page 149
-
ਸਲੋਕੁ ਮ ੧ ॥ ਖਤਿਅਹੁ ਜੰਮੇ ਖਤੇ ਕਰਨਿ ਤ ਖਤਿਆ ਵਿਚਿ ਪਾਹਿ ॥ ਧੋਤੇ ਮੂਲਿ ਨ ਉਤਰਹਿ ਜੇ ਸਉ ਧੋਵਣ ਪਾਹਿ ॥ ਨਾਨਕ ਬਖਸੇ ਬਖਸੀਅਹਿ ਨਾਹਿ ਤ ਪਾਹੀ ਪਾਹਿ ॥੧॥
-
ਮ ੧ ॥ ਨਾਨਕ ਬੋਲਣੁ ਝਖਣਾ ਦੁਖ ਛਡਿ ਮੰਗੀਅਹਿ ਸੁਖ ॥ ਸੁਖੁ ਦੁਖੁ ਦੁਇ ਦਰਿ ਕਪੜੇ ਪਹਿਰਹਿ ਜਾਇ ਮਨੁਖ ॥ ਜਿਥੈ ਬੋਲਣਿ ਹਾਰੀਐ ਤਿਥੈ ਚੰਗੀ ਚੁਪ ॥੨॥
-
ਪਉੜੀ ॥ ਚਾਰੇ ਕੁੰਡਾ ਦੇਖਿ ਅੰਦਰੁ ਭਾਲਿਆ ॥ ਸਚੈ ਪੁਰਖਿ ਅਲਖਿ ਸਿਰਜਿ ਨਿਹਾਲਿਆ ॥ ਉਝੜਿ ਭੁਲੇ ਰਾਹ ਗੁਰਿ ਵੇਖਾਲਿਆ ॥ ਸਤਿਗੁਰ ਸਚੇ ਵਾਹੁ ਸਚੁ ਸਮਾਲਿਆ ॥ ਪਾਇਆ ਰਤਨੁ ਘਰਾਹੁ ਦੀਵਾ ਬਾਲਿਆ ॥ ਸਚੈ ਸਬਦਿ ਸਲਾਹਿ ਸੁਖੀਏ ਸਚ ਵਾਲਿਆ ॥ ਨਿਡਰਿਆ ਡਰੁ ਲਗਿ ਗਰਬਿ ਸਿ ਗਾਲਿਆ ॥ ਨਾਵਹੁ ਭੁਲਾ ਜਗੁ ਫਿਰੈ ਬੇਤਾਲਿਆ ॥੨੪॥
-
ਸਲੋਕੁ ਮ ੩ ॥ ਭੈ ਵਿਚਿ ਜੰਮੈ ਭੈ ਮਰੈ ਭੀ ਭਉ ਮਨ ਮਹਿ ਹੋਇ ॥ ਨਾਨਕ ਭੈ ਵਿਚਿ ਜੇ ਮਰੈ ਸਹਿਲਾ ਆਇਆ ਸੋਇ ॥੧॥
-
ਮ ੩ ॥ ਭੈ ਵਿਣੁ ਜੀਵੈ ਬਹੁਤੁ ਬਹੁਤੁ ਖੁਸੀਆ ਖੁਸੀ ਕਮਾਇ ॥ ਨਾਨਕ ਭੈ ਵਿਣੁ ਜੇ ਮਰੈ ਮੁਹਿ ਕਾਲੈ ਉਠਿ ਜਾਇ ॥੨॥
-
ਪਉੜੀ ॥ ਸਤਿਗੁਰੁ ਹੋਇ ਦਇਆਲੁ ਤ ਸਰਧਾ ਪੂਰੀਐ ॥ ਸਤਿਗੁਰੁ ਹੋਇ ਦਇਆਲੁ ਨ ਕਬਹੂੰ ਝੂਰੀਐ ॥ ਸਤਿਗੁਰੁ ਹੋਇ ਦਇਆਲੁ ਤਾ ਦੁਖੁ ਨ ਜਾਣੀਐ ॥ ਸਤਿਗੁਰੁ ਹੋਇ ਦਇਆਲੁ ਤਾ ਹਰਿ ਰੰਗੁ ਮਾਣੀਐ ॥ ਸਤਿਗੁਰੁ ਹੋਇ ਦਇਆਲੁ ਤਾ ਜਮ ਕਾ ਡਰੁ ਕੇਹਾ ॥ ਸਤਿਗੁਰੁ ਹੋਇ ਦਇਆਲੁ ਤਾ ਸਦ ਹੀ ਸੁਖੁ ਦੇਹਾ ॥ ਸਤਿਗੁਰੁ ਹੋਇ ਦਇਆਲੁ ਤਾ ਨਵ ਨਿਧਿ ਪਾਈਐ ॥ ਸਤਿਗੁਰੁ ਹੋਇ ਦਇਆਲੁ ਤ ਸਚਿ ਸਮਾਈਐ ॥੨੫॥
-
