page 449
-
ਆਸਾ ਮਹਲਾ ੪ ॥ ਗੁਰਮੁਖਿ ਢੂੰਢਿ ਢੂਢੇਦਿਆ ਹਰਿ ਸਜਣੁ ਲਧਾ ਰਾਮ ਰਾਜੇ ॥ ਕੰਚਨ ਕਾਇਆ ਕੋਟ ਗੜ ਵਿਚਿ ਹਰਿ ਹਰਿ ਸਿਧਾ ॥ ਹਰਿ ਹਰਿ ਹੀਰਾ ਰਤਨੁ ਹੈ ਮੇਰਾ ਮਨੁ ਤਨੁ ਵਿਧਾ ॥ ਧੁਰਿ ਭਾਗ ਵਡੇ ਹਰਿ ਪਾਇਆ ਨਾਨਕ ਰਸਿ ਗੁਧਾ ॥੧॥ ਪੰਥੁ ਦਸਾਵਾ ਨਿਤ ਖੜੀ ਮੁੰਧ ਜੋਬਨਿ ਬਾਲੀ ਰਾਮ ਰਾਜੇ ॥ ਹਰਿ ਹਰਿ ਨਾਮੁ ਚੇਤਾਇ ਗੁਰ ਹਰਿ ਮਾਰਗਿ ਚਾਲੀ ॥ ਮੇਰੈ ਮਨਿ ਤਨਿ ਨਾਮੁ ਆਧਾਰੁ ਹੈ ਹਉਮੈ ਬਿਖੁ ਜਾਲੀ ॥ ਜਨ ਨਾਨਕ ਸਤਿਗੁਰੁ ਮੇਲਿ ਹਰਿ ਹਰਿ ਮਿਲਿਆ ਬਨਵਾਲੀ ॥੨॥ ਗੁਰਮੁਖਿ ਪਿਆਰੇ ਆਇ ਮਿਲੁ ਮੈ ਚਿਰੀ ਵਿਛੁੰਨੇ ਰਾਮ ਰਾਜੇ ॥ ਮੇਰਾ ਮਨੁ ਤਨੁ ਬਹੁਤੁ ਬੈਰਾਗਿਆ ਹਰਿ ਨੈਣ ਰਸਿ ਭਿੰਨੇ ॥ ਮੈ ਹਰਿ ਪ੍ਰਭੁ ਪਿਆਰਾ ਦਸਿ ਗੁਰੁ ਮਿਲਿ ਹਰਿ ਮਨੁ ਮੰਨੇ ॥ ਹਉ ਮੂਰਖੁ ਕਾਰੈ ਲਾਈਆ ਨਾਨਕ ਹਰਿ ਕੰਮੇ ॥੩॥ ਗੁਰ ਅੰਮ੍ਰਿਤ ਭਿੰਨੀ ਦੇਹੁਰੀ ਅੰਮ੍ਰਿਤੁ ਬੁਰਕੇ ਰਾਮ ਰਾਜੇ ॥ ਜਿਨਾ ਗੁਰਬਾਣੀ ਮਨਿ ਭਾਈਆ ਅੰਮ੍ਰਿਤਿ ਛਕਿ ਛਕੇ ॥ ਗੁਰ ਤੁਠੈ ਹਰਿ ਪਾਇਆ ਚੂਕੇ ਧਕ ਧਕੇ ॥ ਹਰਿ ਜਨੁ ਹਰਿ ਹਰਿ ਹੋਇਆ ਨਾਨਕੁ ਹਰਿ ਇਕੇ ॥੪॥੯॥੧੬॥
-
ਆਸਾ ਮਹਲਾ ੪ ॥ ਹਰਿ ਅੰਮ੍ਰਿਤ ਭਗਤਿ ਭੰਡਾਰ ਹੈ ਗੁਰ ਸਤਿਗੁਰ ਪਾਸੇ ਰਾਮ ਰਾਜੇ ॥ ਗੁਰੁ ਸਤਿਗੁਰੁ ਸਚਾ ਸਾਹੁ ਹੈ ਸਿਖ ਦੇਇ ਹਰਿ ਰਾਸੇ ॥ ਧਨੁ ਧੰਨੁ ਵਣਜਾਰਾ ਵਣਜੁ ਹੈ ਗੁਰੁ ਸਾਹੁ ਸਾਬਾਸੇ ॥ ਜਨੁ ਨਾਨਕੁ ਗੁਰੁ ਤਿਨ੍ਹ੍ਹੀ ਪਾਇਆ ਜਿਨ ਧੁਰਿ ਲਿਖਤੁ ਲਿਲਾਟਿ ਲਿਖਾਸੇ ॥੧॥ ਸਚੁ ਸਾਹੁ ਹਮਾਰਾ ਤੂੰ ਧਣੀ ਸਭੁ ਜਗਤੁ ਵਣਜਾਰਾ ਰਾਮ ਰਾਜੇ ॥ ਸਭ ਭਾਂਡੇ ਤੁਧੈ ਸਾਜਿਆ ਵਿਚਿ ਵਸਤੁ ਹਰਿ ਥਾਰਾ ॥ ਜੋ ਪਾਵਹਿ ਭਾਂਡੇ ਵਿਚਿ ਵਸਤੁ ਸਾ ਨਿਕਲੈ ਕਿਆ ਕੋਈ ਕਰੇ ਵੇਚਾਰਾ ॥ ਜਨ ਨਾਨਕ ਕਉ ਹਰਿ ਬਖਸਿਆ ਹਰਿ ਭਗਤਿ ਭੰਡਾਰਾ ॥੨॥ ਹਮ ਕਿਆ ਗੁਣ ਤੇਰੇ ਵਿਥਰਹ ਸੁਆਮੀ ਤੂੰ ਅਪਰ ਅਪਾਰੋ ਰਾਮ ਰਾਜੇ ॥ ਹਰਿ ਨਾਮੁ ਸਾਲਾਹਹ ਦਿਨੁ ਰਾਤਿ ਏਹਾ ਆਸ ਆਧਾਰੋ ॥ ਹਮ ਮੂਰਖ ਕਿਛੂਅ ਨ ਜਾਣਹਾ ਕਿਵ ਪਾਵਹ ਪਾਰੋ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਦਾਸ ਪਨਿਹਾਰੋ ॥੩॥ ਜਿਉ ਭਾਵੈ ਤਿਉ ਰਾਖਿ ਲੈ ਹਮ ਸਰਣਿ ਪ੍ਰਭ ਆਏ ਰਾਮ ਰਾਜੇ ॥ ਹਮ ਭੂਲਿ ਵਿਗਾੜਹ ਦਿਨਸੁ ਰਾਤਿ ਹਰਿ ਲਾਜ ਰਖਾਏ ॥ ਹਮ ਬਾਰਿਕ ਤੂੰ ਗੁਰੁ ਪਿਤਾ ਹੈ ਦੇ ਮਤਿ ਸਮਝਾਏ ॥ ਜਨੁ ਨਾਨਕੁ ਦਾਸੁ ਹਰਿ ਕਾਂਢਿਆ ਹਰਿ ਪੈਜ ਰਖਾਏ ॥੪॥੧੦॥੧੭॥