page 471
-
ਸਲੋਕੁ ਮਃ ੧ ॥ ਦਇਆ ਕਪਾਹ ਸੰਤੋਖੁ ਸੂਤੁ ਜਤੁ ਗੰਢੀ ਸਤੁ ਵਟੁ ॥ ਏਹੁ ਜਨੇਊ ਜੀਅ ਕਾ ਹਈ ਤ ਪਾਡੇ ਘਤੁ ॥ ਨਾ ਏਹੁ ਤੁਟੈ ਨ ਮਲੁ ਲਗੈ ਨਾ ਏਹੁ ਜਲੈ ਨ ਜਾਇ ॥ ਧੰਨੁ ਸੁ ਮਾਣਸ ਨਾਨਕਾ ਜੋ ਗਲਿ ਚਲੇ ਪਾਇ ॥ ਚਉਕੜਿ ਮੁਲਿ ਅਣਾਇਆ ਬਹਿ ਚਉਕੈ ਪਾਇਆ ॥ ਸਿਖਾ ਕੰਨਿ ਚੜਾਈਆ ਗੁਰੁ ਬ੍ਰਾਹਮਣੁ ਥਿਆ ॥ ਓਹੁ ਮੁਆ ਓਹੁ ਝੜਿ ਪਇਆ ਵੇਤਗਾ ਗਇਆ ॥੧॥
-
ਮਃ ੧ ॥ ਲਖ ਚੋਰੀਆ ਲਖ ਜਾਰੀਆ ਲਖ ਕੂੜੀਆ ਲਖ ਗਾਲਿ ॥ ਲਖ ਠਗੀਆ ਪਹਿਨਾਮੀਆ ਰਾਤਿ ਦਿਨਸੁ ਜੀਅ ਨਾਲਿ ॥ ਤਗੁ ਕਪਾਹਹੁ ਕਤੀਐ ਬਾਮ੍ਹ੍ਹਣੁ ਵਟੇ ਆਇ ॥ ਕੁਹਿ ਬਕਰਾ ਰਿੰਨ੍ਹ੍ਹਿ ਖਾਇਆ ਸਭੁ ਕੋ ਆਖੈ ਪਾਇ ॥ ਹੋਇ ਪੁਰਾਣਾ ਸੁਟੀਐ ਭੀ ਫਿਰਿ ਪਾਈਐ ਹੋਰੁ ॥ ਨਾਨਕ ਤਗੁ ਨ ਤੁਟਈ ਜੇ ਤਗਿ ਹੋਵੈ ਜੋਰੁ ॥੨॥
-
ਮਃ ੧ ॥ ਨਾਇ ਮੰਨਿਐ ਪਤਿ ਊਪਜੈ ਸਾਲਾਹੀ ਸਚੁ ਸੂਤੁ ॥ ਦਰਗਹ ਅੰਦਰਿ ਪਾਈਐ ਤਗੁ ਨ ਤੂਟਸਿ ਪੂਤ ॥੩॥
-
ਮਃ ੧ ॥ ਤਗੁ ਨ ਇੰਦ੍ਰੀ ਤਗੁ ਨ ਨਾਰੀ ॥ ਭਲਕੇ ਥੁਕ ਪਵੈ ਨਿਤ ਦਾੜੀ ॥ ਤਗੁ ਨ ਪੈਰੀ ਤਗੁ ਨ ਹਥੀ ॥ ਤਗੁ ਨ ਜਿਹਵਾ ਤਗੁ ਨ ਅਖੀ ॥ ਵੇਤਗਾ ਆਪੇ ਵਤੈ ॥ ਵਟਿ ਧਾਗੇ ਅਵਰਾ ਘਤੈ ॥ ਲੈ ਭਾੜਿ ਕਰੇ ਵੀਆਹੁ ॥ ਕਢਿ ਕਾਗਲੁ ਦਸੇ ਰਾਹੁ ॥ ਸੁਣਿ ਵੇਖਹੁ ਲੋਕਾ ਏਹੁ ਵਿਡਾਣੁ ॥ ਮਨਿ ਅੰਧਾ ਨਾਉ ਸੁਜਾਣੁ ॥੪॥
-
