page 495
-
ਗੂਜਰੀ ਮਹਲਾ ੫ ਚਉਪਦੇ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥ ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥੧॥ ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸਿ ਤਰਿਆ ॥ ਗੁਰ ਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ ॥੧॥ ਰਹਾਉ ॥ ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥ ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥੨॥ ਊਡੈ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥ ਉਨ ਕਵਨੁ ਖਲਾਵੈ ਕਵਨੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥੩॥ ਸਭ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥ ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥੪॥੧॥
-
ਗੂਜਰੀ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥ ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ ॥੧॥ ਮੇਰੇ ਠਾਕੁਰ ਰਖਿ ਲੇਵਹੁ ਕਿਰਪਾ ਧਾਰੀ ॥ ਕੋਟਿ ਮਧੇ ਕੋ ਵਿਰਲਾ ਸੇਵਕੁ ਹੋਰਿ ਸਗਲੇ ਬਿਉਹਾਰੀ ॥੧॥ ਰਹਾਉ ॥ ਸਾਸਤ ਬੇਦ ਸਿਮ੍ਰਿਤਿ ਸਭਿ ਸੋਧੇ ਸਭ ਏਕਾ ਬਾਤ ਪੁਕਾਰੀ ॥ ਬਿਨੁ ਗੁਰ ਮੁਕਤਿ ਨ ਕੋਊ ਪਾਵੈ ਮਨਿ ਵੇਖਹੁ ਕਰਿ ਬੀਚਾਰੀ ॥੨॥ ਅਠਸਠਿ ਮਜਨੁ ਕਰਿ ਇਸਨਾਨਾ ਭ੍ਰਮਿ ਆਏ ਧਰ ਸਾਰੀ ॥ ਅਨਿਕ ਸੋਚ ਕਰਹਿ ਦਿਨ ਰਾਤੀ ਬਿਨੁ ਸਤਿਗੁਰ ਅੰਧਿਆਰੀ ॥੩॥ ਧਾਵਤ ਧਾਵਤ ਸਭੁ ਜਗੁ ਧਾਇਓ ਅਬ ਆਏ ਹਰਿ ਦੁਆਰੀ ॥ ਦੁਰਮਤਿ ਮੇਟਿ ਬੁਧਿ ਪਰਗਾਸੀ ਜਨ ਨਾਨਕ ਗੁਰਮੁਖਿ ਤਾਰੀ ॥੪॥੧॥੨॥
-
ਗੂਜਰੀ ਮਹਲਾ ੫ ॥ ਹਰਿ ਧਨੁ ਜਾਪ ਹਰਿ ਧਨੁ ਤਾਪ ਹਰਿ ਧਨੁ ਭੋਜਨੁ ਭਾਇਆ ॥ ਨਿਮਖ ਨ ਬਿਸਰਉ ਮਨ ਤੇ ਹਰਿ ਹਰਿ ਸਾਧਸੰਗਤਿ ਮਹਿ ਪਾਇਆ ॥੧॥ ਮਾਈ ਖਾਟਿ ਆਇਓ ਘਰਿ ਪੂਤਾ ॥ ਹਰਿ ਧਨੁ ਚਲਤੇ ਹਰਿ ਧਨੁ ਬੈਸੇ ਹਰਿ ਧਨੁ ਜਾਗਤ ਸੂਤਾ ॥੧॥ ਰਹਾਉ ॥ ਹਰਿ ਧਨੁ ਇਸਨਾਨੁ ਹਰਿ ਧਨੁ ਗਿਆਨੁ ਹਰਿ ਸੰਗਿ ਲਾਇ ਧਿਆਨਾ ॥ ਹਰਿ ਧਨੁ ਤੁਲਹਾ ਹਰਿ ਧਨੁ ਬੇੜੀ ਹਰਿ ਹਰਿ ਤਾਰਿ ਪਰਾਨਾ ॥੨॥ ਹਰਿ ਧਨ ਮੇਰੀ ਚਿੰਤ ਵਿਸਾਰੀ ਹਰਿ ਧਨਿ ਲਾਹਿਆ ਧੋਖਾ ॥ ਹਰਿ ਧਨ ਤੇ ਮੈ ਨਵ ਨਿਧਿ ਪਾਈ ਹਾਥਿ ਚਰਿਓ ਹਰਿ ਥੋਕਾ ॥੩॥ ਖਾਵਹੁ ਖਰਚਹੁ ਤੋਟਿ ਨ ਆਵੈ ਹਲਤ ਪਲਤ ਕੈ ਸੰਗੇ ॥ ਲਾਦਿ ਖਜਾਨਾ ਗੁਰਿ ਨਾਨਕ ਕਉ ਦੀਆ ਇਹੁ ਮਨੁ ਹਰਿ ਰੰਗਿ ਰੰਗੇ ॥੪॥੨॥੩॥