page 308
-
ਮਃ ੪ ॥ ਜਿਨ ਕਉ ਆਪਿ ਦੇਇ ਵਡਿਆਈ ਜਗਤੁ ਭੀ ਆਪੇ ਆਣਿ ਤਿਨ ਕਉ ਪੈਰੀ ਪਾਏ ॥ ਡਰੀਐ ਤਾਂ ਜੇ ਕਿਛੁ ਆਪ ਦੂ ਕੀਚੈ ਸਭੁ ਕਰਤਾ ਆਪਣੀ ਕਲਾ ਵਧਾਏ ॥ ਦੇਖਹੁ ਭਾਈ ਏਹੁ ਅਖਾੜਾ ਹਰਿ ਪ੍ਰੀਤਮ ਸਚੇ ਕਾ ਜਿਨਿ ਆਪਣੈ ਜੋਰਿ ਸਭਿ ਆਣਿ ਨਿਵਾਏ ॥ ਆਪਣਿਆ ਭਗਤਾ ਕੀ ਰਖ ਕਰੇ ਹਰਿ ਸੁਆਮੀ ਨਿੰਦਕਾ ਦੁਸਟਾ ਕੇ ਮੁਹ ਕਾਲੇ ਕਰਾਏ ॥ ਸਤਿਗੁਰ ਕੀ ਵਡਿਆਈ ਨਿਤ ਚੜੈ ਸਵਾਈ ਹਰਿ ਕੀਰਤਿ ਭਗਤਿ ਨਿਤ ਆਪਿ ਕਰਾਏ ॥ ਅਨਦਿਨੁ ਨਾਮੁ ਜਪਹੁ ਗੁਰਸਿਖਹੁ ਹਰਿ ਕਰਤਾ ਸਤਿਗੁਰੁ ਘਰੀ ਵਸਾਏ ॥ ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਜਾਣਹੁ ਗੁਰਸਿਖਹੁ ਹਰਿ ਕਰਤਾ ਆਪਿ ਮੁਹਹੁ ਕਢਾਏ ॥ ਗੁਰਸਿਖਾ ਕੇ ਮੁਹ ਉਜਲੇ ਕਰੇ ਹਰਿ ਪਿਆਰਾ ਗੁਰ ਕਾ ਜੈਕਾਰੁ ਸੰਸਾਰਿ ਸਭਤੁ ਕਰਾਏ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਦਾਸਨ ਕੀ ਹਰਿ ਪੈਜ ਰਖਾਏ ॥੨॥
-
ਪਉੜੀ ॥ ਤੂ ਸਚਾ ਸਾਹਿਬੁ ਆਪਿ ਹੈ ਸਚੁ ਸਾਹ ਹਮਾਰੇ ॥ ਸਚੁ ਪੂਜੀ ਨਾਮੁ ਦ੍ਰਿੜਾਇ ਪ੍ਰਭ ਵਣਜਾਰੇ ਥਾਰੇ ॥ ਸਚੁ ਸੇਵਹਿ ਸਚੁ ਵਣੰਜਿ ਲੈਹਿ ਗੁਣ ਕਥਹ ਨਿਰਾਰੇ ॥ ਸੇਵਕ ਭਾਇ ਸੇ ਜਨ ਮਿਲੇ ਗੁਰ ਸਬਦਿ ਸਵਾਰੇ ॥ ਤੂ ਸਚਾ ਸਾਹਿਬੁ ਅਲਖੁ ਹੈ ਗੁਰ ਸਬਦਿ ਲਖਾਰੇ ॥੧੪॥
-
