page 493
-
ਗੂਜਰੀ ਮਹਲਾ ੪ ॥ ਹਰਿ ਜਨ ਊਤਮ ਊਤਮ ਬਾਣੀ ਮੁਖਿ ਬੋਲਹਿ ਪਰਉਪਕਾਰੇ ॥ ਜੋ ਜਨੁ ਸੁਣੈ ਸਰਧਾ ਭਗਤਿ ਸੇਤੀ ਕਰਿ ਕਿਰਪਾ ਹਰਿ ਨਿਸਤਾਰੇ ॥੧॥ ਰਾਮ ਮੋ ਕਉ ਹਰਿ ਜਨ ਮੇਲਿ ਪਿਆਰੇ ॥ ਮੇਰੇ ਪ੍ਰੀਤਮ ਪ੍ਰਾਨ ਸਤਿਗੁਰੁ ਗੁਰੁ ਪੂਰਾ ਹਮ ਪਾਪੀ ਗੁਰਿ ਨਿਸਤਾਰੇ ॥੧॥ ਰਹਾਉ ॥ ਗੁਰਮੁਖਿ ਵਡਭਾਗੀ ਵਡਭਾਗੇ ਜਿਨ ਹਰਿ ਹਰਿ ਨਾਮੁ ਅਧਾਰੇ ॥ ਹਰਿ ਹਰਿ ਅੰਮ੍ਰਿਤੁ ਹਰਿ ਰਸੁ ਪਾਵਹਿ ਗੁਰਮਤਿ ਭਗਤਿ ਭੰਡਾਰੇ ॥੨॥ ਜਿਨ ਦਰਸਨੁ ਸਤਿਗੁਰ ਸਤ ਪੁਰਖ ਨ ਪਾਇਆ ਤੇ ਭਾਗਹੀਣ ਜਮਿ ਮਾਰੇ ॥ ਸੇ ਕੂਕਰ ਸੂਕਰ ਗਰਧਭ ਪਵਹਿ ਗਰਭ ਜੋਨੀ ਦਯਿ ਮਾਰੇ ਮਹਾ ਹਤਿਆਰੇ ॥੩॥ ਦੀਨ ਦਇਆਲ ਹੋਹੁ ਜਨ ਊਪਰਿ ਕਰਿ ਕਿਰਪਾ ਲੇਹੁ ਉਬਾਰੇ ॥ ਨਾਨਕ ਜਨ ਹਰਿ ਕੀ ਸਰਣਾਈ ਹਰਿ ਭਾਵੈ ਹਰਿ ਨਿਸਤਾਰੇ ॥੪॥੩॥
-
ਗੂਜਰੀ ਮਹਲਾ ੪ ॥ ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥ ਸਭਿ ਸੁਖ ਸਭਿ ਗੁਣ ਸਭਿ ਨਿਧਾਨ ਹਰਿ ਜਿਤੁ ਜਪਿਐ ਦੁਖ ਭੁਖ ਸਭ ਲਹਿ ਜਾਈ ॥੧॥ ਮਨ ਮੇਰੇ ਮੇਰਾ ਰਾਮ ਨਾਮੁ ਸਖਾ ਹਰਿ ਭਾਈ ॥ ਗੁਰਮਤਿ ਰਾਮ ਨਾਮੁ ਜਸੁ ਗਾਵਾ ਅੰਤਿ ਬੇਲੀ ਦਰਗਹ ਲਏ ਛਡਾਈ ॥੧॥ ਰਹਾਉ ॥ ਤੂੰ ਆਪੇ ਦਾਤਾ ਪ੍ਰਭੁ ਅੰਤਰਜਾਮੀ ਕਰਿ ਕਿਰਪਾ ਲੋਚ ਮੇਰੈ ਮਨਿ ਲਾਈ ॥ ਮੈ ਮਨਿ ਤਨਿ ਲੋਚ ਲਗੀ ਹਰਿ ਸੇਤੀ ਪ੍ਰਭਿ ਲੋਚ ਪੂਰੀ ਸਤਿਗੁਰ ਸਰਣਾਈ ॥