page 45
-
ਸ੍ਰੀਰਾਗੁ ਮਹਲਾ ੫ ॥ ਨਾਮੁ ਧਿਆਏ ਸੋ ਸੁਖੀ ਤਿਸੁ ਮੁਖੁ ਊਜਲੁ ਹੋਇ ॥ ਪੂਰੇ ਗੁਰ ਤੇ ਪਾਈਐ ਪਰਗਟੁ ਸਭਨੀ ਲੋਇ ॥ ਸਾਧਸੰਗਤਿ ਕੈ ਘਰਿ ਵਸੈ ਏਕੋ ਸਚਾ ਸੋਇ ॥੧॥ ਮੇਰੇ ਮਨ ਹਰਿ ਹਰਿ ਨਾਮੁ ਧਿਆਇ ॥ ਨਾਮੁ ਸਹਾਈ ਸਦਾ ਸੰਗਿ ਆਗੈ ਲਏ ਛਡਾਇ ॥੧॥ ਰਹਾਉ ॥ ਦੁਨੀਆ ਕੀਆ ਵਡਿਆਈਆ ਕਵਨੈ ਆਵਹਿ ਕਾਮਿ ॥ ਮਾਇਆ ਕਾ ਰੰਗੁ ਸਭੁ ਫਿਕਾ ਜਾਤੋ ਬਿਨਸਿ ਨਿਦਾਨਿ ॥ ਜਾ ਕੈ ਹਿਰਦੈ ਹਰਿ ਵਸੈ ਸੋ ਪੂਰਾ ਪਰਧਾਨੁ ॥੨॥ ਸਾਧੂ ਕੀ ਹੋਹੁ ਰੇਣੁਕਾ ਅਪਣਾ ਆਪੁ ਤਿਆਗਿ ॥ ਉਪਾਵ ਸਿਆਣਪ ਸਗਲ ਛਡਿ ਗੁਰ ਕੀ ਚਰਣੀ ਲਾਗੁ ॥ ਤਿਸਹਿ ਪਰਾਪਤਿ ਰਤਨੁ ਹੋਇ ਜਿਸੁ ਮਸਤਕਿ ਹੋਵੈ ਭਾਗੁ ॥੩॥ ਤਿਸੈ ਪਰਾਪਤਿ ਭਾਈਹੋ ਜਿਸੁ ਦੇਵੈ ਪ੍ਰਭੁ ਆਪਿ ॥ ਸਤਿਗੁਰ ਕੀ ਸੇਵਾ ਸੋ ਕਰੇ ਜਿਸੁ ਬਿਨਸੈ ਹਉਮੈ ਤਾਪੁ ॥ ਨਾਨਕ ਕਉ ਗੁਰੁ ਭੇਟਿਆ ਬਿਨਸੇ ਸਗਲ ਸੰਤਾਪ ॥੪॥੮॥੭੮॥
-
ਸਿਰੀਰਾਗੁ ਮਹਲਾ ੫ ॥ ਇਕੁ ਪਛਾਣੂ ਜੀਅ ਕਾ ਇਕੋ ਰਖਣਹਾਰੁ ॥ ਇਕਸ ਕਾ ਮਨਿ ਆਸਰਾ ਇਕੋ ਪ੍ਰਾਣ ਅਧਾਰੁ ॥ ਤਿਸੁ ਸਰਣਾਈ ਸਦਾ ਸੁਖੁ ਪਾਰਬ੍ਰਹਮੁ ਕਰਤਾਰੁ ॥੧॥ ਮਨ ਮੇਰੇ ਸਗਲ ਉਪਾਵ ਤਿਆਗੁ ॥ ਗੁਰੁ ਪੂਰਾ ਆਰਾਧਿ ਨਿਤ ਇਕਸੁ ਕੀ ਲਿਵ ਲਾਗੁ ॥੧॥ ਰਹਾਉ ॥ ਇਕੋ ਭਾਈ ਮਿਤੁ ਇਕੁ ਇਕੋ ਮਾਤ ਪਿਤਾ ॥ ਇਕਸ ਕੀ ਮਨਿ ਟੇਕ ਹੈ ਜਿਨਿ ਜੀਉ ਪਿੰਡੁ ਦਿਤਾ ॥ ਸੋ ਪ੍ਰਭੁ ਮਨਹੁ ਨ ਵਿਸਰੈ ਜਿਨਿ ਸਭੁ ਕਿਛੁ ਵਸਿ ਕੀਤਾ ॥੨॥ ਘਰਿ ਇਕੋ ਬਾਹਰਿ ਇਕੋ ਥਾਨ ਥਨੰਤਰਿ ਆਪਿ ॥ ਜੀਅ ਜੰਤ ਸਭਿ ਜਿਨਿ ਕੀਏ ਆਠ ਪਹਰ ਤਿਸੁ ਜਾਪਿ ॥ ਇਕਸੁ ਸੇਤੀ ਰਤਿਆ ਨ ਹੋਵੀ ਸੋਗ ਸੰਤਾਪੁ ॥੩॥ ਪਾਰਬ੍ਰਹਮੁ ਪ੍ਰਭੁ ਏਕੁ ਹੈ ਦੂਜਾ ਨਾਹੀ ਕੋਇ ॥ ਜੀਉ ਪਿੰਡੁ ਸਭੁ ਤਿਸ ਕਾ ਜੋ ਤਿਸੁ ਭਾਵੈ ਸੁ ਹੋਇ ॥ ਗੁਰਿ ਪੂਰੈ ਪੂਰਾ ਭਇਆ ਜਪਿ ਨਾਨਕ ਸਚਾ ਸੋਇ ॥੪॥੯॥੭੯॥
-
ਸਿਰੀਰਾਗੁ ਮਹਲਾ ੫ ॥ ਜਿਨਾ ਸਤਿਗੁਰ ਸਿਉ ਚਿਤੁ ਲਾਇਆ ਸੇ ਪੂਰੇ ਪਰਧਾਨ ॥ ਜਿਨ ਕਉ ਆਪਿ ਦਇਆਲੁ ਹੋਇ ਤਿਨ ਉਪਜੈ ਮਨਿ ਗਿਆਨੁ ॥ ਜਿਨ ਕਉ ਮਸਤਕਿ ਲਿਖਿਆ ਤਿਨ ਪਾਇਆ ਹਰਿ ਨਾਮੁ ॥੧॥ ਮਨ ਮੇਰੇ ਏਕੋ ਨਾਮੁ ਧਿਆਇ ॥ ਸਰਬ ਸੁਖਾ ਸੁਖ ਊਪਜਹਿ ਦਰਗਹ ਪੈਧਾ ਜਾਇ ॥੧॥ ਰਹਾਉ ॥ ਜਨਮ ਮਰਣ ਕਾ ਭਉ ਗਇਆ ਭਾਉ ਭਗਤਿ ਗੋਪਾਲ ॥ ਸਾਧੂ ਸੰਗਤਿ ਨਿਰਮਲਾ ਆਪਿ ਕਰੇ ਪ੍ਰਤਿਪਾਲ ॥ ਜਨਮ ਮਰਣ ਕੀ ਮਲੁ ਕਟੀਐ ਗੁਰ ਦਰਸਨੁ ਦੇਖਿ ਨਿਹਾਲ ॥੨॥ ਥਾਨ ਥਨੰਤਰਿ ਰਵਿ ਰਹਿਆ ਪਾਰਬ੍ਰਹਮੁ ਪ੍ਰਭੁ ਸੋਇ ॥ ਸਭਨਾ ਦਾਤਾ ਏਕੁ ਹੈ ਦੂਜਾ ਨਾਹੀ ਕੋਇ ॥ ਤਿਸੁ ਸਰਣਾਈ ਛੁਟੀਐ ਕੀਤਾ ਲੋੜੇ ਸੁ ਹੋਇ ॥੩॥ ਜਿਨ ਮਨਿ ਵਸਿਆ ਪਾਰਬ੍ਰਹਮੁ ਸੇ ਪੂਰੇ ਪਰਧਾਨ ॥ ਤਿਨ ਕੀ ਸੋਭਾ ਨਿਰਮਲੀ ਪਰਗਟੁ ਭਈ ਜਹਾਨ ॥ ਜਿਨੀ ਮੇਰਾ ਪ੍ਰਭੁ ਧਿਆਇਆ ਨਾਨਕ ਤਿਨ ਕੁਰਬਾਨ ॥੪॥੧੦॥੮੦॥