page 730
-
ਸੂਹੀ ਮਹਲਾ ੧ ॥ ਭਾਂਡਾ ਹਛਾ ਸੋਇ ਜੋ ਤਿਸੁ ਭਾਵਸੀ ॥ ਭਾਂਡਾ ਅਤਿ ਮਲੀਣੁ ਧੋਤਾ ਹਛਾ ਨ ਹੋਇਸੀ ॥ ਗੁਰੂ ਦੁਆਰੈ ਹੋਇ ਸੋਝੀ ਪਾਇਸੀ ॥ ਏਤੁ ਦੁਆਰੈ ਧੋਇ ਹਛਾ ਹੋਇਸੀ ॥ ਮੈਲੇ ਹਛੇ ਕਾ ਵੀਚਾਰੁ ਆਪਿ ਵਰਤਾਇਸੀ ॥ ਮਤੁ ਕੋ ਜਾਣੈ ਜਾਇ ਅਗੈ ਪਾਇਸੀ ॥ ਜੇਹੇ ਕਰਮ ਕਮਾਇ ਤੇਹਾ ਹੋਇਸੀ ॥ ਅੰਮ੍ਰਿਤੁ ਹਰਿ ਕਾ ਨਾਉ ਆਪਿ ਵਰਤਾਇਸੀ ॥ ਚਲਿਆ ਪਤਿ ਸਿਉ ਜਨਮੁ ਸਵਾਰਿ ਵਾਜਾ ਵਾਇਸੀ ॥ ਮਾਣਸੁ ਕਿਆ ਵੇਚਾਰਾ ਤਿਹੁ ਲੋਕ ਸੁਣਾਇਸੀ ॥ ਨਾਨਕ ਆਪਿ ਨਿਹਾਲ ਸਭਿ ਕੁਲ ਤਾਰਸੀ ॥੧॥੪॥੬॥
-
ਸੂਹੀ ਮਹਲਾ ੧ ॥ ਜੋਗੀ ਹੋਵੈ ਜੋਗਵੈ ਭੋਗੀ ਹੋਵੈ ਖਾਇ ॥ ਤਪੀਆ ਹੋਵੈ ਤਪੁ ਕਰੇ ਤੀਰਥਿ ਮਲਿ ਮਲਿ ਨਾਇ ॥੧॥ ਤੇਰਾ ਸਦੜਾ ਸੁਣੀਜੈ ਭਾਈ ਜੇ ਕੋ ਬਹੈ ਅਲਾਇ ॥੧॥ ਰਹਾਉ ॥ ਜੈਸਾ ਬੀਜੈ ਸੋ ਲੁਣੇ ਜੋ ਖਟੇ ਸ ਖਾਇ ॥ ਅਗੈ ਪੁਛ ਨ ਹੋਵਈ ਜੇ ਸਣੁ ਨੀਸਾਣੈ ਜਾਇ ॥੨॥ ਤੈਸੋ ਜੈਸਾ ਕਾਢੀਐ ਜੈਸੀ ਕਾਰ ਕਮਾਇ ॥ ਜੋ ਦਮੁ ਚਿਤਿ ਨ ਆਵਈ ਸੋ ਦਮੁ ਬਿਰਥਾ ਜਾਇ ॥੩॥ ਇਹੁ ਤਨੁ ਵੇਚੀ ਬੈ ਕਰੀ ਜੇ ਕੋ ਲਏ ਵਿਕਾਇ ॥ ਨਾਨਕ ਕੰਮਿ ਨ ਆਵਈ ਜਿਤੁ ਤਨਿ ਨਾਹੀ ਸਚਾ ਨਾਉ ॥੪॥੫॥੭॥
-
ਸੂਹੀ ਮਹਲਾ ੧ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਜੋਗੁ ਨ ਖਿੰਥਾ ਜੋਗੁ ਨ ਡੰਡੈ ਜੋਗੁ ਨ ਭਸਮ ਚੜਾਈਐ ॥ ਜੋਗੁ ਨ ਮੁੰਦੀ ਮੂੰਡਿ ਮੁਡਾਇਐ ਜੋਗੁ ਨ ਸਿੰਙੀ ਵਾਈਐ ॥ ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ ॥੧॥ ਗਲੀ ਜੋਗੁ ਨ ਹੋਈ ॥ ਏਕ ਦ੍ਰਿਸਟਿ ਕਰਿ ਸਮਸਰਿ ਜਾਣੈ ਜੋਗੀ ਕਹੀਐ ਸੋਈ ॥੧॥ ਰਹਾਉ ॥ ਜੋਗੁ ਨ ਬਾਹਰਿ ਮੜੀ ਮਸਾਣੀ ਜੋਗੁ ਨ ਤਾੜੀ ਲਾਈਐ ॥ ਜੋਗੁ ਨ ਦੇਸਿ ਦਿਸੰਤਰਿ ਭਵਿਐ ਜੋਗੁ ਨ ਤੀਰਥਿ ਨਾਈਐ ॥ ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ ॥੨॥ ਸਤਿਗੁਰੁ ਭੇਟੈ ਤਾ ਸਹਸਾ ਤੂਟੈ ਧਾਵਤੁ ਵਰਜਿ ਰਹਾਈਐ ॥ ਨਿਝਰੁ ਝਰੈ ਸਹਜ ਧੁਨਿ ਲਾਗੈ ਘਰ ਹੀ ਪਰਚਾ ਪਾਈਐ ॥ ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ ॥੩॥ ਨਾਨਕ ਜੀਵਤਿਆ ਮਰਿ ਰਹੀਐ ਐਸਾ ਜੋਗੁ ਕਮਾਈਐ ॥ ਵਾਜੇ ਬਾਝਹੁ ਸਿੰਙੀ ਵਾਜੈ ਤਉ ਨਿਰਭਉ ਪਦੁ ਪਾਈਐ ॥ ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਤਉ ਪਾਈਐ ॥੪॥੧॥੮॥
-
ਸੂਹੀ ਮਹਲਾ ੧ ॥ ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥ ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥ ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥ ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥ ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥ ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥ ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥੩॥ ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥ ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ ॥੪॥੨॥੯॥