ਸਲੋਕੁ ਮ ੧ ॥ ਸਿਰੁ ਖੋਹਾਇ ਪੀਅਹਿ ਮਲਵਾਣੀ ਜੂਠਾ ਮੰਗਿ ਮੰਗਿ ਖਾਹੀ ॥ ਫੋਲਿ ਫਦੀਹਤਿ ਮੁਹਿ ਲੈਨਿ ਭੜਾਸਾ ਪਾਣੀ ਦੇਖਿ ਸਗਾਹੀ ॥ ਭੇਡਾ ਵਾਗੀ ਸਿਰੁ ਖੋਹਾਇਨਿ ਭਰੀਅਨਿ ਹਥ ਸੁਆਹੀ ॥ ਮਾਊ ਪੀਊ ਕਿਰਤੁ ਗਵਾਇਨਿ ਟਬਰ ਰੋਵਨਿ ਧਾਹੀ ॥ ਓਨਾ ਪਿੰਡੁ ਨ ਪਤਲਿ ਕਿਰਿਆ ਨ ਦੀਵਾ ਮੁਏ ਕਿਥਾਊ ਪਾਹੀ ॥ ਅਠਸਠਿ ਤੀਰਥ ਦੇਨਿ ਨ ਢੋਈ ਬ੍ਰਹਮਣ ਅੰਨੁ ਨ ਖਾਹੀ ॥ ਸਦਾ ਕੁਚੀਲ ਰਹਹਿ ਦਿਨੁ ਰਾਤੀ ਮਥੈ ਟਿਕੇ ਨਾਹੀ ॥ ਝੁੰਡੀ ਪਾਇ ਬਹਨਿ ਨਿਤਿ ਮਰਣੈ ਦੜਿ ਦੀਬਾਣਿ ਨ ਜਾਹੀ ॥ ਲਕੀ ਕਾਸੇ ਹਥੀ ਫੁੰਮਣ ਅਗੋ ਪਿਛੀ ਜਾਹੀ ॥ ਨਾ ਓਇ ਜੋਗੀ ਨਾ ਓਇ ਜੰਗਮ ਨਾ ਓਇ ਕਾਜੀ ਮੁੰਲਾ ॥ ਦਯਿ ਵਿਗੋਏ ਫਿਰਹਿ ਵਿਗੁਤੇ ਫਿਟਾ ਵਤੈ ਗਲਾ ॥ ਜੀਆ ਮਾਰਿ ਜੀਵਾਲੇ ਸੋਈ ਅਵਰੁ ਨ ਕੋਈ ਰਖੈ ॥ ਦਾਨਹੁ ਤੈ ਇਸਨਾਨਹੁ ਵੰਜੇ ਭਸੁ ਪਈ ਸਿਰਿ ਖੁਥੈ ॥ ਪਾਣੀ ਵਿਚਹੁ ਰਤਨ ਉਪੰਨੇ ਮੇਰੁ ਕੀਆ ਮਾਧਾਣੀ ॥ ਅਠਸਠਿ ਤੀਰਥ ਦੇਵੀ ਥਾਪੇ ਪੁਰਬੀ ਲਗੈ ਬਾਣੀ ॥ ਨਾਇ ਨਿਵਾਜਾ ਨਾਤੈ ਪੂਜਾ ਨਾਵਨਿ ਸਦਾ ਸੁਜਾਣੀ ॥ ਮੁਇਆ ਜੀਵਦਿਆ ਗਤਿ ਹੋਵੈ ਜਾਂ ਸਿਰਿ ਪਾਈਐ ਪਾਣੀ ॥ ਨਾਨਕ ਸਿਰਖੁਥੇ ਸੈਤਾਨੀ ਏਨਾ ਗਲ ਨ ਭਾਣੀ ॥ ਵੁਠੈ ਹੋਇਐ ਹੋਇ ਬਿਲਾਵਲੁ ਜੀਆ ਜੁਗਤਿ ਸਮਾਣੀ ॥ ਵੁਠੈ ਅੰਨੁ ਕਮਾਦੁ ਕਪਾਹਾ ਸਭਸੈ ਪੜਦਾ ਹੋਵੈ ॥ ਵੁਠੈ ਘਾਹੁ ਚਰਹਿ ਨਿਤਿ ਸੁਰਹੀ ਸਾ ਧਨ ਦਹੀ ਵਿਲੋਵੈ ॥ ਤਿਤੁ ਘਿਇ ਹੋਮ ਜਗ ਸਦ ਪੂਜਾ ਪਇਐ ਕਾਰਜੁ ਸੋਹੈ ॥ ਗੁਰੂ ਸਮੁੰਦੁ ਨਦੀ ਸਭਿ ਸਿਖੀ ਨਾਤੈ ਜਿਤੁ ਵਡਿਆਈ ॥ ਨਾਨਕ ਜੇ ਸਿਰਖੁਥੇ ਨਾਵਨਿ ਨਾਹੀ ਤਾ ਸਤ ਚਟੇ ਸਿਰਿ ਛਾਈ ॥੧॥