page 106
-
ਮਾਝ ਮਹਲਾ ੫ ॥ ਮਨੁ ਤਨੁ ਤੇਰਾ ਧਨੁ ਭੀ ਤੇਰਾ ॥ ਤੂੰ ਠਾਕੁਰੁ ਸੁਆਮੀ ਪ੍ਰਭੁ ਮੇਰਾ ॥ ਜੀਉ ਪਿੰਡੁ ਸਭੁ ਰਾਸਿ ਤੁਮਾਰੀ ਤੇਰਾ ਜੋਰੁ ਗੋਪਾਲਾ ਜੀਉ ॥੧॥ ਸਦਾ ਸਦਾ ਤੂੰਹੈ ਸੁਖਦਾਈ ॥ ਨਿਵਿ ਨਿਵਿ ਲਾਗਾ ਤੇਰੀ ਪਾਈ ॥ ਕਾਰ ਕਮਾਵਾ ਜੇ ਤੁਧੁ ਭਾਵਾ ਜਾ ਤੂੰ ਦੇਹਿ ਦਇਆਲਾ ਜੀਉ ॥੨॥ ਪ੍ਰਭ ਤੁਮ ਤੇ ਲਹਣਾ ਤੂੰ ਮੇਰਾ ਗਹਣਾ ॥ ਜੋ ਤੂੰ ਦੇਹਿ ਸੋਈ ਸੁਖੁ ਸਹਣਾ ॥ ਜਿਥੈ ਰਖਹਿ ਬੈਕੁੰਠੁ ਤਿਥਾਈ ਤੂੰ ਸਭਨਾ ਕੇ ਪ੍ਰਤਿਪਾਲਾ ਜੀਉ ॥੩॥ ਸਿਮਰਿ ਸਿਮਰਿ ਨਾਨਕ ਸੁਖੁ ਪਾਇਆ ॥ ਆਠ ਪਹਰ ਤੇਰੇ ਗੁਣ ਗਾਇਆ ॥ ਸਗਲ ਮਨੋਰਥ ਪੂਰਨ ਹੋਏ ਕਦੇ ਨ ਹੋਇ ਦੁਖਾਲਾ ਜੀਉ ॥੪॥੩੩॥੪੦॥
-
ਮਾਝ ਮਹਲਾ ੫ ॥ ਪਾਰਬ੍ਰਹਮਿ ਪ੍ਰਭਿ ਮੇਘੁ ਪਠਾਇਆ ॥ ਜਲਿ ਥਲਿ ਮਹੀਅਲਿ ਦਹ ਦਿਸਿ ਵਰਸਾਇਆ ॥ ਸਾਂਤਿ ਭਈ ਬੁਝੀ ਸਭ ਤ੍ਰਿਸਨਾ ਅਨਦੁ ਭਇਆ ਸਭ ਠਾਈ ਜੀਉ ॥੧॥ ਸੁਖਦਾਤਾ ਦੁਖ ਭੰਜਨਹਾਰਾ ॥ ਆਪੇ ਬਖਸਿ ਕਰੇ ਜੀਅ ਸਾਰਾ ॥ ਅਪਨੇ ਕੀਤੇ ਨੋ ਆਪਿ ਪ੍ਰਤਿਪਾਲੇ ਪਇ ਪੈਰੀ ਤਿਸਹਿ ਮਨਾਈ ਜੀਉ ॥੨॥ ਜਾ ਕੀ ਸਰਣਿ ਪਇਆ ਗਤਿ ਪਾਈਐ ॥ ਸਾਸਿ ਸਾਸਿ ਹਰਿ ਨਾਮੁ ਧਿਆਈਐ ॥ ਤਿਸੁ ਬਿਨੁ ਹੋਰੁ ਨ ਦੂਜਾ ਠਾਕੁਰੁ ਸਭ ਤਿਸੈ ਕੀਆ ਜਾਈ ਜੀਉ ॥੩॥ ਤੇਰਾ ਮਾਣੁ ਤਾਣੁ ਪ੍ਰਭ ਤੇਰਾ ॥ ਤੂੰ ਸਚਾ ਸਾਹਿਬੁ ਗੁਣੀ ਗਹੇਰਾ ॥ ਨਾਨਕੁ ਦਾਸੁ ਕਹੈ ਬੇਨੰਤੀ ਆਠ ਪਹਰ ਤੁਧੁ ਧਿਆਈ ਜੀਉ ॥੪॥੩੪॥੪੧॥
-
ਮਾਝ ਮਹਲਾ ੫ ॥ ਸਭੇ ਸੁਖ ਭਏ ਪ੍ਰਭ ਤੁਠੇ ॥ ਗੁਰ ਪੂਰੇ ਕੇ ਚਰਣ ਮਨਿ ਵੁਠੇ ॥ ਸਹਜ ਸਮਾਧਿ ਲਗੀ ਲਿਵ ਅੰਤਰਿ ਸੋ ਰਸੁ ਸੋਈ ਜਾਣੈ ਜੀਉ ॥੧॥ ਅਗਮ ਅਗੋਚਰੁ ਸਾਹਿਬੁ ਮੇਰਾ ॥ ਘਟ ਘਟ ਅੰਤਰਿ ਵਰਤੈ ਨੇਰਾ ॥ ਸਦਾ ਅਲਿਪਤੁ ਜੀਆ ਕਾ ਦਾਤਾ ਕੋ ਵਿਰਲਾ ਆਪੁ ਪਛਾਣੈ ਜੀਉ ॥੨॥ ਪ੍ਰਭ ਮਿਲਣੈ ਕੀ ਏਹ ਨੀਸਾਣੀ ॥ ਮਨਿ ਇਕੋ ਸਚਾ ਹੁਕਮੁ ਪਛਾਣੀ ॥ ਸਹਜਿ ਸੰਤੋਖਿ ਸਦਾ ਤ੍ਰਿਪਤਾਸੇ ਅਨਦੁ ਖਸਮ ਕੈ ਭਾਣੈ ਜੀਉ ॥੩॥ ਹਥੀ ਦਿਤੀ ਪ੍ਰਭਿ ਦੇਵਣਹਾਰੈ ॥ ਜਨਮ ਮਰਣ ਰੋਗ ਸਭਿ ਨਿਵਾਰੇ ॥ ਨਾਨਕ ਦਾਸ ਕੀਏ ਪ੍ਰਭਿ ਅਪੁਨੇ ਹਰਿ ਕੀਰਤਨਿ ਰੰਗ ਮਾਣੇ ਜੀਉ ॥੪॥੩੫॥੪੨॥