page 603
-
ਸੋਰਠਿ ਮਹਲਾ ੩ ਘਰੁ ੧ ॥ ਤਿਹੀ ਗੁਣੀ ਤ੍ਰਿਭਵਣੁ ਵਿਆਪਿਆ ਭਾਈ ਗੁਰਮੁਖਿ ਬੂਝ ਬੁਝਾਇ ॥ ਰਾਮ ਨਾਮਿ ਲਗਿ ਛੂਟੀਐ ਭਾਈ ਪੂਛਹੁ ਗਿਆਨੀਆ ਜਾਇ ॥੧॥ ਮਨ ਰੇ ਤ੍ਰੈ ਗੁਣ ਛੋਡਿ ਚਉਥੈ ਚਿਤੁ ਲਾਇ ॥ ਹਰਿ ਜੀਉ ਤੇਰੈ ਮਨਿ ਵਸੈ ਭਾਈ ਸਦਾ ਹਰਿ ਕੇ ਗੁਣ ਗਾਇ ॥ ਰਹਾਉ ॥ ਨਾਮੈ ਤੇ ਸਭਿ ਊਪਜੇ ਭਾਈ ਨਾਇ ਵਿਸਰਿਐ ਮਰਿ ਜਾਇ ॥ ਅਗਿਆਨੀ ਜਗਤੁ ਅੰਧੁ ਹੈ ਭਾਈ ਸੂਤੇ ਗਏ ਮੁਹਾਇ ॥੨॥ ਗੁਰਮੁਖਿ ਜਾਗੇ ਸੇ ਉਬਰੇ ਭਾਈ ਭਵਜਲੁ ਪਾਰਿ ਉਤਾਰਿ ॥ ਜਗ ਮਹਿ ਲਾਹਾ ਹਰਿ ਨਾਮੁ ਹੈ ਭਾਈ ਹਿਰਦੈ ਰਖਿਆ ਉਰ ਧਾਰਿ ॥੩॥ ਗੁਰ ਸਰਣਾਈ ਉਬਰੇ ਭਾਈ ਰਾਮ ਨਾਮਿ ਲਿਵ ਲਾਇ ॥ ਨਾਨਕ ਨਾਉ ਬੇੜਾ ਨਾਉ ਤੁਲਹੜਾ ਭਾਈ ਜਿਤੁ ਲਗਿ ਪਾਰਿ ਜਨ ਪਾਇ ॥੪॥੯॥
-
ਸੋਰਠਿ ਮਹਲਾ ੩ ਘਰੁ ੧ ॥ ਸਤਿਗੁਰੁ ਸੁਖ ਸਾਗਰੁ ਜਗ ਅੰਤਰਿ ਹੋਰ ਥੈ ਸੁਖੁ ਨਾਹੀ ॥ ਹਉਮੈ ਜਗਤੁ ਦੁਖਿ ਰੋਗਿ ਵਿਆਪਿਆ ਮਰਿ ਜਨਮੈ ਰੋਵੈ ਧਾਹੀ ॥੧॥ ਪ੍ਰਾਣੀ ਸਤਿਗੁਰੁ ਸੇਵਿ ਸੁਖੁ ਪਾਇ ॥ ਸਤਿਗੁਰੁ ਸੇਵਹਿ ਤਾ ਸੁਖੁ ਪਾਵਹਿ ਨਾਹਿ ਤ ਜਾਹਿਗਾ ਜਨਮੁ ਗਵਾਇ ॥ ਰਹਾਉ ॥ ਤ੍ਰੈ ਗੁਣ ਧਾਤੁ ਬਹੁ ਕਰਮ ਕਮਾਵਹਿ ਹਰਿ ਰਸ ਸਾਦੁ ਨ ਆਇਆ ॥ ਸੰਧਿਆ ਤਰਪਣੁ ਕਰਹਿ ਗਾਇਤ੍ਰੀ ਬਿਨੁ ਬੂਝੇ ਦੁਖੁ ਪਾਇਆ ॥੨॥ ਸਤਿਗੁਰੁ ਸੇਵੇ ਸੋ ਵਡਭਾਗੀ ਜਿਸ ਨੋ ਆਪਿ ਮਿਲਾਏ ॥ ਹਰਿ ਰਸੁ ਪੀ ਜਨ ਸਦਾ ਤ੍ਰਿਪਤਾਸੇ ਵਿਚਹੁ ਆਪੁ ਗਵਾਏ ॥੩॥ ਇਹੁ ਜਗੁ ਅੰਧਾ ਸਭੁ ਅੰਧੁ ਕਮਾਵੈ ਬਿਨੁ ਗੁਰ ਮਗੁ ਨ ਪਾਏ ॥ ਨਾਨਕ ਸਤਿਗੁਰੁ ਮਿਲੈ ਤ ਅਖੀ ਵੇਖੈ ਘਰੈ ਅੰਦਰਿ ਸਚੁ ਪਾਏ ॥੪॥੧੦॥
-
ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