page 25
-
ਸਿਰੀਰਾਗੁ ਮਹਲਾ ੧ ਘਰੁ ੪ ॥ ਏਕਾ ਸੁਰਤਿ ਜੇਤੇ ਹੈ ਜੀਅ ॥ ਸੁਰਤਿ ਵਿਹੂਣਾ ਕੋਇ ਨ ਕੀਅ ॥ ਜੇਹੀ ਸੁਰਤਿ ਤੇਹਾ ਤਿਨ ਰਾਹੁ ॥ ਲੇਖਾ ਇਕੋ ਆਵਹੁ ਜਾਹੁ ॥੧॥ ਕਾਹੇ ਜੀਅ ਕਰਹਿ ਚਤੁਰਾਈ ॥ ਲੇਵੈ ਦੇਵੈ ਢਿਲ ਨ ਪਾਈ ॥੧॥ ਰਹਾਉ ॥ ਤੇਰੇ ਜੀਅ ਜੀਆ ਕਾ ਤੋਹਿ ॥ ਕਿਤ ਕਉ ਸਾਹਿਬ ਆਵਹਿ ਰੋਹਿ ॥ ਜੇ ਤੂ ਸਾਹਿਬ ਆਵਹਿ ਰੋਹਿ ॥ ਤੂ ਓਨਾ ਕਾ ਤੇਰੇ ਓਹਿ ॥੨॥ ਅਸੀ ਬੋਲਵਿਗਾੜ ਵਿਗਾੜਹ ਬੋਲ ॥ ਤੂ ਨਦਰੀ ਅੰਦਰਿ ਤੋਲਹਿ ਤੋਲ ॥ ਜਹ ਕਰਣੀ ਤਹ ਪੂਰੀ ਮਤਿ ॥ ਕਰਣੀ ਬਾਝਹੁ ਘਟੇ ਘਟਿ ॥੩॥ ਪ੍ਰਣਵਤਿ ਨਾਨਕ ਗਿਆਨੀ ਕੈਸਾ ਹੋਇ ॥ ਆਪੁ ਪਛਾਣੈ ਬੂਝੈ ਸੋਇ ॥ ਗੁਰ ਪਰਸਾਦਿ ਕਰੇ ਬੀਚਾਰੁ ॥ ਸੋ ਗਿਆਨੀ ਦਰਗਹ ਪਰਵਾਣੁ ॥੪॥੩੦॥
-
ਸਿਰੀਰਾਗੁ ਮਹਲਾ ੧ ਘਰੁ ੪ ॥ ਤੂ ਦਰੀਆਉ ਦਾਨਾ ਬੀਨਾ ਮੈ ਮਛੁਲੀ ਕੈਸੇ ਅੰਤੁ ਲਹਾ ॥ ਜਹ ਜਹ ਦੇਖਾ ਤਹ ਤਹ ਤੂ ਹੈ ਤੁਝ ਤੇ ਨਿਕਸੀ ਫੂਟਿ ਮਰਾ ॥੧॥ ਨ ਜਾਣਾ ਮੇਉ ਨ ਜਾਣਾ ਜਾਲੀ ॥ ਜਾ ਦੁਖੁ ਲਾਗੈ ਤਾ ਤੁਝੈ ਸਮਾਲੀ ॥੧॥ ਰਹਾਉ ॥ ਤੂ ਭਰਪੂਰਿ ਜਾਨਿਆ ਮੈ ਦੂਰਿ ॥ ਜੋ ਕਛੁ ਕਰੀ ਸੁ ਤੇਰੈ ਹਦੂਰਿ ॥ ਤੂ ਦੇਖਹਿ ਹਉ ਮੁਕਰਿ ਪਾਉ ॥ ਤੇਰੈ ਕੰਮਿ ਨ ਤੇਰੈ ਨਾਇ ॥੨॥ ਜੇਤਾ ਦੇਹਿ ਤੇਤਾ ਹਉ ਖਾਉ ॥ ਬਿਆ ਦਰੁ ਨਾਹੀ ਕੈ ਦਰਿ ਜਾਉ ॥ ਨਾਨਕੁ ਏਕ ਕਹੈ ਅਰਦਾਸਿ ॥ ਜੀਉ ਪਿੰਡੁ ਸਭੁ ਤੇਰੈ ਪਾਸਿ ॥੩॥ ਆਪੇ ਨੇੜੈ ਦੂਰਿ ਆਪੇ ਹੀ ਆਪੇ ਮੰਝਿ ਮਿਆਨ ॥ ਆਪੇ ਵੇਖੈ ਸੁਣੇ ਆਪੇ ਹੀ ਕੁਦਰਤਿ ਕਰੇ ਜਹਾਨ ॥ ਜੋ ਤਿਸੁ ਭਾਵੈ ਨਾਨਕਾ ਹੁਕਮੁ ਸੋਈ ਪਰਵਾਨ ॥੪॥੩੧॥