੨॥ ਮਾਣਸ ਜਨਮੁ ਪੁੰਨਿ ਕਰਿ ਪਾਇਆ ਬਿਨੁ ਨਾਵੈ ਧ੍ਰਿਗੁ ਧ੍ਰਿਗੁ ਬਿਰਥਾ ਜਾਈ ॥ ਨਾਮ ਬਿਨਾ ਰਸ ਕਸ ਦੁਖੁ ਖਾਵੈ ਮੁਖੁ ਫੀਕਾ ਥੁਕ ਥੂਕ ਮੁਖਿ ਪਾਈ ॥੩॥ ਜੋ ਜਨ ਹਰਿ ਪ੍ਰਭ ਹਰਿ ਹਰਿ ਸਰਣਾ ਤਿਨ ਦਰਗਹ ਹਰਿ ਹਰਿ ਦੇ ਵਡਿਆਈ ॥ ਧੰਨੁ ਧੰਨੁ ਸਾਬਾਸਿ ਕਹੈ ਪ੍ਰਭੁ ਜਨ ਕਉ ਜਨ ਨਾਨਕ ਮੇਲਿ ਲਏ ਗਲਿ ਲਾਈ ॥੪॥੪॥
-
ਗੂਜਰੀ ਮਹਲਾ ੪ ॥ ਗੁਰਮੁਖਿ ਸਖੀ ਸਹੇਲੀ ਮੇਰੀ ਮੋ ਕਉ ਦੇਵਹੁ ਦਾਨੁ ਹਰਿ ਪ੍ਰਾਨ ਜੀਵਾਇਆ ॥ ਹਮ ਹੋਵਹ ਲਾਲੇ ਗੋਲੇ ਗੁਰਸਿਖਾ ਕੇ ਜਿਨ੍ਹ੍ਹਾ ਅਨਦਿਨੁ ਹਰਿ ਪ੍ਰਭੁ ਪੁਰਖੁ ਧਿਆਇਆ ॥੧॥ ਮੇਰੈ ਮਨਿ ਤਨਿ ਬਿਰਹੁ ਗੁਰਸਿਖ ਪਗ ਲਾਇਆ ॥ ਮੇਰੇ ਪ੍ਰਾਨ ਸਖਾ ਗੁਰ ਕੇ ਸਿਖ ਭਾਈ ਮੋ ਕਉ ਕਰਹੁ ਉਪਦੇਸੁ ਹਰਿ ਮਿਲੈ ਮਿਲਾਇਆ ॥੧॥ ਰਹਾਉ ॥ ਜਾ ਹਰਿ ਪ੍ਰਭ ਭਾਵੈ ਤਾ ਗੁਰਮੁਖਿ ਮੇਲੇ ਜਿਨ੍ਹ੍ਹ ਵਚਨ ਗੁਰੂ ਸਤਿਗੁਰ ਮਨਿ ਭਾਇਆ ॥ ਵਡਭਾਗੀ ਗੁਰ ਕੇ ਸਿਖ ਪਿਆਰੇ ਹਰਿ ਨਿਰਬਾਣੀ ਨਿਰਬਾਣ ਪਦੁ ਪਾਇਆ ॥੨॥ ਸਤਸੰਗਤਿ ਗੁਰ ਕੀ ਹਰਿ ਪਿਆਰੀ ਜਿਨ ਹਰਿ ਹਰਿ ਨਾਮੁ ਮੀਠਾ ਮਨਿ ਭਾਇਆ ॥ ਜਿਨ ਸਤਿਗੁਰ ਸੰਗਤਿ ਸੰਗੁ ਨ ਪਾਇਆ ਸੇ ਭਾਗਹੀਣ ਪਾਪੀ ਜਮਿ ਖਾਇਆ ॥੩॥ ਆਪਿ ਕ੍ਰਿਪਾਲੁ ਕ੍ਰਿਪਾ ਪ੍ਰਭੁ ਧਾਰੇ ਹਰਿ ਆਪੇ ਗੁਰਮੁਖਿ ਮਿਲੈ ਮਿਲਾਇਆ ॥ ਜਨੁ ਨਾਨਕੁ ਬੋਲੇ ਗੁਣ ਬਾਣੀ ਗੁਰਬਾਣੀ ਹਰਿ ਨਾਮਿ ਸਮਾਇਆ ॥੪॥੫॥