page 1193
-
ਬਸੰਤ ਕੀ ਵਾਰ ਮਹਲੁ ੫ ੴ ਸਤਿਗੁਰ ਪ੍ਰਸਾਦਿ ॥ ਹਰਿ ਕਾ ਨਾਮੁ ਧਿਆਇ ਕੈ ਹੋਹੁ ਹਰਿਆ ਭਾਈ ॥ ਕਰਮਿ ਲਿਖੰਤੈ ਪਾਈਐ ਇਹ ਰੁਤਿ ਸੁਹਾਈ ॥ ਵਣੁ ਤ੍ਰਿਣੁ ਤ੍ਰਿਭਵਣੁ ਮਉਲਿਆ ਅੰਮ੍ਰਿਤ ਫਲੁ ਪਾਈ ॥ ਮਿਲਿ ਸਾਧੂ ਸੁਖੁ ਊਪਜੈ ਲਥੀ ਸਭ ਛਾਈ ॥ ਨਾਨਕੁ ਸਿਮਰੈ ਏਕੁ ਨਾਮੁ ਫਿਰਿ ਬਹੁੜਿ ਨ ਧਾਈ ॥੧॥
-
ਪੰਜੇ ਬਧੇ ਮਹਾਬਲੀ ਕਰਿ ਸਚਾ ਢੋਆ ॥ ਆਪਣੇ ਚਰਣ ਜਪਾਇਅਨੁ ਵਿਚਿ ਦਯੁ ਖੜੋਆ ॥ ਰੋਗ ਸੋਗ ਸਭਿ ਮਿਟਿ ਗਏ ਨਿਤ ਨਵਾ ਨਿਰੋਆ ॥ ਦਿਨੁ ਰੈਣਿ ਨਾਮੁ ਧਿਆਇਦਾ ਫਿਰਿ ਪਾਇ ਨ ਮੋਆ ॥ ਜਿਸ ਤੇ ਉਪਜਿਆ ਨਾਨਕਾ ਸੋਈ ਫਿਰਿ ਹੋਆ ॥੨॥
-
ਕਿਥਹੁ ਉਪਜੈ ਕਹ ਰਹੈ ਕਹ ਮਾਹਿ ਸਮਾਵੈ ॥ ਜੀਅ ਜੰਤ ਸਭਿ ਖਸਮ ਕੇ ਕਉਣੁ ਕੀਮਤਿ ਪਾਵੈ ॥ ਕਹਨਿ ਧਿਆਇਨਿ ਸੁਣਨਿ ਨਿਤ ਸੇ ਭਗਤ ਸੁਹਾਵੈ ॥ ਅਗਮੁ ਅਗੋਚਰੁ ਸਾਹਿਬੋ ਦੂਸਰੁ ਲਵੈ ਨ ਲਾਵੈ ॥ ਸਚੁ ਪੂਰੈ ਗੁਰਿ ਉਪਦੇਸਿਆ ਨਾਨਕੁ ਸੁਣਾਵੈ ॥੩॥੧॥
-
ਬਸੰਤੁ ਬਾਣੀ ਭਗਤਾਂ ਕੀ ॥ ਕਬੀਰ ਜੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਮਉਲੀ ਧਰਤੀ ਮਉਲਿਆ ਅਕਾਸੁ ॥ ਘਟਿ ਘਟਿ ਮਉਲਿਆ ਆਤਮ ਪ੍ਰਗਾਸੁ ॥੧॥ ਰਾਜਾ ਰਾਮੁ ਮਉਲਿਆ ਅਨਤ ਭਾਇ ॥ ਜਹ ਦੇਖਉ ਤਹ ਰਹਿਆ ਸਮਾਇ ॥੧॥ ਰਹਾਉ ॥ ਦੁਤੀਆ ਮਉਲੇ ਚਾਰਿ ਬੇਦ ॥ ਸਿੰਮ੍ਰਿਤਿ ਮਉਲੀ ਸਿਉ ਕਤੇਬ ॥੨॥ ਸੰਕਰੁ ਮਉਲਿਓ ਜੋਗ ਧਿਆਨ ॥ ਕਬੀਰ ਕੋ ਸੁਆਮੀ ਸਭ ਸਮਾਨ ॥੩॥੧॥
-
ਪੰਡਿਤ ਜਨ ਮਾਤੇ ਪੜ੍ਹ੍ਹਿ ਪੁਰਾਨ ॥ ਜੋਗੀ ਮਾਤੇ ਜੋਗ ਧਿਆਨ ॥ ਸੰਨਿਆਸੀ ਮਾਤੇ ਅਹੰਮੇਵ ॥ ਤਪਸੀ ਮਾਤੇ ਤਪ ਕੈ ਭੇਵ ॥੧॥ ਸਭ ਮਦ ਮਾਤੇ ਕੋਊ ਨ ਜਾਗ ॥ ਸੰਗ ਹੀ ਚੋਰ ਘਰੁ ਮੁਸਨ ਲਾਗ ॥੧॥ ਰਹਾਉ ॥ ਜਾਗੈ ਸੁਕਦੇਉ ਅਰੁ ਅਕੂਰੁ ॥ ਹਣਵੰਤੁ ਜਾਗੈ ਧਰਿ ਲੰਕੂਰੁ ॥ ਸੰਕਰੁ ਜਾਗੈ ਚਰਨ ਸੇਵ ॥ ਕਲਿ ਜਾਗੇ ਨਾਮਾ ਜੈਦੇਵ ॥੨॥ ਜਾਗਤ ਸੋਵਤ ਬਹੁ ਪ੍ਰਕਾਰ ॥ ਗੁਰਮੁਖਿ ਜਾਗੈ ਸੋਈ ਸਾਰੁ ॥ ਇਸੁ ਦੇਹੀ ਕੇ ਅਧਿਕ ਕਾਮ ॥ ਕਹਿ ਕਬੀਰ ਭਜਿ ਰਾਮ ਨਾਮ ॥੩॥੨॥