page 799
-
ਰਾਗੁ ਬਿਲਾਵਲੁ ਮਹਲਾ ੪ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਉਦਮ ਮਤਿ ਪ੍ਰਭ ਅੰਤਰਜਾਮੀ ਜਿਉ ਪ੍ਰੇਰੇ ਤਿਉ ਕਰਨਾ ॥ ਜਿਉ ਨਟੂਆ ਤੰਤੁ ਵਜਾਏ ਤੰਤੀ ਤਿਉ ਵਾਜਹਿ ਜੰਤ ਜਨਾ ॥੧॥ ਜਪਿ ਮਨ ਰਾਮ ਨਾਮੁ ਰਸਨਾ ॥ ਮਸਤਕਿ ਲਿਖਤ ਲਿਖੇ ਗੁਰੁ ਪਾਇਆ ਹਰਿ ਹਿਰਦੈ ਹਰਿ ਬਸਨਾ ॥੧॥ ਰਹਾਉ ॥ ਮਾਇਆ ਗਿਰਸਤਿ ਭ੍ਰਮਤੁ ਹੈ ਪ੍ਰਾਨੀ ਰਖਿ ਲੇਵਹੁ ਜਨੁ ਅਪਨਾ ॥ ਜਿਉ ਪ੍ਰਹਿਲਾਦੁ ਹਰਣਾਖਸਿ ਗ੍ਰਸਿਓ ਹਰਿ ਰਾਖਿਓ ਹਰਿ ਸਰਨਾ ॥੨॥ ਕਵਨ ਕਵਨ ਕੀ ਗਤਿ ਮਿਤਿ ਕਹੀਐ ਹਰਿ ਕੀਏ ਪਤਿਤ ਪਵੰਨਾ ॥ ਓਹੁ ਢੋਵੈ ਢੋਰ ਹਾਥਿ ਚਮੁ ਚਮਰੇ ਹਰਿ ਉਧਰਿਓ ਪਰਿਓ ਸਰਨਾ ॥੩॥ ਪ੍ਰਭ ਦੀਨ ਦਇਆਲ ਭਗਤ ਭਵ ਤਾਰਨ ਹਮ ਪਾਪੀ ਰਾਖੁ ਪਪਨਾ ॥ ਹਰਿ ਦਾਸਨ ਦਾਸ ਦਾਸ ਹਮ ਕਰੀਅਹੁ ਜਨ ਨਾਨਕ ਦਾਸ ਦਾਸੰਨਾ ॥੪॥੧॥
-
ਬਿਲਾਵਲੁ ਮਹਲਾ ੪ ॥ ਹਮ ਮੂਰਖ ਮੁਗਧ ਅਗਿਆਨ ਮਤੀ ਸਰਣਾਗਤਿ ਪੁਰਖ ਅਜਨਮਾ ॥ ਕਰਿ ਕਿਰਪਾ ਰਖਿ ਲੇਵਹੁ ਮੇਰੇ ਠਾਕੁਰ ਹਮ ਪਾਥਰ ਹੀਨ ਅਕਰਮਾ ॥੧॥ ਮੇਰੇ ਮਨ ਭਜੁ ਰਾਮ ਨਾਮੈ ਰਾਮਾ ॥ ਗੁਰਮਤਿ ਹਰਿ ਰਸੁ ਪਾਈਐ ਹੋਰਿ ਤਿਆਗਹੁ ਨਿਹਫਲ ਕਾਮਾ ॥੧॥ ਰਹਾਉ ॥ਹਰਿ ਜਨ ਸੇਵਕ ਸੇ ਹਰਿ ਤਾਰੇ ਹਮ ਨਿਰਗੁਨ ਰਾਖੁ ਉਪਮਾ ॥ ਤੁਝ ਬਿਨੁ ਅਵਰੁ ਨ ਕੋਈ ਮੇਰੇ ਠਾਕੁਰ ਹਰਿ ਜਪੀਐ ਵਡੇ ਕਰੰਮਾ ॥੨॥ ਨਾਮਹੀਨ ਧ੍ਰਿਗੁ ਜੀਵਤੇ ਤਿਨ ਵਡ ਦੂਖ ਸਹੰਮਾ ॥ ਓਇ ਫਿਰਿ ਫਿਰਿ ਜੋਨਿ ਭਵਾਈਅਹਿ ਮੰਦਭਾਗੀ ਮੂੜ ਅਕਰਮਾ ॥੩॥ ਹਰਿ ਜਨ ਨਾਮੁ ਅਧਾਰੁ ਹੈ ਧੁਰਿ ਪੂਰਬਿ ਲਿਖੇ ਵਡ ਕਰਮਾ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਜਨ ਨਾਨਕ ਸਫਲੁ ਜਨੰਮਾ ॥੪॥੨॥
-
ਬਿਲਾਵਲੁ ਮਹਲਾ ੪ ॥ ਹਮਰਾ ਚਿਤੁ ਲੁਭਤ ਮੋਹਿ ਬਿਖਿਆ ਬਹੁ ਦੁਰਮਤਿ ਮੈਲੁ ਭਰਾ ॥ ਤੁਮ੍ਹ੍ਹਰੀ ਸੇਵਾ ਕਰਿ ਨ ਸਕਹ ਪ੍ਰਭ ਹਮ ਕਿਉ ਕਰਿ ਮੁਗਧ ਤਰਾ ॥੧॥ ਮੇਰੇ ਮਨ ਜਪਿ ਨਰਹਰ ਨਾਮੁ ਨਰਹਰਾ ॥ ਜਨ ਊਪਰਿ ਕਿਰਪਾ ਪ੍ਰਭਿ ਧਾਰੀ ਮਿਲਿ ਸਤਿਗੁਰ ਪਾਰਿ ਪਰਾ ॥੧॥ ਰਹਾਉ ॥ਹਮਰੇ ਪਿਤਾ ਠਾਕੁਰ ਪ੍ਰਭ ਸੁਆਮੀ ਹਰਿ ਦੇਹੁ ਮਤੀ ਜਸੁ ਕਰਾ ॥ ਤੁਮ੍ਹ੍ਹਰੈ ਸੰਗਿ ਲਗੇ ਸੇ ਉਧਰੇ ਜਿਉ ਸੰਗਿ ਕਾਸਟ ਲੋਹ ਤਰਾ ॥੨॥ ਸਾਕਤ ਨਰ ਹੋਛੀ ਮਤਿ ਮਧਿਮ ਜਿਨ੍ਹ੍ਹ ਹਰਿ ਹਰਿ ਸੇਵ ਨ ਕਰਾ ॥ ਤੇ ਨਰ ਭਾਗਹੀਨ ਦੁਹਚਾਰੀ ਓਇ ਜਨਮਿ ਮੁਏ ਫਿਰਿ ਮਰਾ ॥੩॥ ਜਿਨ ਕਉ ਤੁਮ੍ਹ੍ਹ ਹਰਿ ਮੇਲਹੁ ਸੁਆਮੀ ਤੇ ਨ੍ਹ੍ਹਾਏ ਸੰਤੋਖ ਗੁਰ ਸਰਾ ॥ ਦੁਰਮਤਿ ਮੈਲੁ ਗਈ ਹਰਿ ਭਜਿਆ ਜਨ ਨਾਨਕ ਪਾਰਿ ਪਰਾ ॥੪॥੩॥