page 722
-
ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥ ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥
-
ਤਿਲੰਗ ਮਹਲਾ ੧ ॥ ਜੈਸੀ ਮੈ ਆਵੈ ਖਸਮ ਕੀ ਬਾਣੀ ਤੈਸੜਾ ਕਰੀ ਗਿਆਨੁ ਵੇ ਲਾਲੋ ॥ ਪਾਪ ਕੀ ਜੰਞ ਲੈ ਕਾਬਲਹੁ ਧਾਇਆ ਜੋਰੀ ਮੰਗੈ ਦਾਨੁ ਵੇ ਲਾਲੋ ॥ ਸਰਮੁ ਧਰਮੁ ਦੁਇ ਛਪਿ ਖਲੋਏ ਕੂੜੁ ਫਿਰੈ ਪਰਧਾਨੁ ਵੇ ਲਾਲੋ ॥ ਕਾਜੀਆ ਬਾਮਣਾ ਕੀ ਗਲ ਥਕੀ ਅਗਦੁ ਪੜੈ ਸੈਤਾਨੁ ਵੇ ਲਾਲੋ ॥ ਮੁਸਲਮਾਨੀਆ ਪੜਹਿ ਕਤੇਬਾ ਕਸਟ ਮਹਿ ਕਰਹਿ ਖੁਦਾਇ ਵੇ ਲਾਲੋ ॥ ਜਾਤਿ ਸਨਾਤੀ ਹੋਰਿ ਹਿਦਵਾਣੀਆ ਏਹਿ ਭੀ ਲੇਖੈ ਲਾਇ ਵੇ ਲਾਲੋ ॥ ਖੂਨ ਕੇ ਸੋਹਿਲੇ ਗਾਵੀਅਹਿ ਨਾਨਕ ਰਤੁ ਕਾ ਕੁੰਗੂ ਪਾਇ ਵੇ ਲਾਲੋ ॥੧॥ ਸਾਹਿਬ ਕੇ ਗੁਣ ਨਾਨਕੁ ਗਾਵੈ ਮਾਸ ਪੁਰੀ ਵਿਚਿ ਆਖੁ ਮਸੋਲਾ ॥ ਜਿਨਿ ਉਪਾਈ ਰੰਗਿ ਰਵਾਈ ਬੈਠਾ ਵੇਖੈ ਵਖਿ ਇਕੇਲਾ ॥ ਸਚਾ ਸੋ ਸਾਹਿਬੁ ਸਚੁ ਤਪਾਵਸੁ ਸਚੜਾ ਨਿਆਉ ਕਰੇਗੁ ਮਸੋਲਾ ॥ ਕਾਇਆ ਕਪੜੁ ਟੁਕੁ ਟੁਕੁ ਹੋਸੀ ਹਿਦੁਸਤਾਨੁ ਸਮਾਲਸੀ ਬੋਲਾ ॥ ਆਵਨਿ ਅਠਤਰੈ ਜਾਨਿ ਸਤਾਨਵੈ ਹੋਰੁ ਭੀ ਉਠਸੀ ਮਰਦ ਕਾ ਚੇਲਾ ॥ ਸਚ ਕੀ ਬਾਣੀ ਨਾਨਕੁ ਆਖੈ ਸਚੁ ਸੁਣਾਇਸੀ ਸਚ ਕੀ ਬੇਲਾ ॥੨॥੩॥੫॥