page 511
-
ਮਃ ੩ ॥ ਏਕੋ ਨਿਹਚਲ ਨਾਮ ਧਨੁ ਹੋਰੁ ਧਨੁ ਆਵੈ ਜਾਇ ॥ ਇਸੁ ਧਨ ਕਉ ਤਸਕਰੁ ਜੋਹਿ ਨ ਸਕਈ ਨਾ ਓਚਕਾ ਲੈ ਜਾਇ ॥ ਇਹੁ ਹਰਿ ਧਨੁ ਜੀਐ ਸੇਤੀ ਰਵਿ ਰਹਿਆ ਜੀਐ ਨਾਲੇ ਜਾਇ ॥ ਪੂਰੇ ਗੁਰ ਤੇ ਪਾਈਐ ਮਨਮੁਖਿ ਪਲੈ ਨ ਪਾਇ ॥ ਧਨੁ ਵਾਪਾਰੀ ਨਾਨਕਾ ਜਿਨ੍ਹ੍ਹਾ ਨਾਮ ਧਨੁ ਖਟਿਆ ਆਇ ॥੨॥
-
ਪਉੜੀ ॥ ਮੇਰਾ ਸਾਹਿਬੁ ਅਤਿ ਵਡਾ ਸਚੁ ਗਹਿਰ ਗੰਭੀਰਾ ॥ ਸਭੁ ਜਗੁ ਤਿਸ ਕੈ ਵਸਿ ਹੈ ਸਭੁ ਤਿਸ ਕਾ ਚੀਰਾ ॥ ਗੁਰ ਪਰਸਾਦੀ ਪਾਈਐ ਨਿਹਚਲੁ ਧਨੁ ਧੀਰਾ ॥ ਕਿਰਪਾ ਤੇ ਹਰਿ ਮਨਿ ਵਸੈ ਭੇਟੈ ਗੁਰੁ ਸੂਰਾ ॥ ਗੁਣਵੰਤੀ ਸਾਲਾਹਿਆ ਸਦਾ ਥਿਰੁ ਨਿਹਚਲੁ ਹਰਿ ਪੂਰਾ ॥੭॥
-
ਸਲੋਕੁ ਮਃ ੩ ॥ ਧ੍ਰਿਗੁ ਤਿਨ੍ਹ੍ਹਾ ਦਾ ਜੀਵਿਆ ਜੋ ਹਰਿ ਸੁਖੁ ਪਰਹਰਿ ਤਿਆਗਦੇ ਦੁਖੁ ਹਉਮੈ ਪਾਪ ਕਮਾਇ ॥ ਮਨਮੁਖ ਅਗਿਆਨੀ ਮਾਇਆ ਮੋਹਿ ਵਿਆਪੇ ਤਿਨ੍ਹ੍ਹ ਬੂਝ ਨ ਕਾਈ ਪਾਇ ॥ ਹਲਤਿ ਪਲਤਿ ਓਇ ਸੁਖੁ ਨ ਪਾਵਹਿ ਅੰਤਿ ਗਏ ਪਛੁਤਾਇ ॥ ਗੁਰ ਪਰਸਾਦੀ ਕੋ ਨਾਮੁ ਧਿਆਏ ਤਿਸੁ ਹਉਮੈ ਵਿਚਹੁ ਜਾਇ ॥ ਨਾਨਕ ਜਿਸੁ ਪੂਰਬਿ ਹੋਵੈ ਲਿਖਿਆ ਸੋ ਗੁਰ ਚਰਣੀ ਆਇ ਪਾਇ ॥੧॥
-
ਮਃ ੩ ॥ ਮਨਮੁਖੁ ਊਧਾ ਕਉਲੁ ਹੈ ਨਾ ਤਿਸੁ ਭਗਤਿ ਨ ਨਾਉ ॥ ਸਕਤੀ ਅੰਦਰਿ ਵਰਤਦਾ ਕੂੜੁ ਤਿਸ ਕਾ ਹੈ ਉਪਾਉ ॥ ਤਿਸ ਕਾ ਅੰਦਰੁ ਚਿਤੁ ਨ ਭਿਜਈ ਮੁਖਿ ਫੀਕਾ ਆਲਾਉ ॥ ਓਇ ਧਰਮਿ ਰਲਾਏ ਨਾ ਰਲਨ੍ਹ੍ਹਿ ਓਨਾ ਅੰਦਰਿ ਕੂੜੁ ਸੁਆਉ ॥ ਨਾਨਕ ਕਰਤੈ ਬਣਤ ਬਣਾਈ ਮਨਮੁਖ ਕੂੜੁ ਬੋਲਿ ਬੋਲਿ ਡੁਬੇ ਗੁਰਮੁਖਿ ਤਰੇ ਜਪਿ ਹਰਿ ਨਾਉ ॥੨॥
-
ਪਉੜੀ ॥ ਬਿਨੁ ਬੂਝੇ ਵਡਾ ਫੇਰੁ ਪਇਆ ਫਿਰਿ ਆਵੈ ਜਾਈ ॥ ਸਤਿਗੁਰ ਕੀ ਸੇਵਾ ਨ ਕੀਤੀਆ ਅੰਤਿ ਗਇਆ ਪਛੁਤਾਈ ॥ ਆਪਣੀ ਕਿਰਪਾ ਕਰੇ ਗੁਰੁ ਪਾਈਐ ਵਿਚਹੁ ਆਪੁ ਗਵਾਈ ॥ ਤ੍ਰਿਸਨਾ ਭੁਖ ਵਿਚਹੁ ਉਤਰੈ ਸੁਖੁ ਵਸੈ ਮਨਿ ਆਈ ॥ ਸਦਾ ਸਦਾ ਸਾਲਾਹੀਐ ਹਿਰਦੈ ਲਿਵ ਲਾਈ ॥੮॥
-
ਸਲੋਕੁ ਮਃ ੩ ॥ ਜਿ ਸਤਿਗੁਰੁ ਸੇਵੇ ਆਪਣਾ ਤਿਸ ਨੋ ਪੂਜੇ ਸਭੁ ਕੋਇ ॥ ਸਭਨਾ ਉਪਾਵਾ ਸਿਰਿ ਉਪਾਉ ਹੈ ਹਰਿ ਨਾਮੁ ਪਰਾਪਤਿ ਹੋਇ ॥ ਅੰਤਰਿ ਸੀਤਲ ਸਾਤਿ ਵਸੈ ਜਪਿ ਹਿਰਦੈ ਸਦਾ ਸੁਖੁ ਹੋਇ ॥ ਅੰਮ੍ਰਿਤੁ ਖਾਣਾ ਅੰਮ੍ਰਿਤੁ ਪੈਨਣਾ ਨਾਨਕ ਨਾਮੁ ਵਡਾਈ ਹੋਇ ॥੧॥