page 357
-
ਆਸਾ ਮਹਲਾ ੧ ॥ ਪੇਵਕੜੈ ਧਨ ਖਰੀ ਇਆਣੀ ॥ ਤਿਸੁ ਸਹ ਕੀ ਮੈ ਸਾਰ ਨ ਜਾਣੀ ॥੧॥ ਸਹੁ ਮੇਰਾ ਏਕੁ ਦੂਜਾ ਨਹੀ ਕੋਈ ॥ ਨਦਰਿ ਕਰੇ ਮੇਲਾਵਾ ਹੋਈ ॥੧॥ ਰਹਾਉ ॥ ਸਾਹੁਰੜੈ ਧਨ ਸਾਚੁ ਪਛਾਣਿਆ ॥ ਸਹਜਿ ਸੁਭਾਇ ਅਪਣਾ ਪਿਰੁ ਜਾਣਿਆ ॥੨॥ ਗੁਰ ਪਰਸਾਦੀ ਐਸੀ ਮਤਿ ਆਵੈ ॥ ਤਾਂ ਕਾਮਣਿ ਕੰਤੈ ਮਨਿ ਭਾਵੈ ॥੩॥ ਕਹਤੁ ਨਾਨਕੁ ਭੈ ਭਾਵ ਕਾ ਕਰੇ ਸੀਗਾਰੁ ॥ ਸਦ ਹੀ ਸੇਜੈ ਰਵੈ ਭਤਾਰੁ ॥੪॥੨੭॥
-
ਆਸਾ ਮਹਲਾ ੧ ॥ ਨ ਕਿਸ ਕਾ ਪੂਤੁ ਨ ਕਿਸ ਕੀ ਮਾਈ ॥ ਝੂਠੈ ਮੋਹਿ ਭਰਮਿ ਭੁਲਾਈ ॥੧॥ ਮੇਰੇ ਸਾਹਿਬ ਹਉ ਕੀਤਾ ਤੇਰਾ ॥ ਜਾਂ ਤੂੰ ਦੇਹਿ ਜਪੀ ਨਾਉ ਤੇਰਾ ॥੧॥ ਰਹਾਉ ॥ ਬਹੁਤੇ ਅਉਗਣ ਕੂਕੈ ਕੋਈ ॥ ਜਾ ਤਿਸੁ ਭਾਵੈ ਬਖਸੇ ਸੋਈ ॥੨॥ ਗੁਰ ਪਰਸਾਦੀ ਦੁਰਮਤਿ ਖੋਈ ॥ ਜਹ ਦੇਖਾ ਤਹ ਏਕੋ ਸੋਈ ॥੩॥ ਕਹਤ ਨਾਨਕ ਐਸੀ ਮਤਿ ਆਵੈ ॥ ਤਾਂ ਕੋ ਸਚੇ ਸਚਿ ਸਮਾਵੈ ॥੪॥੨੮॥
-
ਆਸਾ ਮਹਲਾ ੧ ਦੁਪਦੇ ॥ ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥ ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਤਹ ਡੂਬੀਅਲੇ ॥੧॥ ਮਨ ਏਕੁ ਨ ਚੇਤਸਿ ਮੂੜ ਮਨਾ ॥ ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥ ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ ਭਇਆ ॥ ਪ੍ਰਣਵਤਿ ਨਾਨਕ ਤਿਨ੍ਹ੍ਹ ਕੀ ਸਰਣਾ ਜਿਨ੍ਹ੍ਹ ਤੂੰ ਨਾਹੀ ਵੀਸਰਿਆ ॥੨॥੨੯॥
-
ਆਸਾ ਮਹਲਾ ੧ ॥ ਛਿਅ ਘਰ ਛਿਅ ਗੁਰ ਛਿਅ ਉਪਦੇਸ ॥ ਗੁਰ ਗੁਰੁ ਏਕੋ ਵੇਸ ਅਨੇਕ ॥੧॥ ਜੈ ਘਰਿ ਕਰਤੇ ਕੀਰਤਿ ਹੋਇ ॥ ਸੋ ਘਰੁ ਰਾਖੁ ਵਡਾਈ ਤੋਹਿ ॥੧॥ ਰਹਾਉ ॥ ਵਿਸੁਏ ਚਸਿਆ ਘੜੀਆ ਪਹਰਾ ਥਿਤੀ ਵਾਰੀ ਮਾਹੁ ਭਇਆ ॥ ਸੂਰਜੁ ਏਕੋ ਰੁਤਿ ਅਨੇਕ ॥ ਨਾਨਕ ਕਰਤੇ ਕੇ ਕੇਤੇ ਵੇਸ ॥੨॥੩੦॥