-
ਸਿਰੀਰਾਗੁ ਮਹਲਾ ੧ ਘਰੁ ੪ ॥ ਕੀਤਾ ਕਹਾ ਕਰੇ ਮਨਿ ਮਾਨੁ ॥ ਦੇਵਣਹਾਰੇ ਕੈ ਹਥਿ ਦਾਨੁ ॥ ਭਾਵੈ ਦੇਇ ਨ ਦੇਈ ਸੋਇ ॥ ਕੀਤੇ ਕੈ ਕਹਿਐ ਕਿਆ ਹੋਇ ॥੧॥ ਆਪੇ ਸਚੁ ਭਾਵੈ ਤਿਸੁ ਸਚੁ ॥ ਅੰਧਾ ਕਚਾ ਕਚੁ ਨਿਕਚੁ ॥੧॥ ਰਹਾਉ ॥ ਜਾ ਕੇ ਰੁਖ ਬਿਰਖ ਆਰਾਉ ॥ ਜੇਹੀ ਧਾਤੁ ਤੇਹਾ ਤਿਨ ਨਾਉ ॥ ਫੁਲੁ ਭਾਉ ਫਲੁ ਲਿਖਿਆ ਪਾਇ ॥ ਆਪਿ ਬੀਜਿ ਆਪੇ ਹੀ ਖਾਇ ॥੨॥ ਕਚੀ ਕੰਧ ਕਚਾ ਵਿਚਿ ਰਾਜੁ ॥ ਮਤਿ ਅਲੂਣੀ ਫਿਕਾ ਸਾਦੁ ॥ ਨਾਨਕ ਆਣੇ ਆਵੈ ਰਾਸਿ ॥ ਵਿਣੁ ਨਾਵੈ ਨਾਹੀ ਸਾਬਾਸਿ ॥੩॥੩੨॥
-
ਸਿਰੀਰਾਗੁ ਮਹਲਾ ੧ ਘਰੁ ੫ ॥ ਅਛਲ ਛਲਾਈ ਨਹ ਛਲੈ ਨਹ ਘਾਉ ਕਟਾਰਾ ਕਰਿ ਸਕੈ ॥ ਜਿਉ ਸਾਹਿਬੁ ਰਾਖੈ ਤਿਉ ਰਹੈ ਇਸੁ ਲੋਭੀ ਕਾ ਜੀਉ ਟਲ ਪਲੈ ॥੧॥ ਬਿਨੁ ਤੇਲ ਦੀਵਾ ਕਿਉ ਜਲੈ ॥੧॥ ਰਹਾਉ ॥ ਪੋਥੀ ਪੁਰਾਣ ਕਮਾਈਐ ॥ ਭਉ ਵਟੀ ਇਤੁ ਤਨਿ ਪਾਈਐ ॥ ਸਚੁ ਬੂਝਣੁ ਆਣਿ ਜਲਾਈਐ ॥੨॥ ਇਹੁ ਤੇਲੁ ਦੀਵਾ ਇਉ ਜਲੈ ॥ ਕਰਿ ਚਾਨਣੁ ਸਾਹਿਬ ਤਉ ਮਿਲੈ ॥੧॥ ਰਹਾਉ ॥ ਇਤੁ ਤਨਿ ਲਾਗੈ ਬਾਣੀਆ ॥ ਸੁਖੁ ਹੋਵੈ ਸੇਵ ਕਮਾਣੀਆ ॥ ਸਭ ਦੁਨੀਆ ਆਵਣ ਜਾਣੀਆ ॥੩॥ ਵਿਚਿ ਦੁਨੀਆ ਸੇਵ ਕਮਾਈਐ ॥ ਤਾ ਦਰਗਹ ਬੈਸਣੁ ਪਾਈਐ ॥ ਕਹੁ ਨਾਨਕ ਬਾਹ ਲੁਡਾਈਐ ॥੪॥੩੩॥