਰਿ ਕਰਿ ਦੇਖੈ ਹੁਕਮੁ ਸਬਾਇਆ ॥ ਖੰਡ ਬ੍ਰਹਮੰਡ ਪਾਤਾਲ ਅਰੰਭੇ ਗੁਪਤਹੁ ਪਰਗਟੀ ਆਇਦਾ ॥੧੫॥ ਤਾ ਕਾ ਅੰਤੁ ਨ ਜਾਣੈ ਕੋਈ ॥ ਪੂਰੇ ਗੁਰ ਤੇ ਸੋਝੀ ਹੋਈ ॥ ਨਾਨਕ ਸਾਚਿ ਰਤੇ ਬਿਸਮਾਦੀ ਬਿਸਮ ਭਏ ਗੁਣ ਗਾਇਦਾ ॥੧੬॥੩॥੧੫॥