page 1279
-
ਮਹਲਾ ੧ ॥ ਹੇਕੋ ਪਾਧਰੁ ਹੇਕੁ ਦਰੁ ਗੁਰ ਪਉੜੀ ਨਿਜ ਥਾਨੁ ॥ ਰੂੜਉ ਠਾਕੁਰੁ ਨਾਨਕਾ ਸਭਿ ਸੁਖ ਸਾਚਉ ਨਾਮੁ ॥੨॥
-
ਪਉੜੀ ॥ ਆਪੀਨ੍ਹ੍ਹੈ ਆਪੁ ਸਾਜਿ ਆਪੁ ਪਛਾਣਿਆ ॥ ਅੰਬਰੁ ਧਰਤਿ ਵਿਛੋੜਿ ਚੰਦੋਆ ਤਾਣਿਆ ॥ ਵਿਣੁ ਥੰਮ੍ਹ੍ਹਾ ਗਗਨੁ ਰਹਾਇ ਸਬਦੁ ਨੀਸਾਣਿਆ ॥ ਸੂਰਜੁ ਚੰਦੁ ਉਪਾਇ ਜੋਤਿ ਸਮਾਣਿਆ ॥ ਕੀਏ ਰਾਤਿ ਦਿਨੰਤੁ ਚੋਜ ਵਿਡਾਣਿਆ ॥ ਤੀਰਥ ਧਰਮ ਵੀਚਾਰ ਨਾਵਣ ਪੁਰਬਾਣਿਆ ॥ ਤੁਧੁ ਸਰਿ ਅਵਰੁ ਨ ਕੋਇ ਕਿ ਆਖਿ ਵਖਾਣਿਆ ॥ ਸਚੈ ਤਖਤਿ ਨਿਵਾਸੁ ਹੋਰ ਆਵਣ ਜਾਣਿਆ ॥੧॥
-
ਸਲੋਕ ਮਃ ੧ ॥ ਨਾਨਕ ਸਾਵਣਿ ਜੇ ਵਸੈ ਚਹੁ ਓਮਾਹਾ ਹੋਇ ॥ ਨਾਗਾਂ ਮਿਰਗਾਂ ਮਛੀਆਂ ਰਸੀਆਂ ਘਰਿ ਧਨੁ ਹੋਇ ॥੧॥
-
ਮਃ ੧ ॥ ਨਾਨਕ ਸਾਵਣਿ ਜੇ ਵਸੈ ਚਹੁ ਵੇਛੋੜਾ ਹੋਇ ॥ ਗਾਈ ਪੁਤਾ ਨਿਰਧਨਾ ਪੰਥੀ ਚਾਕਰੁ ਹੋਇ ॥੨॥
-
ਪਉੜੀ ॥ ਤੂ ਸਚਾ ਸਚਿਆਰੁ ਜਿਨਿ ਸਚੁ ਵਰਤਾਇਆ ॥ ਬੈਠਾ ਤਾੜੀ ਲਾਇ ਕਵਲੁ ਛਪਾਇਆ ॥ ਬ੍ਰਹਮੈ ਵਡਾ ਕਹਾਇ ਅੰਤੁ ਨ ਪਾਇਆ ॥ ਨਾ ਤਿਸੁ ਬਾਪੁ ਨ ਮਾਇ ਕਿਨਿ ਤੂ ਜਾਇਆ ॥ ਨਾ ਤਿਸੁ ਰੂਪੁ ਨ ਰੇਖ ਵਰਨ ਸਬਾਇਆ ॥ ਨਾ ਤਿਸੁ ਭੁਖ ਪਿਆਸ ਰਜਾ ਧਾਇਆ ॥ ਗੁਰ ਮਹਿ ਆਪੁ ਸਮੋਇ ਸਬਦੁ ਵਰਤਾਇਆ ॥ ਸਚੇ ਹੀ ਪਤੀਆਇ ਸਚਿ ਸਮਾਇਆ ॥੨॥
-
ਸਲੋਕ ਮਃ ੧ ॥ ਵੈਦੁ ਬੁਲਾਇਆ ਵੈਦਗੀ ਪਕੜਿ ਢੰਢੋਲੇ ਬਾਂਹ ॥ ਭੋਲਾ ਵੈਦੁ ਨ ਜਾਣਈ ਕਰਕ ਕਲੇਜੇ ਮਾਹਿ ॥੧॥
-
ਮਃ ੨ ॥ ਵੈਦਾ ਵੈਦੁ ਸੁਵੈਦੁ ਤੂ ਪਹਿਲਾਂ ਰੋਗੁ ਪਛਾਣੁ ॥ ਐਸਾ ਦਾਰੂ ਲੋੜਿ ਲਹੁ ਜਿਤੁ ਵੰਞੈ ਰੋਗਾ ਘਾਣਿ ॥ ਜਿਤੁ ਦਾਰੂ ਰੋਗ ਉਠਿਅਹਿ ਤਨਿ ਸੁਖੁ ਵਸੈ ਆਇ ॥ ਰੋਗੁ ਗਵਾਇਹਿ ਆਪਣਾ ਤ ਨਾਨਕ ਵੈਦੁ ਸਦਾਇ ॥੨॥
-
ਪਉੜੀ ॥ ਬ੍ਰਹਮਾ ਬਿਸਨੁ ਮਹੇਸੁ ਦੇਵ ਉਪਾਇਆ ॥ ਬ੍ਰਹਮੇ ਦਿਤੇ ਬੇਦ ਪੂਜਾ ਲਾਇਆ ॥ ਦਸ ਅਵਤਾਰੀ ਰਾਮੁ ਰਾਜਾ ਆਇਆ ॥ ਦੈਤਾ ਮਾਰੇ ਧਾਇ ਹੁਕਮਿ ਸਬਾਇਆ ॥ ਈਸ ਮਹੇਸੁਰੁ ਸੇਵ ਤਿਨ੍ਹ੍ਹੀ ਅੰਤੁ ਨ ਪਾਇਆ ॥ ਸਚੀ ਕੀਮਤਿ ਪਾਇ ਤਖਤੁ ਰਚਾਇਆ ॥ ਦੁਨੀਆ ਧੰਧੈ ਲਾਇ ਆਪੁ ਛਪਾਇਆ ॥ ਧਰਮੁ ਕਰਾਏ ਕਰਮ ਧੁਰਹੁ ਫੁਰਮਾਇਆ ॥੩॥