page 653
-
ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥
-
ਮਃ ੪ ॥ ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥ ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੂ ਸੁਟਦਾ ਮੁਆ ॥ ਕਿਆ ਹੋਵੈ ਕਿਸੈ ਹੀ ਦੈ ਕੀਤੈ ਜਾਂ ਧੁਰਿ ਕਿਰਤੁ ਓਸ ਦਾ ਏਹੋ ਜੇਹਾ ਪਇਆ ॥ ਜਿਥੈ ਓਹੁ ਜਾਇ ਤਿਥੈ ਓਹੁ ਝੂਠਾ ਕੂੜੁ ਬੋਲੇ ਕਿਸੈ ਨ ਭਾਵੈ ॥ ਵੇਖਹੁ ਭਾਈ ਵਡਿਆਈ ਹਰਿ ਸੰਤਹੁ ਸੁਆਮੀ ਅਪੁਨੇ ਕੀ ਜੈਸਾ ਕੋਈ ਕਰੈ ਤੈਸਾ ਕੋਈ ਪਾਵੈ ॥ ਏਹੁ ਬ੍ਰਹਮ ਬੀਚਾਰੁ ਹੋਵੈ ਦਰਿ ਸਾਚੈ ਅਗੋ ਦੇ ਜਨੁ ਨਾਨਕੁ ਆਖਿ ਸੁਣਾਵੈ ॥੨॥
-
ਪਉੜੀ ॥ ਗੁਰਿ ਸਚੈ ਬਧਾ ਥੇਹੁ ਰਖਵਾਲੇ ਗੁਰਿ ਦਿਤੇ ॥ ਪੂਰਨ ਹੋਈ ਆਸ ਗੁਰ ਚਰਣੀ ਮਨ ਰਤੇ ॥ ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ ਸਭਿ ਹਤੇ ॥ ਗੁਰਿ ਅਪਣੀ ਕਿਰਪਾ ਧਾਰਿ ਅਪਣੇ ਕਰਿ ਲਿਤੇ ॥ ਨਾਨਕ ਸਦ ਬਲਿਹਾਰ ਜਿਸੁ ਗੁਰ ਕੇ ਗੁਣ ਇਤੇ ॥੨੭॥
-
ਸਲੋਕ ਮਃ ੧ ॥ ਤਾ ਕੀ ਰਜਾਇ ਲੇਖਿਆ ਪਾਇ ਅਬ ਕਿਆ ਕੀਜੈ ਪਾਂਡੇ ॥ ਹੁਕਮੁ ਹੋਆ ਹਾਸਲੁ ਤਦੇ ਹੋਇ ਨਿਬੜਿਆ ਹੰਢਹਿ ਜੀਅ ਕਮਾਂਦੇ ॥੧॥
-
ਮਃ ੨ ॥ ਨਕਿ ਨਥ ਖਸਮ ਹਥ ਕਿਰਤੁ ਧਕੇ ਦੇ ॥ ਜਹਾ ਦਾਣੇ ਤਹਾਂ ਖਾਣੇ ਨਾਨਕਾ ਸਚੁ ਹੇ ॥੨॥
-
ਪਉੜੀ ॥ ਸਭੇ ਗਲਾ ਆਪਿ ਥਾਟਿ ਬਹਾਲੀਓਨੁ ॥ ਆਪੇ ਰਚਨੁ ਰਚਾਇ ਆਪੇ ਹੀ ਘਾਲਿਓਨੁ ॥ ਆਪੇ ਜੰਤ ਉਪਾਇ ਆਪਿ ਪ੍ਰਤਿਪਾਲਿਓਨੁ ॥ ਦਾਸ ਰਖੇ ਕੰਠਿ ਲਾਇ ਨਦਰਿ ਨਿਹਾਲਿਓਨੁ ॥ ਨਾਨਕ ਭਗਤਾ ਸਦਾ ਅਨੰਦੁ ਭਾਉ ਦੂਜਾ ਜਾਲਿਓਨੁ ॥੨੮॥
-
ਸਲੋਕੁ ਮਃ ੩ ॥ ਏ ਮਨ ਹਰਿ ਜੀ ਧਿਆਇ ਤੂ ਇਕ ਮਨਿ ਇਕ ਚਿਤਿ ਭਾਇ ॥ ਹਰਿ ਕੀਆ ਸਦਾ ਸਦਾ ਵਡਿਆਈਆ ਦੇਇ ਨ ਪਛੋਤਾਇ ॥ਹਉ ਹਰਿ ਕੈ ਸਦ ਬਲਿਹਾਰਣੈ ਜਿਤੁ ਸੇਵਿਐ ਸੁਖੁ ਪਾਇ ॥ ਨਾਨਕ ਗੁਰਮੁਖਿ ਮਿਲਿ ਰਹੈ ਹਉਮੈ ਸਬਦਿ ਜਲਾਇ ॥੧॥
-
ਮਃ ੩ ॥ ਆਪੇ ਸੇਵਾ ਲਾਇਅਨੁ ਆਪੇ ਬਖਸ ਕਰੇਇ ॥ ਸਭਨਾ ਕਾ ਮਾ ਪਿਉ ਆਪਿ ਹੈ ਆਪੇ ਸਾਰ ਕਰੇਇ ॥ਨਾਨਕ ਨਾਮੁ ਧਿਆਇਨਿ ਤਿਨ ਨਿਜ ਘਰਿ ਵਾਸੁ ਹੈ ਜੁਗੁ ਜੁਗੁ ਸੋਭਾ ਹੋਇ ॥੨॥
-
ਪਉੜੀ ॥ ਤੂ ਕਰਣ ਕਾਰਣ ਸਮਰਥੁ ਹਹਿ ਕਰਤੇ ਮੈ ਤੁਝ ਬਿਨੁ ਅਵਰੁ ਨ ਕੋਈ ॥ ਤੁਧੁ ਆਪੇ ਸਿਸਟਿ ਸਿਰਜੀਆ ਆਪੇ ਫੁਨਿ ਗੋਈ ॥ਸਭੁ ਇਕੋ ਸਬਦੁ ਵਰਤਦਾ ਜੋ ਕਰੇ ਸੁ ਹੋਈ ॥ ਵਡਿਆਈ ਗੁਰਮੁਖਿ ਦੇਇ ਪ੍ਰਭੁ ਹਰਿ ਪਾਵੈ ਸੋਈ ॥ਗੁਰਮੁਖਿ ਨਾਨਕ ਆਰਾਧਿਆ ਸਭਿ ਆਖਹੁ ਧੰਨੁ ਧੰਨੁ ਧੰਨੁ ਗੁਰੁ ਸੋਈ ॥੨੯॥੧॥ ਸੁਧੁ