page 560
-
ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥
-
ਵਡਹੰਸੁ ਮਹਲਾ ੩ ॥ ਪੂਰੇ ਗੁਰ ਤੇ ਨਾਮੁ ਪਾਇਆ ਜਾਇ ॥ ਸਚੈ ਸਬਦਿ ਸਚਿ ਸਮਾਇ ॥੧॥ ਏ ਮਨ ਨਾਮੁ ਨਿਧਾਨੁ ਤੂ ਪਾਇ ॥ ਆਪਣੇ ਗੁਰ ਕੀ ਮੰਨਿ ਲੈ ਰਜਾਇ ॥੧॥ ਰਹਾਉ ॥ ਗੁਰ ਕੈ ਸਬਦਿ ਵਿਚਹੁ ਮੈਲੁ ਗਵਾਇ ॥ ਨਿਰਮਲੁ ਨਾਮੁ ਵਸੈ ਮਨਿ ਆਇ ॥੨॥ ਭਰਮੇ ਭੂਲਾ ਫਿਰੈ ਸੰਸਾਰੁ ॥ ਮਰਿ ਜਨਮੈ ਜਮੁ ਕਰੇ ਖੁਆਰੁ ॥੩॥ ਨਾਨਕ ਸੇ ਵਡਭਾਗੀ ਜਿਨ ਹਰਿ ਨਾਮੁ ਧਿਆਇਆ ॥ ਗੁਰ ਪਰਸਾਦੀ ਮੰਨਿ ਵਸਾਇਆ ॥੪॥੮॥
-
ਵਡਹੰਸੁ ਮਹਲਾ ੩ ॥ ਹਉਮੈ ਨਾਵੈ ਨਾਲਿ ਵਿਰੋਧੁ ਹੈ ਦੁਇ ਨ ਵਸਹਿ ਇਕ ਠਾਇ ॥ ਹਉਮੈ ਵਿਚਿ ਸੇਵਾ ਨ ਹੋਵਈ ਤਾ ਮਨੁ ਬਿਰਥਾ ਜਾਇ ॥੧॥ ਹਰਿ ਚੇਤਿ ਮਨ ਮੇਰੇ ਤੂ ਗੁਰ ਕਾ ਸਬਦੁ ਕਮਾਇ ॥ ਹੁਕਮੁ ਮੰਨਹਿ ਤਾ ਹਰਿ ਮਿਲੈ ਤਾ ਵਿਚਹੁ ਹਉਮੈ ਜਾਇ ॥ ਰਹਾਉ ॥ ਹਉਮੈ ਸਭੁ ਸਰੀਰੁ ਹੈ ਹਉਮੈ ਓਪਤਿ ਹੋਇ ॥ ਹਉਮੈ ਵਡਾ ਗੁਬਾਰੁ ਹੈ ਹਉਮੈ ਵਿਚਿ ਬੁਝਿ ਨ ਸਕੈ ਕੋਇ ॥੨॥ ਹਉਮੈ ਵਿਚਿ ਭਗਤਿ ਨ ਹੋਵਈ ਹੁਕਮੁ ਨ ਬੁਝਿਆ ਜਾਇ ॥ ਹਉਮੈ ਵਿਚਿ ਜੀਉ ਬੰਧੁ ਹੈ ਨਾਮੁ ਨ ਵਸੈ ਮਨਿ ਆਇ ॥੩॥ ਨਾਨਕ ਸਤਗੁਰਿ ਮਿਲਿਐ ਹਉਮੈ ਗਈ ਤਾ ਸਚੁ ਵਸਿਆ ਮਨਿ ਆਇ ॥ ਸਚੁ ਕਮਾਵੈ ਸਚਿ ਰਹੈ ਸਚੇ ਸੇਵਿ ਸਮਾਇ ॥੪॥੯॥੧੨॥
-
ਵਡਹੰਸੁ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੇਜ ਏਕ ਏਕੋ ਪ੍ਰਭੁ ਠਾਕੁਰੁ ॥ ਗੁਰਮੁਖਿ ਹਰਿ ਰਾਵੇ ਸੁਖ ਸਾਗਰੁ ॥੧॥ ਮੈ ਪ੍ਰਭ ਮਿਲਣ ਪ੍ਰੇਮ ਮਨਿ ਆਸਾ ॥ ਗੁਰੁ ਪੂਰਾ ਮੇਲਾਵੈ ਮੇਰਾ ਪ੍ਰੀਤਮੁ ਹਉ ਵਾਰਿ ਵਾਰਿ ਆਪਣੇ ਗੁਰੂ ਕਉ ਜਾਸਾ ॥੧॥ ਰਹਾਉ ॥ ਮੈ ਅਵਗਣ ਭਰਪੂਰਿ ਸਰੀਰੇ ॥ ਹਉ ਕਿਉ ਕਰਿ ਮਿਲਾ ਅਪਣੇ ਪ੍ਰੀਤਮ ਪੂਰੇ ॥੨॥ ਜਿਨਿ ਗੁਣਵੰਤੀ ਮੇਰਾ ਪ੍ਰੀਤਮੁ ਪਾਇਆ ॥ ਸੇ ਮੈ ਗੁਣ ਨਾਹੀ ਹਉ ਕਿਉ ਮਿਲਾ ਮੇਰੀ ਮਾਇਆ ॥੩॥ ਹਉ ਕਰਿ ਕਰਿ ਥਾਕਾ ਉਪਾਵ ਬਹੁਤੇਰੇ ॥ ਨਾਨਕ ਗਰੀਬ ਰਾਖਹੁ ਹਰਿ ਮੇਰੇ ॥੪॥੧॥