ਸਲੋਕ ਮਃ ੪ ॥ ਜਿਸੁ ਅੰਦਰਿ ਤਾਤਿ ਪਰਾਈ ਹੋਵੈ ਤਿਸ ਦਾ ਕਦੇ ਨ ਹੋਵੀ ਭਲਾ ॥ ਓਸ ਦੈ ਆਖਿਐ ਕੋਈ ਨ ਲਗੈ ਨਿਤ ਓਜਾੜੀ ਪੂਕਾਰੇ ਖਲਾ ॥ ਜਿਸੁ ਅੰਦਰਿ ਚੁਗਲੀ ਚੁਗਲੋ ਵਜੈ ਕੀਤਾ ਕਰਤਿਆ ਓਸ ਦਾ ਸਭੁ ਗਇਆ ॥ ਨਿਤ ਚੁਗਲੀ ਕਰੇ ਅਣਹੋਦੀ ਪਰਾਈ ਮੁਹੁ ਕਢਿ ਨ ਸਕੈ ਓਸ ਦਾ ਕਾਲਾ ਭਇਆ ॥ ਕਰਮ ਧਰਤੀ ਸਰੀਰੁ ਕਲਿਜੁਗ ਵਿਚਿ ਜੇਹਾ ਕੋ ਬੀਜੇ ਤੇਹਾ ਕੋ ਖਾਏ ॥ ਗਲਾ ਉਪਰਿ ਤਪਾਵਸੁ ਨ ਹੋਈ ਵਿਸੁ ਖਾਧੀ ਤਤਕਾਲ ਮਰਿ ਜਾਏ ॥ ਭਾਈ ਵੇਖਹੁ ਨਿਆਉ ਸਚੁ ਕਰਤੇ ਕਾ ਜੇਹਾ ਕੋਈ ਕਰੇ ਤੇਹਾ ਕੋਈ ਪਾਏ ॥ ਜਨ ਨਾਨਕ ਕਉ ਸਭ ਸੋਝੀ ਪਾਈ ਹਰਿ ਦਰ ਕੀਆ ਬਾਤਾ ਆਖਿ ਸੁਣਾਏ ॥੧॥
-
ਮਃ ੪ ॥ ਹੋਦੈ ਪਰਤਖਿ ਗੁਰੂ ਜੋ ਵਿਛੁੜੇ ਤਿਨ ਕਉ ਦਰਿ ਢੋਈ ਨਾਹੀ ॥ ਕੋਈ ਜਾਇ ਮਿਲੈ ਤਿਨ ਨਿੰਦਕਾ ਮੁਹ ਫਿਕੇ ਥੁਕ ਥੁਕ ਮੁਹਿ ਪਾਹੀ ॥ ਜੋ ਸਤਿਗੁਰਿ ਫਿਟਕੇ ਸੇ ਸਭ ਜਗਤਿ ਫਿਟਕੇ ਨਿਤ ਭੰਭਲ ਭੂਸੇ ਖਾਹੀ ॥ ਜਿਨ ਗੁਰੁ ਗੋਪਿਆ ਆਪਣਾ ਸੇ ਲੈਦੇ ਢਹਾ ਫਿਰਾਹੀ ॥ ਤਿਨ ਕੀ ਭੁਖ ਕਦੇ ਨ ਉਤਰੈ ਨਿਤ ਭੁਖਾ ਭੁਖ ਕੂਕਾਹੀ ॥ ਓਨਾ ਦਾ ਆਖਿਆ ਕੋ ਨਾ ਸੁਣੈ ਨਿਤ ਹਉਲੇ ਹਉਲਿ ਮਰਾਹੀ ॥ ਸਤਿਗੁਰ ਕੀ ਵਡਿਆਈ ਵੇਖਿ ਨ ਸਕਨੀ ਓਨਾ ਅਗੈ ਪਿਛੈ ਥਾਉ ਨਾਹੀ ॥ ਜੋ ਸਤਿਗੁਰਿ ਮਾਰੇ ਤਿਨ ਜਾਇ ਮਿਲਹਿ ਰਹਦੀ ਖੁਹਦੀ ਸਭ ਪਤਿ ਗਵਾਹੀ ॥ ਓਇ ਅਗੈ ਕੁਸਟੀ ਗੁਰ ਕੇ ਫਿਟਕੇ ਜਿ ਓਸੁ ਮਿਲੈ ਤਿਸੁ ਕੁਸਟੁ ਉਠਾਹੀ ॥ ਹਰਿ ਤਿਨ ਕਾ ਦਰਸਨੁ ਨਾ ਕਰਹੁ ਜੋ ਦੂਜੈ ਭਾਇ ਚਿਤੁ ਲਾਹੀ ॥ ਧੁਰਿ ਕਰਤੈ ਆਪਿ ਲਿਖਿ ਪਾਇਆ ਤਿਸੁ ਨਾਲਿ ਕਿਹੁ ਚਾਰਾ ਨਾਹੀ ॥ ਜਨ ਨਾਨਕ ਨਾਮੁ ਅਰਾਧਿ ਤੂ ਤਿਸੁ ਅਪੜਿ ਕੋ ਨ ਸਕਾਹੀ ॥ ਨਾਵੈ ਕੀ ਵਡਿਆਈ ਵਡੀ ਹੈ ਨਿਤ ਸਵਾਈ ਚੜੈ ਚੜਾਹੀ ॥੨॥