page 131
-
ਮਾਝ ਮਹਲਾ ੫ ॥ ਕਉਣੁ ਸੁ ਮੁਕਤਾ ਕਉਣੁ ਸੁ ਜੁਗਤਾ ॥ ਕਉਣੁ ਸੁ ਗਿਆਨੀ ਕਉਣੁ ਸੁ ਬਕਤਾ ॥ ਕਉਣੁ ਸੁ ਗਿਰਹੀ ਕਉਣੁ ਉਦਾਸੀ ਕਉਣੁ ਸੁ ਕੀਮਤਿ ਪਾਏ ਜੀਉ ॥੧॥ ਕਿਨਿ ਬਿਧਿ ਬਾਧਾ ਕਿਨਿ ਬਿਧਿ ਛੂਟਾ ॥ ਕਿਨਿ ਬਿਧਿ ਆਵਣੁ ਜਾਵਣੁ ਤੂਟਾ ॥ ਕਉਣ ਕਰਮ ਕਉਣ ਨਿਹਕਰਮਾ ਕਉਣੁ ਸੁ ਕਹੈ ਕਹਾਏ ਜੀਉ ॥੨॥ ਕਉਣੁ ਸੁ ਸੁਖੀਆ ਕਉਣੁ ਸੁ ਦੁਖੀਆ ॥ ਕਉਣੁ ਸੁ ਸਨਮੁਖੁ ਕਉਣੁ ਵੇਮੁਖੀਆ ॥ ਕਿਨਿ ਬਿਧਿ ਮਿਲੀਐ ਕਿਨਿ ਬਿਧਿ ਬਿਛੁਰੈ ਇਹ ਬਿਧਿ ਕਉਣੁ ਪ੍ਰਗਟਾਏ ਜੀਉ ॥੩॥ ਕਉਣੁ ਸੁ ਅਖਰੁ ਜਿਤੁ ਧਾਵਤੁ ਰਹਤਾ ॥ ਕਉਣੁ ਉਪਦੇਸੁ ਜਿਤੁ ਦੁਖੁ ਸੁਖੁ ਸਮ ਸਹਤਾ ॥ ਕਉਣੁ ਸੁ ਚਾਲ ਜਿਤੁ ਪਾਰਬ੍ਰਹਮੁ ਧਿਆਏ ਕਿਨਿ ਬਿਧਿ ਕੀਰਤਨੁ ਗਾਏ ਜੀਉ ॥੪॥ ਗੁਰਮੁਖਿ ਮੁਕਤਾ ਗੁਰਮੁਖਿ ਜੁਗਤਾ ॥ ਗੁਰਮੁਖਿ ਗਿਆਨੀ ਗੁਰਮੁਖਿ ਬਕਤਾ ॥ ਧੰਨੁ ਗਿਰਹੀ ਉਦਾਸੀ ਗੁਰਮੁਖਿ ਗੁਰਮੁਖਿ ਕੀਮਤਿ ਪਾਏ ਜੀਉ ॥੫॥ ਹਉਮੈ ਬਾਧਾ ਗੁਰਮੁਖਿ ਛੂਟਾ ॥ ਗੁਰਮੁਖਿ ਆਵਣੁ ਜਾਵਣੁ ਤੂਟਾ ॥ ਗੁਰਮੁਖਿ ਕਰਮ ਗੁਰਮੁਖਿ ਨਿਹਕਰਮਾ ਗੁਰਮੁਖਿ ਕਰੇ ਸੁ ਸੁਭਾਏ ਜੀਉ ॥੬॥ ਗੁਰਮੁਖਿ ਸੁਖੀਆ ਮਨਮੁਖਿ ਦੁਖੀਆ ॥ ਗੁਰਮੁਖਿ ਸਨਮੁਖੁ ਮਨਮੁਖਿ ਵੇਮੁਖੀਆ ॥ ਗੁਰਮੁਖਿ ਮਿਲੀਐ ਮਨਮੁਖਿ ਵਿਛੁਰੈ ਗੁਰਮੁਖਿ ਬਿਧਿ ਪ੍ਰਗਟਾਏ ਜੀਉ ॥੭॥ ਗੁਰਮੁਖਿ ਅਖਰੁ ਜਿਤੁ ਧਾਵਤੁ ਰਹਤਾ ॥ ਗੁਰਮੁਖਿ ਉਪਦੇਸੁ ਦੁਖੁ ਸੁਖੁ ਸਮ ਸਹਤਾ ॥ ਗੁਰਮੁਖਿ ਚਾਲ ਜਿਤੁ ਪਾਰਬ੍ਰਹਮੁ ਧਿਆਏ ਗੁਰਮੁਖਿ ਕੀਰਤਨੁ ਗਾਏ ਜੀਉ ॥੮॥ ਸਗਲੀ ਬਣਤ ਬਣਾਈ ਆਪੇ ॥ ਆਪੇ ਕਰੇ ਕਰਾਏ ਥਾਪੇ ॥ ਇਕਸੁ ਤੇ ਹੋਇਓ ਅਨੰਤਾ ਨਾਨਕ ਏਕਸੁ ਮਾਹਿ ਸਮਾਏ ਜੀਉ ॥੯॥੨॥੩੬॥
