page 206
-
ਗਉੜੀ ਮਹਲਾ ੫ ॥ ਰਾਖੁ ਪਿਤਾ ਪ੍ਰਭ ਮੇਰੇ ॥ ਮੋਹਿ ਨਿਰਗੁਨੁ ਸਭ ਗੁਨ ਤੇਰੇ ॥੧॥ ਰਹਾਉ ॥ ਪੰਚ ਬਿਖਾਦੀ ਏਕੁ ਗਰੀਬਾ ਰਾਖਹੁ ਰਾਖਨਹਾਰੇ ॥ ਖੇਦੁ ਕਰਹਿ ਅਰੁ ਬਹੁਤੁ ਸੰਤਾਵਹਿ ਆਇਓ ਸਰਨਿ ਤੁਹਾਰੇ ॥੧॥ ਕਰਿ ਕਰਿ ਹਾਰਿਓ ਅਨਿਕ ਬਹੁ ਭਾਤੀ ਛੋਡਹਿ ਕਤਹੂੰ ਨਾਹੀ ॥ ਏਕ ਬਾਤ ਸੁਨਿ ਤਾਕੀ ਓਟਾ ਸਾਧਸੰਗਿ ਮਿਟਿ ਜਾਹੀ ॥੨॥ ਕਰਿ ਕਿਰਪਾ ਸੰਤ ਮਿਲੇ ਮੋਹਿ ਤਿਨ ਤੇ ਧੀਰਜੁ ਪਾਇਆ ॥ ਸੰਤੀ ਮੰਤੁ ਦੀਓ ਮੋਹਿ ਨਿਰਭਉ ਗੁਰ ਕਾ ਸਬਦੁ ਕਮਾਇਆ ॥੩॥ ਜੀਤਿ ਲਏ ਓਇ ਮਹਾ ਬਿਖਾਦੀ ਸਹਜ ਸੁਹੇਲੀ ਬਾਣੀ ॥ ਕਹੁ ਨਾਨਕ ਮਨਿ ਭਇਆ ਪਰਗਾਸਾ ਪਾਇਆ ਪਦੁ ਨਿਰਬਾਣੀ ॥੪॥੪॥੧੨੫॥
-
ਗਉੜੀ ਮਹਲਾ ੫ ॥ ਓਹੁ ਅਬਿਨਾਸੀ ਰਾਇਆ ॥ ਨਿਰਭਉ ਸੰਗਿ ਤੁਮਾਰੈ ਬਸਤੇ ਇਹੁ ਡਰਨੁ ਕਹਾ ਤੇ ਆਇਆ ॥੧॥ ਰਹਾਉ ॥ ਏਕ ਮਹਲਿ ਤੂੰ ਹੋਹਿ ਅਫਾਰੋ ਏਕ ਮਹਲਿ ਨਿਮਾਨੋ ॥ ਏਕ ਮਹਲਿ ਤੂੰ ਆਪੇ ਆਪੇ ਏਕ ਮਹਲਿ ਗਰੀਬਾਨੋ ॥੧॥ ਏਕ ਮਹਲਿ ਤੂੰ ਪੰਡਿਤੁ ਬਕਤਾ ਏਕ ਮਹਲਿ ਖਲੁ ਹੋਤਾ ॥ ਏਕ ਮਹਲਿ ਤੂੰ ਸਭੁ ਕਿਛੁ ਗ੍ਰਾਹਜੁ ਏਕ ਮਹਲਿ ਕਛੂ ਨ ਲੇਤਾ ॥੨॥ ਕਾਠ ਕੀ ਪੁਤਰੀ ਕਹਾ ਕਰੈ ਬਪੁਰੀ ਖਿਲਾਵਨਹਾਰੋ ਜਾਨੈ ॥ ਜੈਸਾ ਭੇਖੁ ਕਰਾਵੈ ਬਾਜੀਗਰੁ ਓਹੁ ਤੈਸੋ ਹੀ ਸਾਜੁ ਆਨੈ ॥੩॥ ਅਨਿਕ ਕੋਠਰੀ ਬਹੁਤੁ ਭਾਤਿ ਕਰੀਆ ਆਪਿ ਹੋਆ ਰਖਵਾਰਾ ॥ ਜੈਸੇ ਮਹਲਿ ਰਾਖੈ ਤੈਸੈ ਰਹਨਾ ਕਿਆ ਇਹੁ ਕਰੈ ਬਿਚਾਰਾ ॥੪॥ ਜਿਨਿ ਕਿਛੁ ਕੀਆ ਸੋਈ ਜਾਨੈ ਜਿਨਿ ਇਹ ਸਭ ਬਿਧਿ ਸਾਜੀ ॥ ਕਹੁ ਨਾਨਕ ਅਪਰੰਪਰ ਸੁਆਮੀ ਕੀਮਤਿ ਅਪੁਨੇ ਕਾਜੀ ॥੫॥੫॥੧੨੬॥
-
ਗਉੜੀ ਮਹਲਾ ੫ ॥ ਛੋਡਿ ਛੋਡਿ ਰੇ ਬਿਖਿਆ ਕੇ ਰਸੂਆ ॥ ਉਰਝਿ ਰਹਿਓ ਰੇ ਬਾਵਰ ਗਾਵਰ ਜਿਉ ਕਿਰਖੈ ਹਰਿਆਇਓ ਪਸੂਆ ॥੧॥ ਰਹਾਉ ॥ ਜੋ ਜਾਨਹਿ ਤੂੰ ਅਪੁਨੇ ਕਾਜੈ ਸੋ ਸੰਗਿ ਨ ਚਾਲੈ ਤੇਰੈ ਤਸੂਆ ॥ ਨਾਗੋ ਆਇਓ ਨਾਗ ਸਿਧਾਸੀ ਫੇਰਿ ਫਿਰਿਓ ਅਰੁ ਕਾਲਿ ਗਰਸੂਆ ॥੧॥ ਪੇਖਿ ਪੇਖਿ ਰੇ ਕਸੁੰਭ ਕੀ ਲੀਲਾ ਰਾਚਿ ਮਾਚਿ ਤਿਨਹੂੰ ਲਉ ਹਸੂਆ ॥ ਛੀਜਤ ਡੋਰਿ ਦਿਨਸੁ ਅਰੁ ਰੈਨੀ ਜੀਅ ਕੋ ਕਾਜੁ ਨ ਕੀਨੋ ਕਛੂਆ ॥੨॥ ਕਰਤ ਕਰਤ ਇਵ ਹੀ ਬਿਰਧਾਨੋ ਹਾਰਿਓ ਉਕਤੇ ਤਨੁ ਖੀਨਸੂਆ ॥ ਜਿਉ ਮੋਹਿਓ ਉਨਿ ਮੋਹਨੀ ਬਾਲਾ ਉਸ ਤੇ ਘਟੈ ਨਾਹੀ ਰੁਚ ਚਸੂਆ ॥੩॥ ਜਗੁ ਐਸਾ ਮੋਹਿ ਗੁਰਹਿ ਦਿਖਾਇਓ ਤਉ ਸਰਣਿ ਪਰਿਓ ਤਜਿ ਗਰਬਸੂਆ ॥ ਮਾਰਗੁ ਪ੍ਰਭ ਕੋ ਸੰਤਿ ਬਤਾਇਓ ਦ੍ਰਿੜੀ ਨਾਨਕ ਦਾਸ ਭਗਤਿ ਹਰਿ ਜਸੂਆ ॥੪॥੬॥੧੨੭॥