page 538
-
ਗੁਰਮਤਿ ਮਨਿ ਅੰਮ੍ਰਿਤੁ ਵੁਠੜਾ ਮੇਰੀ ਜਿੰਦੁੜੀਏ ਮੁਖਿ ਅੰਮ੍ਰਿਤ ਬੈਣ ਅਲਾਏ ਰਾਮ ॥ ਅੰਮ੍ਰਿਤ ਬਾਣੀ ਭਗਤ ਜਨਾ ਕੀ ਮੇਰੀ ਜਿੰਦੁੜੀਏ ਮਨਿ ਸੁਣੀਐ ਹਰਿ ਲਿਵ ਲਾਏ ਰਾਮ ॥ ਚਿਰੀ ਵਿਛੁੰਨਾ ਹਰਿ ਪ੍ਰਭੁ ਪਾਇਆ ਗਲਿ ਮਿਲਿਆ ਸਹਜਿ ਸੁਭਾਏ ਰਾਮ ॥ ਜਨ ਨਾਨਕ ਮਨਿ ਅਨਦੁ ਭਇਆ ਹੈ ਮੇਰੀ ਜਿੰਦੁੜੀਏ ਅਨਹਤ ਸਬਦ ਵਜਾਏ ਰਾਮ ॥੨॥
-
ਸਖੀ ਸਹੇਲੀ ਮੇਰੀਆ ਮੇਰੀ ਜਿੰਦੁੜੀਏ ਕੋਈ ਹਰਿ ਪ੍ਰਭੁ ਆਣਿ ਮਿਲਾਵੈ ਰਾਮ ॥ ਹਉ ਮਨੁ ਦੇਵਉ ਤਿਸੁ ਆਪਣਾ ਮੇਰੀ ਜਿੰਦੁੜੀਏ ਹਰਿ ਪ੍ਰਭ ਕੀ ਹਰਿ ਕਥਾ ਸੁਣਾਵੈ ਰਾਮ ॥ ਗੁਰਮੁਖਿ ਸਦਾ ਅਰਾਧਿ ਹਰਿ ਮੇਰੀ ਜਿੰਦੁੜੀਏ ਮਨ ਚਿੰਦਿਅੜਾ ਫਲੁ ਪਾਵੈ ਰਾਮ ॥ ਨਾਨਕ ਭਜੁ ਹਰਿ ਸਰਣਾਗਤੀ ਮੇਰੀ ਜਿੰਦੁੜੀਏ ਵਡਭਾਗੀ ਨਾਮੁ ਧਿਆਵੈ ਰਾਮ ॥੩॥
-
ਕਰਿ ਕਿਰਪਾ ਪ੍ਰਭ ਆਇ ਮਿਲੁ ਮੇਰੀ ਜਿੰਦੁੜੀਏ ਗੁਰਮਤਿ ਨਾਮੁ ਪਰਗਾਸੇ ਰਾਮ ॥ ਹਉ ਹਰਿ ਬਾਝੁ ਉਡੀਣੀਆ ਮੇਰੀ ਜਿੰਦੁੜੀਏ ਜਿਉ ਜਲ ਬਿਨੁ ਕਮਲ ਉਦਾਸੇ ਰਾਮ ॥ ਗੁਰਿ ਪੂਰੈ ਮੇਲਾਇਆ ਮੇਰੀ ਜਿੰਦੁੜੀਏ ਹਰਿ ਸਜਣੁ ਹਰਿ ਪ੍ਰਭੁ ਪਾਸੇ ਰਾਮ ॥ ਧਨੁ ਧਨੁ ਗੁਰੂ ਹਰਿ ਦਸਿਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਬਿਗਾਸੇ ਰਾਮ ॥੪॥੧॥
-
ਰਾਗੁ ਬਿਹਾਗੜਾ ਮਹਲਾ ੪ ॥ ਅੰਮ੍ਰਿਤੁ ਹਰਿ ਹਰਿ ਨਾਮੁ ਹੈ ਮੇਰੀ ਜਿੰਦੁੜੀਏ ਅੰਮ੍ਰਿਤੁ ਗੁਰਮਤਿ ਪਾਏ ਰਾਮ ॥ ਹਉਮੈ ਮਾਇਆ ਬਿਖੁ ਹੈ ਮੇਰੀ ਜਿੰਦੁੜੀਏ ਹਰਿ ਅੰਮ੍ਰਿਤਿ ਬਿਖੁ ਲਹਿ ਜਾਏ ਰਾਮ ॥ ਮਨੁ ਸੁਕਾ ਹਰਿਆ ਹੋਇਆ ਮੇਰੀ ਜਿੰਦੁੜੀਏ ਹਰਿ ਹਰਿ ਨਾਮੁ ਧਿਆਏ ਰਾਮ ॥ ਹਰਿ ਭਾਗ ਵਡੇ ਲਿਖਿ ਪਾਇਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਸਮਾਏ ਰਾਮ ॥੧॥
-
ਹਰਿ ਸੇਤੀ ਮਨੁ ਬੇਧਿਆ ਮੇਰੀ ਜਿੰਦੁੜੀਏ ਜਿਉ ਬਾਲਕ ਲਗਿ ਦੁਧ ਖੀਰੇ ਰਾਮ ॥ ਹਰਿ ਬਿਨੁ ਸਾਂਤਿ ਨ ਪਾਈਐ ਮੇਰੀ ਜਿੰਦੁੜੀਏ ਜਿਉ ਚਾਤ੍ਰਿਕੁ ਜਲ ਬਿਨੁ ਟੇਰੇ ਰਾਮ ॥ ਸਤਿਗੁਰ ਸਰਣੀ ਜਾਇ ਪਉ ਮੇਰੀ ਜਿੰਦੁੜੀਏ ਗੁਣ ਦਸੇ ਹਰਿ ਪ੍ਰਭ ਕੇਰੇ ਰਾਮ ॥ ਜਨ ਨਾਨਕ ਹਰਿ ਮੇਲਾਇਆ ਮੇਰੀ ਜਿੰਦੁੜੀਏ ਘਰਿ ਵਾਜੇ ਸਬਦ ਘਣੇਰੇ ਰਾਮ ॥੨॥
-
ਮਨਮੁਖਿ ਹਉਮੈ ਵਿਛੁੜੇ ਮੇਰੀ ਜਿੰਦੁੜੀਏ ਬਿਖੁ ਬਾਧੇ ਹਉਮੈ ਜਾਲੇ ਰਾਮ ॥ ਜਿਉ ਪੰਖੀ ਕਪੋਤਿ ਆਪੁ ਬਨ੍ਹ੍ਹਾਇਆ ਮੇਰੀ ਜਿੰਦੁੜੀਏ ਤਿਉ ਮਨਮੁਖ ਸਭਿ ਵਸਿ ਕਾਲੇ ਰਾਮ ॥ ਜੋ ਮੋਹਿ ਮਾਇਆ ਚਿਤੁ ਲਾਇਦੇ ਮੇਰੀ ਜਿੰਦੁੜੀਏ ਸੇ ਮਨਮੁਖ ਮੂੜ ਬਿਤਾਲੇ ਰਾਮ ॥ ਜਨ ਤ੍ਰਾਹਿ ਤ੍ਰਾਹਿ ਸਰਣਾਗਤੀ ਮੇਰੀ ਜਿੰਦੁੜੀਏ ਗੁਰ ਨਾਨਕ ਹਰਿ ਰਖਵਾਲੇ ਰਾਮ ॥੩॥