page 785
-
ੴ ਸਤਿਗੁਰ ਪ੍ਰਸਾਦਿ ॥ ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥ ਸਲੋਕੁ ਮਃ ੩ ॥ ਸੂਹੈ ਵੇਸਿ ਦੋਹਾਗਣੀ ਪਰ ਪਿਰੁ ਰਾਵਣ ਜਾਇ ॥ ਪਿਰੁ ਛੋਡਿਆ ਘਰਿ ਆਪਣੈ ਮੋਹੀ ਦੂਜੈ ਭਾਇ ॥ ਮਿਠਾ ਕਰਿ ਕੈ ਖਾਇਆ ਬਹੁ ਸਾਦਹੁ ਵਧਿਆ ਰੋਗੁ ॥ ਸੁਧੁ ਭਤਾਰੁ ਹਰਿ ਛੋਡਿਆ ਫਿਰਿ ਲਗਾ ਜਾਇ ਵਿਜੋਗੁ ॥ ਗੁਰਮੁਖਿ ਹੋਵੈ ਸੁ ਪਲਟਿਆ ਹਰਿ ਰਾਤੀ ਸਾਜਿ ਸੀਗਾਰਿ ॥ ਸਹਜਿ ਸਚੁ ਪਿਰੁ ਰਾਵਿਆ ਹਰਿ ਨਾਮਾ ਉਰ ਧਾਰਿ ॥ ਆਗਿਆਕਾਰੀ ਸਦਾ ਸਹਾਗਣਿ ਆਪਿ ਮੇਲੀ ਕਰਤਾਰਿ ॥ ਨਾਨਕ ਪਿਰੁ ਪਾਇਆ ਹਰਿ ਸਾਚਾ ਸਦਾ ਸਹਾਗਣਿ ਨਾਰਿ ॥੧॥
-
ਮਃ ੩ ॥ ਸੂਹਵੀਏ ਨਿਮਾਣੀਏ ਸੋ ਸਹੁ ਸਦਾ ਸਮ੍ਹ੍ਹਾਲਿ ॥ ਨਾਨਕ ਜਨਮੁ ਸਵਾਰਹਿ ਆਪਣਾ ਕੁਲੁ ਭੀ ਛੁਟੀ ਨਾਲਿ ॥੨॥
-
ਪਉੜੀ ॥ ਆਪੇ ਤਖਤੁ ਰਚਾਇਓਨੁ ਆਕਾਸ ਪਤਾਲਾ ॥ ਹੁਕਮੇ ਧਰਤੀ ਸਾਜੀਅਨੁ ਸਚੀ ਧਰਮ ਸਾਲਾ ॥ ਆਪਿ ਉਪਾਇ ਖਪਾਇਦਾ ਸਚੇ ਦੀਨ ਦਇਆਲਾ ॥ ਸਭਨਾ ਰਿਜਕੁ ਸੰਬਾਹਿਦਾ ਤੇਰਾ ਹੁਕਮੁ ਨਿਰਾਲਾ ॥ ਆਪੇ ਆਪਿ ਵਰਤਦਾ ਆਪੇ ਪ੍ਰਤਿਪਾਲਾ ॥੧॥
-
ਸਲੋਕੁ ਮਃ ੩ ॥ ਸੂਹਬ ਤਾ ਸੋਹਾਗਣੀ ਜਾ ਮੰਨਿ ਲੈਹਿ ਸਚੁ ਨਾਉ ॥ ਸਤਿਗੁਰੁ ਅਪਣਾ ਮਨਾਇ ਲੈ ਰੂਪੁ ਚੜੀ ਤਾ ਅਗਲਾ ਦੂਜਾ ਨਾਹੀ ਥਾਉ ॥ ਐਸਾ ਸੀਗਾਰੁ ਬਣਾਇ ਤੂ ਮੈਲਾ ਕਦੇ ਨ ਹੋਵਈ ਅਹਿਨਿਸਿ ਲਾਗੈ ਭਾਉ ॥ ਨਾਨਕ ਸੋਹਾਗਣਿ ਕਾ ਕਿਆ ਚਿਹਨੁ ਹੈ ਅੰਦਰਿ ਸਚੁ ਮੁਖੁ ਉਜਲਾ ਖਸਮੈ ਮਾਹਿ ਸਮਾਇ ॥੧॥
-
ਮਃ ੩ ॥ ਲੋਕਾ ਵੇ ਹਉ ਸੂਹਵੀ ਸੂਹਾ ਵੇਸੁ ਕਰੀ ॥ ਵੇਸੀ ਸਹੁ ਨ ਪਾਈਐ ਕਰਿ ਕਰਿ ਵੇਸ ਰਹੀ ॥ ਨਾਨਕ ਤਿਨੀ ਸਹੁ ਪਾਇਆ ਜਿਨੀ ਗੁਰ ਕੀ ਸਿਖ ਸੁਣੀ ॥ ਜੋ ਤਿਸੁ ਭਾਵੈ ਸੋ ਥੀਐ ਇਨ ਬਿਧਿ ਕੰਤ ਮਿਲੀ ॥੨॥