ਪਉੜੀ ॥ ਸਾਹਿਬੁ ਹੋਇ ਦਇਆਲੁ ਕਿਰਪਾ ਕਰੇ ਤਾ ਸਾਈ ਕਾਰ ਕਰਾਇਸੀ ॥ ਸੋ ਸੇਵਕੁ ਸੇਵਾ ਕਰੇ ਜਿਸ ਨੋ ਹੁਕਮੁ ਮਨਾਇਸੀ ॥ ਹੁਕਮਿ ਮੰਨਿਐ ਹੋਵੈ ਪਰਵਾਣੁ ਤਾ ਖਸਮੈ ਕਾ ਮਹਲੁ ਪਾਇਸੀ ॥ ਖਸਮੈ ਭਾਵੈ ਸੋ ਕਰੇ ਮਨਹੁ ਚਿੰਦਿਆ ਸੋ ਫਲੁ ਪਾਇਸੀ ॥ ਤਾ ਦਰਗਹ ਪੈਧਾ ਜਾਇਸੀ ॥੧੫॥
-
ਸਲੋਕ ਮਃ ੧ ॥ ਗਊ ਬਿਰਾਹਮਣ ਕਉ ਕਰੁ ਲਾਵਹੁ ਗੋਬਰਿ ਤਰਣੁ ਨ ਜਾਈ ॥ ਧੋਤੀ ਟਿਕਾ ਤੈ ਜਪਮਾਲੀ ਧਾਨੁ ਮਲੇਛਾਂ ਖਾਈ ॥ ਅੰਤਰਿ ਪੂਜਾ ਪੜਹਿ ਕਤੇਬਾ ਸੰਜਮੁ ਤੁਰਕਾ ਭਾਈ ॥ ਛੋਡੀਲੇ ਪਾਖੰਡਾ ॥ ਨਾਮਿ ਲਇਐ ਜਾਹਿ ਤਰੰਦਾ ॥੧॥
-
ਮਃ ੧ ॥ ਮਾਣਸ ਖਾਣੇ ਕਰਹਿ ਨਿਵਾਜ ॥ ਛੁਰੀ ਵਗਾਇਨਿ ਤਿਨ ਗਲਿ ਤਾਗ ॥ ਤਿਨ ਘਰਿ ਬ੍ਰਹਮਣ ਪੂਰਹਿ ਨਾਦ ॥ ਉਨ੍ਹ੍ਹਾ ਭਿ ਆਵਹਿ ਓਈ ਸਾਦ ॥ ਕੂੜੀ ਰਾਸਿ ਕੂੜਾ ਵਾਪਾਰੁ ॥ ਕੂੜੁ ਬੋਲਿ ਕਰਹਿ ਆਹਾਰੁ ॥ ਸਰਮ ਧਰਮ ਕਾ ਡੇਰਾ ਦੂਰਿ ॥ ਨਾਨਕ ਕੂੜੁ ਰਹਿਆ ਭਰਪੂਰਿ ॥ ਮਥੈ ਟਿਕਾ ਤੇੜਿ ਧੋਤੀ ਕਖਾਈ ॥ ਹਥਿ ਛੁਰੀ ਜਗਤ ਕਾਸਾਈ ॥ ਨੀਲ ਵਸਤ੍ਰ ਪਹਿਰਿ ਹੋਵਹਿ ਪਰਵਾਣੁ ॥ ਮਲੇਛ ਧਾਨੁ ਲੇ ਪੂਜਹਿ ਪੁਰਾਣੁ ॥ ਅਭਾਖਿਆ ਕਾ ਕੁਠਾ ਬਕਰਾ ਖਾਣਾ ॥ ਚਉਕੇ ਉਪਰਿ ਕਿਸੈ ਨ ਜਾਣਾ ॥ ਦੇ ਕੈ ਚਉਕਾ ਕਢੀ ਕਾਰ ॥ ਉਪਰਿ ਆਇ ਬੈਠੇ ਕੂੜਿਆਰ ॥ ਮਤੁ ਭਿਟੈ ਵੇ ਮਤੁ ਭਿਟੈ ॥ ਇਹੁ ਅੰਨੁ ਅਸਾਡਾ ਫਿਟੈ ॥ ਤਨਿ ਫਿਟੈ ਫੇੜ ਕਰੇਨਿ ॥ ਮਨਿ ਜੂਠੈ ਚੁਲੀ ਭਰੇਨਿ ॥ ਕਹੁ ਨਾਨਕ ਸਚੁ ਧਿਆਈਐ ॥ ਸੁਚਿ ਹੋਵੈ ਤਾ ਸਚੁ ਪਾਈਐ ॥੨॥