-
ਮਾਝ ਮਹਲਾ ੫ ॥ ਪ੍ਰਭੁ ਅਬਿਨਾਸੀ ਤਾ ਕਿਆ ਕਾੜਾ ॥ ਹਰਿ ਭਗਵੰਤਾ ਤਾ ਜਨੁ ਖਰਾ ਸੁਖਾਲਾ ॥ ਜੀਅ ਪ੍ਰਾਨ ਮਾਨ ਸੁਖਦਾਤਾ ਤੂੰ ਕਰਹਿ ਸੋਈ ਸੁਖੁ ਪਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਗੁਰਮੁਖਿ ਮਨਿ ਤਨਿ ਭਾਵਣਿਆ ॥ ਤੂੰ ਮੇਰਾ ਪਰਬਤੁ ਤੂੰ ਮੇਰਾ ਓਲਾ ਤੁਮ ਸੰਗਿ ਲਵੈ ਨ ਲਾਵਣਿਆ ॥੧॥ ਰਹਾਉ ॥ ਤੇਰਾ ਕੀਤਾ ਜਿਸੁ ਲਾਗੈ ਮੀਠਾ ॥ ਘਟਿ ਘਟਿ ਪਾਰਬ੍ਰਹਮੁ ਤਿਨਿ ਜਨਿ ਡੀਠਾ ॥ ਥਾਨਿ ਥਨੰਤਰਿ ਤੂੰਹੈ ਤੂੰਹੈ ਇਕੋ ਇਕੁ ਵਰਤਾਵਣਿਆ ॥੨॥ ਸਗਲ ਮਨੋਰਥ ਤੂੰ ਦੇਵਣਹਾਰਾ ॥ ਭਗਤੀ ਭਾਇ ਭਰੇ ਭੰਡਾਰਾ ॥ ਦਇਆ ਧਾਰਿ ਰਾਖੇ ਤੁਧੁ ਸੇਈ ਪੂਰੈ ਕਰਮਿ ਸਮਾਵਣਿਆ ॥੩॥ ਅੰਧ ਕੂਪ ਤੇ ਕੰਢੈ ਚਾੜੇ ॥ ਕਰਿ ਕਿਰਪਾ ਦਾਸ ਨਦਰਿ ਨਿਹਾਲੇ ॥ ਗੁਣ ਗਾਵਹਿ ਪੂਰਨ ਅਬਿਨਾਸੀ ਕਹਿ ਸੁਣਿ ਤੋਟਿ ਨ ਆਵਣਿਆ ॥੪॥ ਐਥੈ ਓਥੈ ਤੂੰਹੈ ਰਖਵਾਲਾ ॥ ਮਾਤ ਗਰਭ ਮਹਿ ਤੁਮ ਹੀ ਪਾਲਾ ॥ ਮਾਇਆ ਅਗਨਿ ਨ ਪੋਹੈ ਤਿਨ ਕਉ ਰੰਗਿ ਰਤੇ ਗੁਣ ਗਾਵਣਿਆ ॥੫॥ ਕਿਆ ਗੁਣ ਤੇਰੇ ਆਖਿ ਸਮਾਲੀ ॥ ਮਨ ਤਨ ਅੰਤਰਿ ਤੁਧੁ ਨਦਰਿ ਨਿਹਾਲੀ ॥ ਤੂੰ ਮੇਰਾ ਮੀਤੁ ਸਾਜਨੁ ਮੇਰਾ ਸੁਆਮੀ ਤੁਧੁ ਬਿਨੁ ਅਵਰੁ ਨ ਜਾਨਣਿਆ ॥੬॥ ਜਿਸ ਕਉ ਤੂੰ ਪ੍ਰਭ ਭਇਆ ਸਹਾਈ ॥ ਤਿਸੁ ਤਤੀ ਵਾਉ ਨ ਲਗੈ ਕਾਈ ॥ ਤੂ ਸਾਹਿਬੁ ਸਰਣਿ ਸੁਖਦਾਤਾ ਸਤਸੰਗਤਿ ਜਪਿ ਪ੍ਰਗਟਾਵਣਿਆ ॥੭॥ ਤੂੰ ਊਚ ਅਥਾਹੁ ਅਪਾਰੁ ਅਮੋਲਾ ॥ ਤੂੰ ਸਾਚਾ ਸਾਹਿਬੁ ਦਾਸੁ ਤੇਰਾ ਗੋਲਾ ॥ ਤੂੰ ਮੀਰਾ ਸਾਚੀ ਠਕੁਰਾਈ ਨਾਨਕ ਬਲਿ ਬਲਿ ਜਾਵਣਿਆ ॥੮॥੩॥੩੭॥