page 318
-
ਗਉੜੀ ਕੀ ਵਾਰ ਮਹਲਾ ੫ ਰਾਇ ਕਮਾਲਦੀ ਮੋਜਦੀ ਕੀ ਵਾਰ ਕੀ ਧੁਨਿ ਉਪਰਿ ਗਾਵਣੀ ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੫ ॥ ਹਰਿ ਹਰਿ ਨਾਮੁ ਜੋ ਜਨੁ ਜਪੈ ਸੋ ਆਇਆ ਪਰਵਾਣੁ ॥ ਤਿਸੁ ਜਨ ਕੈ ਬਲਿਹਾਰਣੈ ਜਿਨਿ ਭਜਿਆ ਪ੍ਰਭੁ ਨਿਰਬਾਣੁ ॥ ਜਨਮ ਮਰਨ ਦੁਖੁ ਕਟਿਆ ਹਰਿ ਭੇਟਿਆ ਪੁਰਖੁ ਸੁਜਾਣੁ ॥ ਸੰਤ ਸੰਗਿ ਸਾਗਰੁ ਤਰੇ ਜਨ ਨਾਨਕ ਸਚਾ ਤਾਣੁ ॥੧॥
-
ਮਃ ੫ ॥ ਭਲਕੇ ਉਠਿ ਪਰਾਹੁਣਾ ਮੇਰੈ ਘਰਿ ਆਵਉ ॥ ਪਾਉ ਪਖਾਲਾ ਤਿਸ ਕੇ ਮਨਿ ਤਨਿ ਨਿਤ ਭਾਵਉ ॥ ਨਾਮੁ ਸੁਣੇ ਨਾਮੁ ਸੰਗ੍ਰਹੈ ਨਾਮੇ ਲਿਵ ਲਾਵਉ ॥ ਗ੍ਰਿਹੁ ਧਨੁ ਸਭੁ ਪਵਿਤ੍ਰੁ ਹੋਇ ਹਰਿ ਕੇ ਗੁਣ ਗਾਵਉ ॥ ਹਰਿ ਨਾਮ ਵਾਪਾਰੀ ਨਾਨਕਾ ਵਡਭਾਗੀ ਪਾਵਉ ॥੨॥
-
ਪਉੜੀ ॥ ਜੋ ਤੁਧੁ ਭਾਵੈ ਸੋ ਭਲਾ ਸਚੁ ਤੇਰਾ ਭਾਣਾ ॥ ਤੂ ਸਭ ਮਹਿ ਏਕੁ ਵਰਤਦਾ ਸਭ ਮਾਹਿ ਸਮਾਣਾ ॥ ਥਾਨ ਥਨੰਤਰਿ ਰਵਿ ਰਹਿਆ ਜੀਅ ਅੰਦਰਿ ਜਾਣਾ ॥ ਸਾਧਸੰਗਿ ਮਿਲਿ ਪਾਈਐ ਮਨਿ ਸਚੇ ਭਾਣਾ ॥ ਨਾਨਕ ਪ੍ਰਭ ਸਰਣਾਗਤੀ ਸਦ ਸਦ ਕੁਰਬਾਣਾ ॥੧॥
-
ਸਲੋਕ ਮਃ ੫ ॥ ਚੇਤਾ ਈ ਤਾਂ ਚੇਤਿ ਸਾਹਿਬੁ ਸਚਾ ਸੋ ਧਣੀ ॥ ਨਾਨਕ ਸਤਿਗੁਰੁ ਸੇਵਿ ਚੜਿ ਬੋਹਿਥਿ ਭਉਜਲੁ ਪਾਰਿ ਪਉ ॥੧॥
-
ਮਃ ੫ ॥ ਵਾਊ ਸੰਦੇ ਕਪੜੇ ਪਹਿਰਹਿ ਗਰਬਿ ਗਵਾਰ ॥ ਨਾਨਕ ਨਾਲਿ ਨ ਚਲਨੀ ਜਲਿ ਬਲਿ ਹੋਏ ਛਾਰੁ ॥੨॥
-
ਪਉੜੀ ॥ ਸੇਈ ਉਬਰੇ ਜਗੈ ਵਿਚਿ ਜੋ ਸਚੈ ਰਖੇ ॥ ਮੁਹਿ ਡਿਠੈ ਤਿਨ ਕੈ ਜੀਵੀਐ ਹਰਿ ਅੰਮ੍ਰਿਤੁ ਚਖੇ ॥ ਕਾਮੁ ਕ੍ਰੋਧੁ ਲੋਭੁ ਮੋਹੁ ਸੰਗਿ ਸਾਧਾ ਭਖੇ ॥ ਕਰਿ ਕਿਰਪਾ ਪ੍ਰਭਿ ਆਪਣੀ ਹਰਿ ਆਪਿ ਪਰਖੇ ॥ ਨਾਨਕ ਚਲਤ ਨ ਜਾਪਨੀ ਕੋ ਸਕੈ ਨ ਲਖੇ ॥੨॥
-
ਸਲੋਕ ਮਃ ੫ ॥ ਨਾਨਕ ਸੋਈ ਦਿਨਸੁ ਸੁਹਾਵੜਾ ਜਿਤੁ ਪ੍ਰਭੁ ਆਵੈ ਚਿਤਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਫਿਟੁ ਭਲੇਰੀ ਰੁਤਿ ॥੧॥
-
ਮਃ ੫ ॥ ਨਾਨਕ ਮਿਤ੍ਰਾਈ ਤਿਸੁ ਸਿਉ ਸਭ ਕਿਛੁ ਜਿਸ ਕੈ ਹਾਥਿ ॥ ਕੁਮਿਤ੍ਰਾ ਸੇਈ ਕਾਂਢੀਅਹਿ ਇਕ ਵਿਖ ਨ ਚਲਹਿ ਸਾਥਿ ॥੨॥
-
ਪਉੜੀ ॥ ਅੰਮ੍ਰਿਤੁ ਨਾਮੁ ਨਿਧਾਨੁ ਹੈ ਮਿਲਿ ਪੀਵਹੁ ਭਾਈ ॥ ਜਿਸੁ ਸਿਮਰਤ ਸੁਖੁ ਪਾਈਐ ਸਭ ਤਿਖਾ ਬੁਝਾਈ ॥ ਕਰਿ ਸੇਵਾ ਪਾਰਬ੍ਰਹਮ ਗੁਰ ਭੁਖ ਰਹੈ ਨ ਕਾਈ ॥ ਸਗਲ ਮਨੋਰਥ ਪੁੰਨਿਆ ਅਮਰਾ ਪਦੁ ਪਾਈ ॥ ਤੁਧੁ ਜੇਵਡੁ ਤੂਹੈ ਪਾਰਬ੍ਰਹਮ ਨਾਨਕ ਸਰਣਾਈ ॥੩॥
-
ਸਲੋਕ ਮਃ ੫ ॥ ਡਿਠੜੋ ਹਭ ਠਾਇ ਊਣ ਨ ਕਾਈ ਜਾਇ ॥ ਨਾਨਕ ਲਧਾ ਤਿਨ ਸੁਆਉ ਜਿਨਾ ਸਤਿਗੁਰੁ ਭੇਟਿਆ ॥੧॥