page 108
-
ਮਾਝ ਮਹਲਾ ੫ ॥ ਮਨੁ ਤਨੁ ਰਤਾ ਰਾਮ ਪਿਆਰੇ ॥ ਸਰਬਸੁ ਦੀਜੈ ਅਪਨਾ ਵਾਰੇ ॥ ਆਠ ਪਹਰ ਗੋਵਿੰਦ ਗੁਣ ਗਾਈਐ ਬਿਸਰੁ ਨ ਕੋਈ ਸਾਸਾ ਜੀਉ ॥੧॥ ਸੋਈ ਸਾਜਨ ਮੀਤੁ ਪਿਆਰਾ ॥ ਰਾਮ ਨਾਮੁ ਸਾਧਸੰਗਿ ਬੀਚਾਰਾ ॥ ਸਾਧੂ ਸੰਗਿ ਤਰੀਜੈ ਸਾਗਰੁ ਕਟੀਐ ਜਮ ਕੀ ਫਾਸਾ ਜੀਉ ॥੨॥ ਚਾਰਿ ਪਦਾਰਥ ਹਰਿ ਕੀ ਸੇਵਾ ॥ ਪਾਰਜਾਤੁ ਜਪਿ ਅਲਖ ਅਭੇਵਾ ॥ ਕਾਮੁ ਕ੍ਰੋਧੁ ਕਿਲਬਿਖ ਗੁਰਿ ਕਾਟੇ ਪੂਰਨ ਹੋਈ ਆਸਾ ਜੀਉ ॥੩॥ ਪੂਰਨ ਭਾਗ ਭਏ ਜਿਸੁ ਪ੍ਰਾਣੀ ॥ ਸਾਧਸੰਗਿ ਮਿਲੇ ਸਾਰੰਗਪਾਣੀ ॥ ਨਾਨਕ ਨਾਮੁ ਵਸਿਆ ਜਿਸੁ ਅੰਤਰਿ ਪਰਵਾਣੁ ਗਿਰਸਤ ਉਦਾਸਾ ਜੀਉ ॥੪॥੪੦॥੪੭॥
-
ਮਾਝ ਮਹਲਾ ੫ ॥ ਸਿਮਰਤ ਨਾਮੁ ਰਿਦੈ ਸੁਖੁ ਪਾਇਆ ॥ ਕਰਿ ਕਿਰਪਾ ਭਗਤੀ ਪ੍ਰਗਟਾਇਆ ॥ ਸੰਤਸੰਗਿ ਮਿਲਿ ਹਰਿ ਹਰਿ ਜਪਿਆ ਬਿਨਸੇ ਆਲਸ ਰੋਗਾ ਜੀਉ ॥੧॥ ਜਾ ਕੈ ਗ੍ਰਿਹਿ ਨਵ ਨਿਧਿ ਹਰਿ ਭਾਈ ॥ ਤਿਸੁ ਮਿਲਿਆ ਜਿਸੁ ਪੁਰਬ ਕਮਾਈ ॥ ਗਿਆਨ ਧਿਆਨ ਪੂਰਨ ਪਰਮੇਸੁਰ ਪ੍ਰਭੁ ਸਭਨਾ ਗਲਾ ਜੋਗਾ ਜੀਉ ॥੨॥ ਖਿਨ ਮਹਿ ਥਾਪਿ ਉਥਾਪਨਹਾਰਾ ॥ ਆਪਿ ਇਕੰਤੀ ਆਪਿ ਪਸਾਰਾ ॥ ਲੇਪੁ ਨਹੀ ਜਗਜੀਵਨ ਦਾਤੇ ਦਰਸਨ ਡਿਠੇ ਲਹਨਿ ਵਿਜੋਗਾ ਜੀਉ ॥੩॥ ਅੰਚਲਿ ਲਾਇ ਸਭ ਸਿਸਟਿ ਤਰਾਈ ॥ ਆਪਣਾ ਨਾਉ ਆਪਿ ਜਪਾਈ ॥ ਗੁਰ ਬੋਹਿਥੁ ਪਾਇਆ ਕਿਰਪਾ ਤੇ ਨਾਨਕ ਧੁਰਿ ਸੰਜੋਗਾ ਜੀਉ ॥੪॥੪੧॥੪੮॥
-
ਮਾਝ ਮਹਲਾ ੫ ॥ ਸੋਈ ਕਰਣਾ ਜਿ ਆਪਿ ਕਰਾਏ ॥ ਜਿਥੈ ਰਖੈ ਸਾ ਭਲੀ ਜਾਏ ॥ ਸੋਈ ਸਿਆਣਾ ਸੋ ਪਤਿਵੰਤਾ ਹੁਕਮੁ ਲਗੈ ਜਿਸੁ ਮੀਠਾ ਜੀਉ ॥੧॥ ਸਭ ਪਰੋਈ ਇਕਤੁ ਧਾਗੈ ॥ ਜਿਸੁ ਲਾਇ ਲਏ ਸੋ ਚਰਣੀ ਲਾਗੈ ॥ ਊਂਧ ਕਵਲੁ ਜਿਸੁ ਹੋਇ ਪ੍ਰਗਾਸਾ ਤਿਨਿ ਸਰਬ ਨਿਰੰਜਨੁ ਡੀਠਾ ਜੀਉ ॥੨॥ ਤੇਰੀ ਮਹਿਮਾ ਤੂੰਹੈ ਜਾਣਹਿ ॥ ਅਪਣਾ ਆਪੁ ਤੂੰ ਆਪਿ ਪਛਾਣਹਿ ॥ ਹਉ ਬਲਿਹਾਰੀ ਸੰਤਨ ਤੇਰੇ ਜਿਨਿ ਕਾਮੁ ਕ੍ਰੋਧੁ ਲੋਭੁ ਪੀਠਾ ਜੀਉ ॥੩॥ ਤੂੰ ਨਿਰਵੈਰੁ ਸੰਤ ਤੇਰੇ ਨਿਰਮਲ ॥ ਜਿਨ ਦੇਖੇ ਸਭ ਉਤਰਹਿ ਕਲਮਲ ॥ ਨਾਨਕ ਨਾਮੁ ਧਿਆਇ ਧਿਆਇ ਜੀਵੈ ਬਿਨਸਿਆ ਭ੍ਰਮੁ ਭਉ ਧੀਠਾ ਜੀਉ ॥੪॥੪੨॥੪੯॥