page 530
-
ਦੇਵਗੰਧਾਰੀ ੫ ॥ ਸੋ ਪ੍ਰਭੁ ਜਤ ਕਤ ਪੇਖਿਓ ਨੈਣੀ ॥ ਸੁਖਦਾਈ ਜੀਅਨ ਕੋ ਦਾਤਾ ਅੰਮ੍ਰਿਤੁ ਜਾ ਕੀ ਬੈਣੀ ॥੧॥ ਰਹਾਉ ॥ ਅਗਿਆਨੁ ਅਧੇਰਾ ਸੰਤੀ ਕਾਟਿਆ ਜੀਅ ਦਾਨੁ ਗੁਰ ਦੈਣੀ ॥ ਕਰਿ ਕਿਰਪਾ ਕਰਿ ਲੀਨੋ ਅਪੁਨਾ ਜਲਤੇ ਸੀਤਲ ਹੋਣੀ ॥੧॥ ਕਰਮੁ ਧਰਮੁ ਕਿਛੁ ਉਪਜਿ ਨ ਆਇਓ ਨਹ ਉਪਜੀ ਨਿਰਮਲ ਕਰਣੀ ॥ ਛਾਡਿ ਸਿਆਨਪ ਸੰਜਮ ਨਾਨਕ ਲਾਗੋ ਗੁਰ ਕੀ ਚਰਣੀ ॥੨॥੯॥
-
ਦੇਵਗੰਧਾਰੀ ੫ ॥ ਹਰਿ ਰਾਮ ਨਾਮੁ ਜਪਿ ਲਾਹਾ ॥ ਗਤਿ ਪਾਵਹਿ ਸੁਖ ਸਹਜ ਅਨੰਦਾ ਕਾਟੇ ਜਮ ਕੇ ਫਾਹਾ ॥੧॥ ਰਹਾਉ ॥ ਖੋਜਤ ਖੋਜਤ ਖੋਜਿ ਬੀਚਾਰਿਓ ਹਰਿ ਸੰਤ ਜਨਾ ਪਹਿ ਆਹਾ ॥ ਤਿਨ੍ਹ੍ਹਾ ਪਰਾਪਤਿ ਏਹੁ ਨਿਧਾਨਾ ਜਿਨ੍ਹ੍ਹ ਕੈ ਕਰਮਿ ਲਿਖਾਹਾ ॥੧॥ ਸੇ ਬਡਭਾਗੀ ਸੇ ਪਤਿਵੰਤੇ ਸੇਈ ਪੂਰੇ ਸਾਹਾ ॥ ਸੁੰਦਰ ਸੁਘੜ ਸਰੂਪ ਤੇ ਨਾਨਕ ਜਿਨ੍ਹ੍ਹ ਹਰਿ ਹਰਿ ਨਾਮੁ ਵਿਸਾਹਾ ॥੨॥੧੦॥
-
ਦੇਵਗੰਧਾਰੀ ੫ ॥ ਮਨ ਕਹ ਅਹੰਕਾਰਿ ਅਫਾਰਾ ॥ ਦੁਰਗੰਧ ਅਪਵਿਤ੍ਰ ਅਪਾਵਨ ਭੀਤਰਿ ਜੋ ਦੀਸੈ ਸੋ ਛਾਰਾ ॥੧॥ ਰਹਾਉ ॥ ਜਿਨਿ ਕੀਆ ਤਿਸੁ ਸਿਮਰਿ ਪਰਾਨੀ ਜੀਉ ਪ੍ਰਾਨ ਜਿਨਿ ਧਾਰਾ ॥ ਤਿਸਹਿ ਤਿਆਗਿ ਅਵਰ ਲਪਟਾਵਹਿ ਮਰਿ ਜਨਮਹਿ ਮੁਗਧ ਗਵਾਰਾ ॥੧॥ ਅੰਧ ਗੁੰਗ ਪਿੰਗੁਲ ਮਤਿ ਹੀਨਾ ਪ੍ਰਭ ਰਾਖਹੁ ਰਾਖਨਹਾਰਾ ॥ ਕਰਨ ਕਰਾਵਨਹਾਰ ਸਮਰਥਾ ਕਿਆ ਨਾਨਕ ਜੰਤ ਬਿਚਾਰਾ ॥੨॥੧੧॥
-
ਦੇਵਗੰਧਾਰੀ ੫ ॥ ਸੋ ਪ੍ਰਭੁ ਨੇਰੈ ਹੂ ਤੇ ਨੇਰੈ ॥ ਸਿਮਰਿ ਧਿਆਇ ਗਾਇ ਗੁਨ ਗੋਬਿੰਦ ਦਿਨੁ ਰੈਨਿ ਸਾਝ ਸਵੇਰੈ ॥੧॥ ਰਹਾਉ ॥ ਉਧਰੁ ਦੇਹ ਦੁਲਭ ਸਾਧੂ ਸੰਗਿ ਹਰਿ ਹਰਿ ਨਾਮੁ ਜਪੇਰੈ ॥ ਘਰੀ ਨ ਮੁਹਤੁ ਨ ਚਸਾ ਬਿਲੰਬਹੁ ਕਾਲੁ ਨਿਤਹਿ ਨਿਤ ਹੇਰੈ ॥੧॥ ਅੰਧ ਬਿਲਾ ਤੇ ਕਾਢਹੁ ਕਰਤੇ ਕਿਆ ਨਾਹੀ ਘਰਿ ਤੇਰੈ ॥ ਨਾਮੁ ਅਧਾਰੁ ਦੀਜੈ ਨਾਨਕ ਕਉ ਆਨਦ ਸੂਖ ਘਨੇਰੈ ॥੨॥੧੨॥ ਛਕੇ ੨ ॥
-
ਦੇਵਗੰਧਾਰੀ ੫ ॥ ਮਨ ਗੁਰ ਮਿਲਿ ਨਾਮੁ ਅਰਾਧਿਓ ॥ ਸੂਖ ਸਹਜ ਆਨੰਦ ਮੰਗਲ ਰਸ ਜੀਵਨ ਕਾ ਮੂਲੁ ਬਾਧਿਓ ॥੧॥ ਰਹਾਉ ॥ ਕਰਿ ਕਿਰਪਾ ਅਪੁਨਾ ਦਾਸੁ ਕੀਨੋ ਕਾਟੇ ਮਾਇਆ ਫਾਧਿਓ ॥ ਭਾਉ ਭਗਤਿ ਗਾਇ ਗੁਣ ਗੋਬਿਦ ਜਮ ਕਾ ਮਾਰਗੁ ਸਾਧਿਓ ॥੧॥ ਭਇਓ ਅਨੁਗ੍ਰਹੁ ਮਿਟਿਓ ਮੋਰਚਾ ਅਮੋਲ ਪਦਾਰਥੁ ਲਾਧਿਓ ॥ ਬਲਿਹਾਰੈ ਨਾਨਕ ਲਖ ਬੇਰਾ ਮੇਰੇ ਠਾਕੁਰ ਅਗਮ ਅਗਾਧਿਓ ॥੨॥੧੩॥