page 363
-
ਆਸਾ ਮਹਲਾ ੩ ॥ ਲਾਲੈ ਆਪਣੀ ਜਾਤਿ ਗਵਾਈ ॥ ਤਨੁ ਮਨੁ ਅਰਪੇ ਸਤਿਗੁਰ ਸਰਣਾਈ ॥ ਹਿਰਦੈ ਨਾਮੁ ਵਡੀ ਵਡਿਆਈ ॥ ਸਦਾ ਪ੍ਰੀਤਮੁ ਪ੍ਰਭੁ ਹੋਇ ਸਖਾਈ ॥੧॥ ਸੋ ਲਾਲਾ ਜੀਵਤੁ ਮਰੈ ॥ ਸੋਗੁ ਹਰਖੁ ਦੁਇ ਸਮ ਕਰਿ ਜਾਣੈ ਗੁਰ ਪਰਸਾਦੀ ਸਬਦਿ ਉਧਰੈ ॥੧॥ ਰਹਾਉ ॥ ਕਰਣੀ ਕਾਰ ਧੁਰਹੁ ਫੁਰਮਾਈ ॥ ਬਿਨੁ ਸਬਦੈ ਕੋ ਥਾਇ ਨ ਪਾਈ ॥ ਕਰਣੀ ਕੀਰਤਿ ਨਾਮੁ ਵਸਾਈ ॥ ਆਪੇ ਦੇਵੈ ਢਿਲ ਨ ਪਾਈ ॥੨॥ ਮਨਮੁਖਿ ਭਰਮਿ ਭੁਲੈ ਸੰਸਾਰੁ ॥ ਬਿਨੁ ਰਾਸੀ ਕੂੜਾ ਕਰੇ ਵਾਪਾਰੁ ॥ ਵਿਣੁ ਰਾਸੀ ਵਖਰੁ ਪਲੈ ਨ ਪਾਇ ॥ ਮਨਮੁਖਿ ਭੁਲਾ ਜਨਮੁ ਗਵਾਇ ॥੩॥ ਸਤਿਗੁਰੁ ਸੇਵੇ ਸੁ ਲਾਲਾ ਹੋਇ ॥ ਊਤਮ ਜਾਤੀ ਊਤਮੁ ਸੋਇ ॥ ਗੁਰ ਪਉੜੀ ਸਭ ਦੂ ਊਚਾ ਹੋਇ ॥ ਨਾਨਕ ਨਾਮਿ ਵਡਾਈ ਹੋਇ ॥੪॥੭॥੪੬॥
-
ਆਸਾ ਮਹਲਾ ੩ ॥ ਮਨਮੁਖਿ ਝੂਠੋ ਝੂਠੁ ਕਮਾਵੈ ॥ ਖਸਮੈ ਕਾ ਮਹਲੁ ਕਦੇ ਨ ਪਾਵੈ ॥ ਦੂਜੈ ਲਗੀ ਭਰਮਿ ਭੁਲਾਵੈ ॥ ਮਮਤਾ ਬਾਧਾ ਆਵੈ ਜਾਵੈ ॥੧॥ ਦੋਹਾਗਣੀ ਕਾ ਮਨ ਦੇਖੁ ਸੀਗਾਰੁ ॥ ਪੁਤ੍ਰ ਕਲਤਿ ਧਨਿ ਮਾਇਆ ਚਿਤੁ ਲਾਏ ਝੂਠੁ ਮੋਹੁ ਪਾਖੰਡ ਵਿਕਾਰੁ ॥੧॥ ਰਹਾਉ ॥ ਸਦਾ ਸੋਹਾਗਣਿ ਜੋ ਪ੍ਰਭ ਭਾਵੈ ॥ ਗੁਰ ਸਬਦੀ ਸੀਗਾਰੁ ਬਣਾਵੈ ॥ ਸੇਜ ਸੁਖਾਲੀ ਅਨਦਿਨੁ ਹਰਿ ਰਾਵੈ ॥ ਮਿਲਿ ਪ੍ਰੀਤਮ ਸਦਾ ਸੁਖੁ ਪਾਵੈ ॥੨॥ ਸਾ ਸੋਹਾਗਣਿ ਸਾਚੀ ਜਿਸੁ ਸਾਚਿ ਪਿਆਰੁ ॥ ਅਪਣਾ ਪਿਰੁ ਰਾਖੈ ਸਦਾ ਉਰ ਧਾਰਿ ॥ ਨੇੜੈ ਵੇਖੈ ਸਦਾ ਹਦੂਰਿ ॥ ਮੇਰਾ ਪ੍ਰਭੁ ਸਰਬ ਰਹਿਆ ਭਰਪੂਰਿ ॥੩॥ ਆਗੈ ਜਾਤਿ ਰੂਪੁ ਨ ਜਾਇ ॥ ਤੇਹਾ ਹੋਵੈ ਜੇਹੇ ਕਰਮ ਕਮਾਇ ॥ ਸਬਦੇ ਊਚੋ ਊਚਾ ਹੋਇ ॥ ਨਾਨਕ ਸਾਚਿ ਸਮਾਵੈ ਸੋਇ ॥੪॥੮॥੪੭॥
-
ਆਸਾ ਮਹਲਾ ੩ ॥ ਭਗਤਿ ਰਤਾ ਜਨੁ ਸਹਜਿ ਸੁਭਾਇ ॥ ਗੁਰ ਕੈ ਭੈ ਸਾਚੈ ਸਾਚਿ ਸਮਾਇ ॥ ਬਿਨੁ ਗੁਰ ਪੂਰੇ ਭਗਤਿ ਨ ਹੋਇ ॥ ਮਨਮੁਖ ਰੁੰਨੇ ਅਪਨੀ ਪਤਿ ਖੋਇ ॥੧॥ ਮੇਰੇ ਮਨ ਹਰਿ ਜਪਿ ਸਦਾ ਧਿਆਇ ॥ ਸਦਾ ਅਨੰਦੁ ਹੋਵੈ ਦਿਨੁ ਰਾਤੀ ਜੋ ਇਛੈ ਸੋਈ ਫਲੁ ਪਾਇ ॥੧॥ ਰਹਾਉ ॥ ਗੁਰ ਪੂਰੇ ਤੇ ਪੂਰਾ ਪਾਏ ॥ ਹਿਰਦੈ ਸਬਦੁ ਸਚੁ ਨਾਮੁ ਵਸਾਏ ॥ ਅੰਤਰੁ ਨਿਰਮਲੁ ਅੰਮ੍ਰਿਤ ਸਰਿ ਨਾਏ ॥ ਸਦਾ ਸੂਚੇ ਸਾਚਿ ਸਮਾਏ ॥੨॥ ਹਰਿ ਪ੍ਰਭੁ ਵੇਖੈ ਸਦਾ ਹਜੂਰਿ ॥ ਗੁਰ ਪਰਸਾਦਿ ਰਹਿਆ ਭਰਪੂਰਿ ॥ ਜਹਾ ਜਾਉ ਤਹ ਵੇਖਾ ਸੋਇ ॥ ਗੁਰ ਬਿਨੁ ਦਾਤਾ ਅਵਰੁ ਨ ਕੋਇ ॥੩॥ ਗੁਰੁ ਸਾਗਰੁ ਪੂਰਾ ਭੰਡਾਰ ॥ ਊਤਮ ਰਤਨ ਜਵਾਹਰ ਅਪਾਰ ॥ ਗੁਰ ਪਰਸਾਦੀ ਦੇਵਣਹਾਰੁ ॥ ਨਾਨਕ ਬਖਸੇ ਬਖਸਣਹਾਰੁ ॥੪॥੯॥੪੮॥